ਸੰਗਰੂਰ ਵਿਚ CM ਮਾਨ ਦੇ OSD ਦੇ ਘਰ ਵੀ ਪਹੁੰਚੀਆਂ CBI ਟੀਮਾਂ

ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਜਾਂਚ ਬਿਊਰੋ ਦੀਆਂ ਕਈ ਟੀਮਾਂ ਨੇ ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਹੈ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-2 ਸਥਿਤ ਕੋਠੀ ਨੰਬਰ 50 ਵਿੱਚ ਵੀ CBI ਦੀ ਟੀਮ ਵੱਲੋਂ ਰੇਡ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਿੱਚ ਵੀ ਜਾਂਚ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।

ਸੰਗਰੂਰ ਦੇ ਪਿੰਡ ਘਰਾਚੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਵੀਰ ਘੁੰਮਣ ਦੇ ਘਰ ਵੀ CBI ਦੀ ਕਾਰਵਾਈ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਦੇ ਨਾਲ ਹੀ ਮੁਹਾਲੀ ਦੇ ਫੇਜ਼-11 ਵਿੱਚ ਵੀ ਕੇਂਦਰੀ ਜਾਂਚ ਏਜੰਸੀ ਦੀ ਟੀਮ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਹੈ। ਪੰਜਾਬ ਵਿੱਚ ਕਈ ਹੋਰ ਥਾਵਾਂ ’ਤੇ ਵੀ CBI ਦੀ ਜਾਂਚ ਜਾਰੀ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ CBI ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਛਾਪੇਮਾਰੀ ਨਾਲ ਜੁੜੇ ਪੂਰੇ ਵੇਰਵੇ ਅਤੇ ਜਾਂਚ ਦਾ ਅਧਿਕਾਰਤ ਕਾਰਨ ਹਾਲੇ ਸਪੱਸ਼ਟ ਨਹੀਂ ਹੋਇਆ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪ੍ਰਤੀਕਿਰਿਆ ਦਿੰਦਿਆਂ ਦੋਸ਼ ਲਗਾਇਆ ਕਿ ਭਾਜਪਾ ਨੇ ਪੰਜਾਬ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੈਂਪ ਦਫ਼ਤਰ ਵਿੱਚ CBI ਦੀ ਰੇਡ ਕਰਵਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ED ਤੇ CBI ਦੀ ਵਰਤੋਂ ਕੀਤੀ ਜਾ ਸਕਦੀ ਹੈ।

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਨੂੰ ਦੇਖਦਿਆਂ ਭਾਜਪਾ ਘਬਰਾਹਟ ਵਿੱਚ ਹੈ ਅਤੇ ਇਸੇ ਕਾਰਨ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਕੀਤੀ ਜਾ ਰਹੀ ਹੈ।