ਬਲਵੰਤ ਸਿੰਘ ਰਾਜੋਆਣਾ ਮਾਮਲਾ: ਸਜ਼ਾ ਤਬਦੀਲੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਤੱਕ ਮੁਲਤਵੀ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ‘ਤੇ ਸੁਣਵਾਈ 28 ਅਕਤੂਬਰ ਲਈ ਨਿਰਧਾਰਤ ਕਰ ਦਿੱਤੀ ਹੈ, ਜਿਸ ਵਿੱਚ ਉਸ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਹੁਕਮ ਦਿੱਤਾ ਕਿ ਇਸ ਮਾਮਲੇ ਨੂੰ 28 ਅਕਤੂਬਰ ਨੂੰ ਸੁਣਵਾਈ ਲਈ ਬੋਰਡ ਵਿੱਚ ਤਰਜੀਹ ਨਾਲ ਸੂਚੀਬੱਧ ਕੀਤਾ ਜਾਵੇ। ਰਾਜੋਆਣਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਵਿੱਚ ਲਗਾਤਾਰ ਤਰੀਕਾਂ ਪੈ ਰਹੀਆਂ ਹਨ, ਇਸ ਲਈ ਜਲਦੀ ਸੁਣਵਾਈ ਕੀਤੀ ਜਾਵੇ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਵਧੀਕ ਸੌਲਿਸਟਰ ਜਨਰਲ ਕੇ.ਐੱਮ. ਨਟਰਾਜ ਨੇ ਤਿਆਰੀ ਲਈ ਕੁਝ ਹੋਰ ਸਮਾਂ ਮੰਗਿਆ, ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਅਗਲੀ ਤਾਰੀਖ ਨਿਰਧਾਰਤ ਕੀਤੀ।

ਰਾਜੋਆਣਾ ਨੇ ਆਪਣੀ ਅਰਜ਼ੀ ਵਿੱਚ ਦਲੀਲ ਦਿੱਤੀ ਹੈ ਕਿ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਪਈ ਰਹਿਮ ਦੀ ਅਪੀਲ ‘ਤੇ ਫ਼ੈਸਲਾ ਨਾ ਹੋਣ ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਜਾਣਾ ਚਾਹੀਦਾ ਹੈ। ਉਸ ਦਾ ਕਹਿਣਾ ਹੈ ਕਿ ਉਹ 29 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ ਅਤੇ 17 ਸਾਲ ਤੋਂ ਵੱਧ ਸਮੇਂ ਤੋਂ ਮੌਤ ਦੀ ਸਜ਼ਾ ਵਾਲੇ ਕੈਦੀ ਵਜੋਂ ਰਹਿ ਰਿਹਾ ਹੈ।

ਸੁਪਰੀਮ ਕੋਰਟ ਪਹਿਲਾਂ ਵੀ ਕੇਂਦਰ ਸਰਕਾਰ ਨੂੰ ਰਹਿਮ ਅਪੀਲ ਬਾਰੇ ਫ਼ੈਸਲਾ ਕਰਨ ਲਈ ਕਹਿ ਚੁੱਕੀ ਹੈ। ਜਨਵਰੀ 2024 ਵਿੱਚ ਵੀ ਅਦਾਲਤ ਨੇ ਕੇਂਦਰ ਨੂੰ ਇਸ ਸਬੰਧੀ ਫ਼ੈਸਲਾ ਲੈਣ ਲਈ ਕਿਹਾ ਸੀ, ਜਦੋਂ ਸਰਕਾਰ ਨੇ ਹੋਰ ਸਮਾਂ ਮੰਗਿਆ ਸੀ। ਕੇਂਦਰ ਦਾ ਪੱਖ ਰਿਹਾ ਹੈ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਕਿਉਂਕਿ ਇਹ ਇੱਕ ਸਾਬਕਾ ਮੁੱਖ ਮੰਤਰੀ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ।

ਆਪਣੀ ਪਟੀਸ਼ਨ ਵਿੱਚ ਰਾਜੋਆਣਾ ਨੇ ਦਾਅਵਾ ਕੀਤਾ ਹੈ ਕਿ ਰਹਿਮ ਅਪੀਲ ਦੇ ਨਿਪਟਾਰੇ ਵਿੱਚ ਹੋਈ ਅਸਧਾਰਨ ਦੇਰੀ ਉਸ ਦੀ ਸਜ਼ਾ ਘਟਾਉਣ ਦਾ ਆਧਾਰ ਬਣਦੀ ਹੈ। ਉਸ ਨੇ ਇਹ ਵੀ ਕਿਹਾ ਹੈ ਕਿ ਉਹ ਲੰਮਾ ਸਮਾਂ ਫਾਂਸੀ ਵਾਲੀ ਕੋਠੜੀ ਵਿੱਚ ਬਿਤਾ ਚੁੱਕਾ ਹੈ, ਜਿਸ ਵਿੱਚ ਇਕਾਂਤ ਕੈਦ ਦਾ ਸਮਾਂ ਵੀ ਸ਼ਾਮਲ ਹੈ।

ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੂੰ 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਹੋਏ ਬੰਬ ਧਮਾਕੇ ਵਿੱਚ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਨੇ 2007 ਵਿੱਚ ਇਹ ਸਜ਼ਾ ਸੁਣਾਈ ਸੀ, ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2010 ਵਿੱਚ ਬਰਕਰਾਰ ਰੱਖਿਆ ਸੀ।

ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ, ਪਰ ਐਸਜੀਪੀਸੀ ਵੱਲੋਂ ਦਾਇਰ ਰਹਿਮ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ 28 ਮਾਰਚ 2012 ਨੂੰ ਫਾਂਸੀ ‘ਤੇ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਰਹਿਮ ਅਪੀਲ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ।

ਕੇਂਦਰ ਸਰਕਾਰ ਨੇ ਸਤੰਬਰ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਸੀ, ਪਰ ਇਹ ਫ਼ੈਸਲਾ ਅਜੇ ਤੱਕ ਲਾਗੂ ਨਹੀਂ ਹੋ ਸਕਿਆ। ਹੁਣ ਇਸ ਮਾਮਲੇ ਵਿੱਚ ਅਗਲੀ ਅਹਿਮ ਸੁਣਵਾਈ 28 ਅਕਤੂਬਰ ਨੂੰ ਹੋਵੇਗੀ।