ਪੰਜਾਬ ਸਰਕਾਰ ਨੂੰ ਝਟਕਾ! CBI ਜਾਂਚ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਇੱਕ ਦਿਨ ਟਲੀ

ਪੰਜਾਬ ਵਿੱਚ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਸੀਬੀਆਈ ਨੂੰ ਸੌਂਪਣ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਸਪੈਸ਼ਲ ਲੀਵ ਪਟੀਸ਼ਨ (SLP) ’ਤੇ ਅੱਜ ਹੋਣ ਵਾਲੀ ਸੁਣਵਾਈ ਮੁਲਤਵੀ ਹੋ ਗਈ ਹੈ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਕੱਲ੍ਹ ਹੋਵੇਗੀ।

ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਉਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ, ਜਿਸ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਲੈਣ-ਦੇਣ, ਨੀਤੀਆਂ ਵਿੱਚ ਪੱਖਪਾਤ ਅਤੇ ਟੈਂਡਰਾਂ ਨਾਲ ਜੁੜੇ ਰਿਸ਼ਵਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਤੁਰੰਤ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਵਿਕਾਸ ਸਿੰਘ ਨੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਨਘੜਤ ਮਾਮਲੇ ਉਠਾਏ ਜਾ ਰਹੇ ਹਨ। ਉਨ੍ਹਾਂ ਨੇ ਸੀਬੀਆਈ ਜਾਂਚ ਨੂੰ ਸੰਘੀ ਢਾਂਚੇ ਨਾਲ ਜੁੜਿਆ ਮੁੱਦਾ ਵੀ ਦੱਸਿਆ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਦਲੀਲ ਦਿੱਤੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਵੰਬਰ 2020 ਵਿੱਚ ਪੰਜਾਬ ਵਿੱਚ ਜਾਂਚ ਲਈ ਸੀਬੀਆਈ ਨੂੰ ਦਿੱਤੀ ‘ਆਮ ਸਹਿਮਤੀ’ ਵਾਪਸ ਲੈ ਲਈ ਸੀ। ਉਨ੍ਹਾਂ ਮੁਤਾਬਕ ਇਸ ਕਾਰਨ ਸੀਬੀਆਈ ਦੇ ਅਧਿਕਾਰ ਖੇਤਰ ਨੂੰ ਲੈ ਕੇ ਸਵਾਲ ਖੜ੍ਹੇ ਹੁੰਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਨਿਖਿਲ ਸਰਾਫ਼ ਵੱਲੋਂ ਦਾਇਰ ਲੋਕ ਹਿਤ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦਿਆਂ ਸੀਬੀਆਈ ਨੂੰ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਜਾਂਚ ਦੀ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਪੇਸ਼ ਕਰਨ ਲਈ ਵੀ ਕਿਹਾ ਸੀ।

ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਸੀ ਕਿ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਨਾਂ ਸਾਹਮਣੇ ਆਉਣ ਕਾਰਨ ਪੰਜਾਬ ਪੁਲੀਸ ਵੱਲੋਂ ਨਿਰਪੱਖ ਜਾਂਚ ਕਰਨਾ ਮੁਸ਼ਕਲ ਹੋ ਸਕਦਾ ਹੈ। ਇਸੇ ਕਾਰਨ ਜਾਂਚ ਸੀਬੀਆਈ ਨੂੰ ਸੌਂਪਣ ਦਾ ਫ਼ੈਸਲਾ ਕੀਤਾ ਗਿਆ।

ਅਦਾਲਤ ਨੇ ਈਡੀ ਵੱਲੋਂ ਪੀਐਮਐਲਏ ਦੀ ਧਾਰਾ 66(2) ਤਹਿਤ ਪੰਜਾਬ ਪੁਲੀਸ ਨਾਲ ਸਾਂਝੀ ਕੀਤੀ ਜਾਣਕਾਰੀ ਦੇ ਆਧਾਰ ’ਤੇ ਸੀਬੀਆਈ ਨੂੰ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਪਹਿਲਾ ਪੱਤਰ 30 ਜੁਲਾਈ ਨੂੰ ਭੇਜਿਆ ਗਿਆ ਸੀ ਅਤੇ ਇਸ ਤੋਂ ਬਾਅਦ ਦੋ ਹੋਰ ਪੱਤਰ ਵੀ ਭੇਜੇ ਗਏ ਸਨ।

ਹਾਈ ਕੋਰਟ ਨੇ ਕਿਹਾ ਸੀ ਕਿ ਦੋ ਮਹੀਨੇ ਬੀਤਣ ਦੇ ਬਾਵਜੂਦ ਪੰਜਾਬ ਪੁਲੀਸ ਵੱਲੋਂ ਐਫਆਈਆਰ ਦਰਜ ਨਹੀਂ ਕੀਤੀ ਗਈ ਅਤੇ ਹੁਣ ਤੱਕ ਕੀਤੀ ਗਈ ਕਾਰਵਾਈ ਤਸੱਲੀਬਖ਼ਸ਼ ਨਹੀਂ ਰਹੀ। ਨਿਖਿਲ ਸਰਾਫ਼ ਦੀ ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ ਅਤੇ ਉੱਚ ਅਧਿਕਾਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ਈਡੀ ਵੱਲੋਂ ਵੀ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਹੋਰ ਲੈਣ-ਦੇਣ ਵਿੱਚ ਕਥਿਤ ਭ੍ਰਿਸ਼ਟਾਚਾਰ ਸਬੰਧੀ ਪੰਜਾਬ ਦੇ ਡੀਜੀਪੀ ਨੂੰ ਤਿੰਨ ਪੱਤਰ ਭੇਜੇ ਗਏ ਸਨ।