ਮਾਨਸਾ ਵਿੱਚ ਭਾਰੀ ਮੀਂਹ, ਕਈ ਇਲਾਕਿਆਂ ’ਚ ਜਲਥਲ ਦੀ ਸਥਿਤੀ

ਮਾਨਸਾ ਇਲਾਕੇ ਵਿੱਚ ਅੱਜ ਸਵੇਰੇ ਹੋਈ ਭਾਰੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। ਸੜਕਾਂ ’ਤੇ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਬਾਜ਼ਾਰ ਵੀ ਨਹੀਂ ਖੁੱਲ੍ਹ ਸਕੇ।

ਮੀਂਹ ਦਾ ਅਸਰ ਕਿਸਾਨਾਂ ’ਤੇ ਵੀ ਪਿਆ। ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪਿਆ ਝੋਨਾ ਭਿੱਜ ਗਿਆ, ਜਦਕਿ ਖੇਤਾਂ ਵਿੱਚ ਝੋਨੇ ਦੀ ਵਾਢੀ ਦਾ ਕੰਮ ਰੁਕ ਗਿਆ। ਇਸ ਤੋਂ ਇਲਾਵਾ ਨਰਮੇ ਦੀ ਚੁਗਾਈ ਵੀ ਪ੍ਰਭਾਵਿਤ ਹੋਈ ਹੈ।

ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪੁਖ਼ਤਾ ਪ੍ਰਬੰਧ ਹੋਣ ਦੇ ਮਾਨਸਾ ਪ੍ਰਸ਼ਾਸਨ ਦੇ ਦਾਅਵਿਆਂ ਦੇ ਬਾਵਜੂਦ ਸ਼ਹਿਰ ਵਿੱਚ ਪਾਣੀ ਭਰਨ ਦੀ ਸਥਿਤੀ ਸਾਹਮਣੇ ਆਈ ਹੈ। ਇਸ ਕਾਰਨ ਪ੍ਰਸ਼ਾਸਨ ਦੇ ਮੀਂਹ ਨਾਲ ਨਜਿੱਠਣ ਦੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ।