ਪੰਜਾਬੀ ਗਾਇਕ ਗੁਰਦਾਸ ਮਾਨ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿੱਚ ਚੱਲ ਰਹੇ ਧਰਨੇ ਦੇ ਮੱਦੇਨਜ਼ਰ ਆਪਣਾ ਅੰਮ੍ਰਿਤਸਰ ਵਿੱਚ ਹੋਣ ਵਾਲਾ ਲਾਈਵ ਸ਼ੋਅ ਮੁਲਤਵੀ ਕਰ ਦਿੱਤਾ ਹੈ। ਇਹ ਪ੍ਰੋਗਰਾਮ 25 ਅਕਤੂਬਰ 2026, ਦਿਨ ਐਤਵਾਰ ਦੀ ਸ਼ਾਮ ਨੂੰ ਹੋਣਾ ਸੀ। ਸ਼ੋਅ ਮੁਲਤਵੀ ਕਰਨ ਸਬੰਧੀ ਇੱਕ ਪੋਸਟ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪ੍ਰਬੰਧਕਾਂ ਵੱਲੋਂ ਇਸ ਫ਼ੈਸਲੇ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਪੋਸਟ ਵਿੱਚ ਕਿਹਾ ਗਿਆ ਹੈ ਕਿ ਬਹੁਤ ਦੁਖੀ ਮਨ ਨਾਲ ਪ੍ਰਸ਼ੰਸਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 25 ਅਕਤੂਬਰ 2026 ਨੂੰ ਅੰਮ੍ਰਿਤਸਰ ਵਿੱਚ ਹੋਣ ਵਾਲਾ ਗੁਰਦਾਸ ਮਾਨ ਦਾ ਲਾਈਵ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਕਾਰਨ ਹੋਣ ਵਾਲੀ ਅਸੁਵਿਧਾ ਲਈ ਪ੍ਰਬੰਧਕਾਂ ਨੇ ਮੁਆਫ਼ੀ ਮੰਗੀ ਹੈ ਅਤੇ ਪ੍ਰਸ਼ੰਸਕਾਂ ਦੇ ਪਿਆਰ, ਸਬਰ ਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਨਾਲ ਹੀ ਦੱਸਿਆ ਗਿਆ ਹੈ ਕਿ ਸ਼ੋਅ ਦੀ ਨਵੀਂ ਤਰੀਕ ਦਾ ਐਲਾਨ ਜਲਦ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਕੈਮਿਸਟਾਂ ਦੀਆਂ ਦੁਕਾਨਾਂ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾਉਣ ਕਾਰਨ ਚਰਚਾ ਵਿੱਚ ਰਹਿੰਦਾ ਸੀ। 13 ਅਕਤੂਬਰ ਨੂੰ ਮਾਨਸਾ ਦੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਸਥਿਤ ਮੈਡੀਕਲ ਸਟੋਰ ਦੇ ਅੰਦਰ ਉਸ ਨੂੰ ਦਿਨ-ਦਿਹਾੜੇ ਗੋਲੀ ਮਾਰ ਦਿੱਤੀ ਗਈ ਸੀ। ਜਾਣਕਾਰੀ ਮੁਤਾਬਕ, ਝੋਟਾ ਇੱਕ ਬਜ਼ੁਰਗ ਵਿਅਕਤੀ ਨੂੰ ਨਸ਼ੀਲੇ ਪਦਾਰਥ ਵੇਚਣ ਦੇ ਮਾਮਲੇ ਬਾਰੇ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਤੋਂ ਸਵਾਲ ਕਰ ਰਿਹਾ ਸੀ, ਜਿਸ ਦੌਰਾਨ ਉਸ ’ਤੇ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਝੋਟਾ ਫੇਸਬੁੱਕ ’ਤੇ ਲਾਈਵ ਸੀ। ਇਸ ਮਾਮਲੇ ਵਿੱਚ ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਝੋਟਾ ਦੇ ਕਤਲ ਤੋਂ ਛੇ ਦਿਨ ਬਾਅਦ ਵੀ ਉਸ ਦਾ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਹੀਂ ਹੋ ਸਕਿਆ ਸੀ। ਉਸ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਮਾਨਸਾ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ।







