ਤਖ਼ਤ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਦੀ ਪੁਰਾਣੀ ਵਿਵਸਥਾ ਮੁੜ ਬਹਾਲ, ਮਹਾਰਾਸ਼ਟਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਨਾਂਦੇੜ: ਮਹਾਰਾਸ਼ਟਰ ਸਰਕਾਰ ਨੇ ਬੰਬੇ ਹਾਈ ਕੋਰਟ ਦੇ ਔਰੰਗਾਬਾਦ ਬੈਂਚ ਵੱਲੋਂ ਜਾਰੀ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਗੁਰਦੁਆਰਾ ਬੋਰਡ ਨੂੰ ਮੁੜ ਪਹਿਲਾਂ ਵਾਲੀ ਸਥਿਤੀ ਵਿੱਚ ਬਹਾਲ ਕਰ ਦਿੱਤਾ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਮਾਲ ਅਤੇ ਜੰਗਲਾਤ ਵਿਭਾਗ ਵੱਲੋਂ 26 ਅਕਤੂਬਰ 2026 ਨੂੰ ਸਰਕਾਰੀ ਗਜ਼ਟ ਵਿੱਚ ਬਕਾਇਦਾ ਨੋਟੀਫਿਕੇਸ਼ਨ ਪ੍ਰਕਾਸ਼ਿਤ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਸਰਕਾਰ ਨੇ 8 ਮਾਰਚ 2019 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਐਕਟ, 1956 ਦੀਆਂ ਸਬੰਧਤ ਵਿਵਸਥਾਵਾਂ ਅਧੀਨ ਗੁਰਦੁਆਰਾ ਬੋਰਡ ਦਾ ਗਠਨ ਕੀਤਾ ਸੀ। ਇਸ ਦੇ ਨਾਲ ਹੀ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਵੀ ਕੀਤੀ ਗਈ ਸੀ।
ਹਾਲਾਂਕਿ 29 ਜੂਨ 2022 ਨੂੰ ਸੂਬਾ ਸਰਕਾਰ ਨੇ ਐਕਟ ਦੀ ਧਾਰਾ 53 ਦੀਆਂ ਉਪ-ਧਾਰਾਵਾਂ (1) ਅਤੇ (2) ਅਧੀਨ ਕਾਰਵਾਈ ਕਰਦਿਆਂ ਗੁਰਦੁਆਰਾ ਬੋਰਡ ਨੂੰ ਭੰਗ ਕਰਨ ਦਾ ਫ਼ੈਸਲਾ ਲਿਆ ਸੀ। ਇਸ ਤੋਂ ਬਾਅਦ ਤਖ਼ਤ ਸਾਹਿਬ ਦੇ ਪ੍ਰਬੰਧਕੀ ਕੰਮਕਾਜ ਨੂੰ ਚਲਾਉਣ ਲਈ ਸਰਕਾਰ ਵੱਲੋਂ ਵੱਖ-ਵੱਖ ਸਮੇਂ ’ਤੇ ਪ੍ਰਸ਼ਾਸਕ ਨਿਯੁਕਤ ਕੀਤੇ ਜਾਂਦੇ ਰਹੇ।
ਸਰਕਾਰ ਵੱਲੋਂ ਬੋਰਡ ਭੰਗ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਉਸ ਸਮੇਂ ਦੇ ਬੋਰਡ ਸਕੱਤਰ ਰਵਿੰਦਰ ਸਿੰਘ ਆਸ਼ਾ ਸਿੰਘ ਬੁੰਗਈ ਨੇ ਕਾਨੂੰਨੀ ਲੜਾਈ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਇਸ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਬੰਬੇ ਹਾਈ ਕੋਰਟ ਦੇ ਔਰੰਗਾਬਾਦ ਬੈਂਚ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ।
ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ 6 ਅਕਤੂਬਰ 2025 ਨੂੰ ਆਪਣਾ ਫ਼ੈਸਲਾ ਸੁਣਾਉਂਦਿਆਂ ਮਹਾਰਾਸ਼ਟਰ ਸਰਕਾਰ ਵੱਲੋਂ 29 ਜੂਨ 2022 ਨੂੰ ਜਾਰੀ ਕੀਤਾ ਗਿਆ ਬੋਰਡ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਸੀ। ਅਦਾਲਤ ਨੇ ਸੂਬਾ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਗੁਰਦੁਆਰਾ ਬੋਰਡ ਦੀ ਸਥਿਤੀ ਨੂੰ ਪਹਿਲਾਂ ਵਾਂਗ ਬਹਾਲ ਕੀਤਾ ਜਾਵੇ।
ਹੁਣ ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਮਹਾਰਾਸ਼ਟਰ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਗੁਰਦੁਆਰਾ ਬੋਰਡ ਨੂੰ ਮੁੜ ਬਹਾਲ ਕਰਨ ਦੀ ਕਾਰਵਾਈ ਕੀਤੀ ਹੈ। ਇਸ ਫ਼ੈਸਲੇ ਤਹਿਤ ਬੋਰਡ ਦੀ ਕਾਨੂੰਨੀ ਅਤੇ ਪ੍ਰਬੰਧਕੀ ਸਥਿਤੀ ਉਹੀ ਮੰਨੀ ਜਾਵੇਗੀ, ਜੋ 29 ਜੂਨ 2022 ਦੇ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਸੀ।
ਇਸ ਨਵੇਂ ਫ਼ੈਸਲੇ ਨਾਲ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ ਨੂੰ ਮੁੜ ਵਿਧੀਵਤ ਗਠਿਤ ਗੁਰਦੁਆਰਾ ਬੋਰਡ ਦੇ ਅਧੀਨ ਚਲਾਉਣ ਲਈ ਰਾਹ ਸਾਫ਼ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਬੋਰਡ ਦੀ ਬਹਾਲੀ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਸੀ। ਹੁਣ ਮਹਾਰਾਸ਼ਟਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨਾਲ ਇਸ ਮਾਮਲੇ ਵਿੱਚ ਇੱਕ ਮਹੱਤਵਪੂਰਨ ਪੜਾਅ ਪੂਰਾ ਹੋ ਗਿਆ ਹੈ।







