AAP MLAs Join BJP: ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ, ‘ਆਪ’ ਦੇ ਤਿੰਨ ਵਿਧਾਇਕ ਭਾਜਪਾ ’ਚ ਸ਼ਾਮਲ

AAP MLAs Join BJP: ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ, ‘ਆਪ’ ਦੇ ਤਿੰਨ ਵਿਧਾਇਕ ਭਾਜਪਾ ’ਚ ਸ਼ਾਮਲ

ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਲੀ ’ਚ ਫੜਿਆ ਭਾਜਪਾ ਦਾ ਪੱਲਾ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਸਿਆਸੀ ਝਟਕਾ ਲੱਗਾ ਹੈ। ਪਾਰਟੀ ਨਾਲ ਸਬੰਧਤ ਤਿੰਨ ਵਿਧਾਇਕਾਂ ਨੇ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਨ੍ਹਾਂ ਵਿੱਚ ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ, ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਲ ਹਨ।

ਤਿੰਨਾਂ ਆਗੂਆਂ ਨੇ ਦਿੱਲੀ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ, ਜਦਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਵਿਧਾਨ ਸਭਾ ਦੀ ਮੈਂਬਰੀ ਛੱਡਣ ਦੇ ਨਾਲ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ।

ਭਗਵੀਆਂ ਪੱਗਾਂ ਬੰਨ੍ਹ ਕੇ ਭਾਜਪਾ ’ਚ ਸ਼ਾਮਲ ਹੋਏ ਦੋਵੇਂ ਵਿਧਾਇਕ

ਭਾਜਪਾ ਵਿੱਚ ਸ਼ਮੂਲੀਅਤ ਮੌਕੇ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਭਗਵੇਂ ਰੰਗ ਦੀਆਂ ਪੱਗਾਂ ਵਿੱਚ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ ਆਗੂ ਆਮ ਆਦਮੀ ਪਾਰਟੀ ਦੇ ਬਸੰਤੀ ਰੰਗ ਨਾਲ ਜੁੜੇ ਹੋਏ ਸਨ।

ਸਿਆਸੀ ਸੂਤਰਾਂ ਮੁਤਾਬਕ ਦੋਵਾਂ ਵਿਧਾਇਕਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਕੋਈ ਖ਼ਾਸ ਸ਼ਰਤ ਨਹੀਂ ਰੱਖੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਵੀ ਉਨ੍ਹਾਂ ਨੂੰ ਅਗਲੀਆਂ ਚੋਣਾਂ ਲਈ ਟਿਕਟ ਦੇਣ ਦਾ ਕੋਈ ਭਰੋਸਾ ਨਹੀਂ ਦਿੱਤਾ ਗਿਆ।

ਸੂਤਰਾਂ ਅਨੁਸਾਰ ਭਾਜਪਾ ਦੀ ਕੌਮੀ ਲੀਡਰਸ਼ਿਪ ਨੇ ਪੰਜਾਬ ਇਕਾਈ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਆਗੂਆਂ ਦੇ ਜਨਤਕ ਅਕਸ ਨੂੰ ਧਿਆਨ ਵਿੱਚ ਰੱਖਣ ਲਈ ਕਿਹਾ ਹੈ।

ਹਰਮੀਤ ਪਠਾਣਮਾਜਰਾ ਨੇ 2022 ’ਚ ਵੱਡੇ ਫ਼ਰਕ ਨਾਲ ਜਿੱਤੀ ਸੀ ਚੋਣ

ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਦਾ ਕਰੀਬੀ ਮੰਨਿਆ ਜਾਂਦਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਉਹ ‘ਫੁੱਫੜ’ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ।

ਪਠਾਣਮਾਜਰਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਸਨੌਰ ਹਲਕੇ ਤੋਂ 49,122 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ।

ਸਤੰਬਰ 2025 ਵਿੱਚ ਉਨ੍ਹਾਂ ਦੀ ਸਾਬਕਾ ਪਤਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਪੰਜਾਬ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਸੀ। ਪੁਲੀਸ ਨੇ ਬਾਅਦ ਵਿੱਚ ਮਾਰਚ ਮਹੀਨੇ ਦੌਰਾਨ ਉਨ੍ਹਾਂ ਨੂੰ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਇਸ ਤੋਂ ਇਲਾਵਾ ਪਠਾਣਮਾਜਰਾ ਖ਼ਿਲਾਫ਼ ਪਟਿਆਲਾ ਜ਼ਿਲ੍ਹੇ ਵਿੱਚ ਕਥਿਤ ਗ਼ੈਰ-ਕਾਨੂੰਨੀ ਖਣਨ ਨਾਲ ਸਬੰਧਤ ਇੱਕ ਹੋਰ ਕੇਸ ਵੀ ਦਰਜ ਹੈ।

ਹਲਕਾ ਇੰਚਾਰਜੀ ਨੂੰ ਲੈ ਕੇ ਨਾਰਾਜ਼ ਚੱਲ ਰਹੇ ਸਨ ਜੌੜਾਮਾਜਰਾ

ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨਾਲ ਨਾਰਾਜ਼ ਦੱਸੇ ਜਾ ਰਹੇ ਸਨ।

ਉਨ੍ਹਾਂ ਦੀ ਨਾਰਾਜ਼ਗੀ ਦਾ ਇੱਕ ਮੁੱਖ ਕਾਰਨ ਸਮਾਣਾ ਹਲਕੇ ਦੀ ਇੰਚਾਰਜੀ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸੌਂਪੇ ਜਾਣ ਨੂੰ ਦੱਸਿਆ ਜਾ ਰਿਹਾ ਹੈ।

ਜੌੜਾਮਾਜਰਾ ਪੰਜਾਬ ਦੀ ‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਕੋਲ ਸਿਹਤ, ਬਾਗ਼ਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਵਰਗੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਰਹੀ ਹੈ।

ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 39,713 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।

ਹਸਪਤਾਲ ਦੇ ਗੱਦੇ ਵਾਲੇ ਮਾਮਲੇ ਕਾਰਨ ਆਏ ਸਨ ਚਰਚਾ ’ਚ

ਸਿਹਤ ਮੰਤਰੀ ਵਜੋਂ ਕਾਰਜਕਾਲ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਇੱਕ ਵਿਵਾਦ ਕਾਰਨ ਸੁਰਖ਼ੀਆਂ ਵਿੱਚ ਆਏ ਸਨ।

ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਤਤਕਾਲੀ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਹਸਪਤਾਲ ਦੇ ਗੰਦੇ ਗੱਦੇ ਉੱਤੇ ਲੇਟਣ ਲਈ ਕਿਹਾ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਦੇ ਵਤੀਰੇ ਨੂੰ ਲੈ ਕੇ ਸਿਆਸੀ ਅਤੇ ਜਨਤਕ ਪੱਧਰ ’ਤੇ ਵਿਵਾਦ ਖੜ੍ਹਾ ਹੋ ਗਿਆ ਸੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ।

ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਅਤੇ ਕੁਝ ਸਮੇਂ ਬਾਅਦ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪਹਿਲਾਂ ਹੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪੰਜ ਸਾਲਾਂ ਲਈ ਮੁਅੱਤਲ ਕੀਤਾ ਹੋਇਆ ਸੀ।

ਵਿਜੀਲੈਂਸ ਕਾਰਵਾਈ ’ਤੇ ਸਵਾਲ ਚੁੱਕਣ ਮਗਰੋਂ ਹੋਈ ਸੀ ਮੁਅੱਤਲੀ

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬੀਤੇ ਸਾਲ ਜੂਨ ਵਿੱਚ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਸੀ।

ਇਹ ਕਾਰਵਾਈ ਉਸ ਸਮੇਂ ਹੋਈ ਸੀ ਜਦੋਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਉੱਤੇ ਸਵਾਲ ਚੁੱਕੇ ਸਨ।

ਇਸ ਤੋਂ ਪਹਿਲਾਂ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਖ-ਵੱਖ ਮੁੱਦਿਆਂ ਉੱਤੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦੇ ਰਹੇ ਹਨ।

ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ’ਚ ਇਨਸਾਫ਼ ਦੀ ਕਰਦੇ ਰਹੇ ਮੰਗ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 2015 ਦੇ ਬੇਅਦਬੀ ਅਤੇ ਪੁਲੀਸ ਗੋਲੀਬਾਰੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਦੇ ਮੁੱਦੇ ਉੱਤੇ ਵੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ।

ਉਹ ਪੰਜਾਬ ਪੁਲੀਸ ਦੀ ਉਸ ਵਿਸ਼ੇਸ਼ ਜਾਂਚ ਟੀਮ ਦਾ ਹਿੱਸਾ ਰਹੇ ਹਨ, ਜਿਸ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕੀਤੀ ਸੀ।

ਉਨ੍ਹਾਂ ਨੇ ਵਿਧਾਨ ਸਭਾ ਵਿੱਚ ਵੀ ਕਈ ਵਾਰ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਨੂੰ ਉਠਾਇਆ ਅਤੇ ਪੀੜਤਾਂ ਲਈ ਇਨਸਾਫ਼ ਦੀ ਮੰਗ ਕੀਤੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 2021 ਵਿੱਚ ਪੁਲੀਸ ਸੇਵਾ ਤੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ।

ਤਿੰਨਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ।