ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਚੰਡੀਗੜ੍ਹ/ਚਮਕੌਰ ਸਾਹਿਬ (ਅੰਕੁਰ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦੇ ਮਾਹੌਲ ਤੋਂ ਬਾਹਰ ਕੱਢਣ ਦੀ ਲੋੜ ’ਤੇ ਜ਼ੋਰ ਦਿੱਤਾ। ਉਹ ਚਮਕੌਰ ਸਾਹਿਬ ਵਿਖੇ ‘ਜਵਾਨੀ ਸੰਭਾਲ ਯਾਤਰਾ’ ਦੀ ਸ਼ੁਰੂਆਤ ਮੌਕੇ ਆਯੋਜਿਤ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਪਰਗਟ ਸਿੰਘ ਨੇ ਕਿਹਾ ਕਿ ਇਸ ਯਾਤਰਾ ਦਾ ਮਕਸਦ ਪੰਜਾਬ ਦੇ ਪਾਣੀਆਂ, ਸੂਬੇ ਦੇ ਹੱਕਾਂ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਨ੍ਹਾਂ ਮੁੱਦਿਆਂ ’ਤੇ ਮਜ਼ਬੂਤੀ ਨਾਲ ਆਵਾਜ਼ ਉਠਾਏਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਏਕਤਾ, ਸਿੱਖੀ, ਪੰਜਾਬੀਅਤ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣਾ ਕਾਂਗਰਸ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਭਗਤ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਫ਼ ਪੀਲੀ ਪੱਗ ਬੰਨ੍ਹਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਜਾਂਦਾ, ਬਲਕਿ ਉਨ੍ਹਾਂ ਦੇ ਵਿਚਾਰਾਂ ਅਤੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣਾ ਵੀ ਜ਼ਰੂਰੀ ਹੈ।

ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ਯਾਤਰਾ ਦਾ ਸਮਰਥਨ ਕੀਤਾ ਅਤੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਇਸ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।