ਚੋਣਾਂ ਦੇ ਮੱਦੇਨਜ਼ਰ ਸਰਹੱਦਾਂ ਦੀ ਸੁਰੱਖਿਆ ਸਖ਼ਤ ਕਰਨ ਦੀ ਤਿਆਰੀ, IG ਭੁੱਲਰ ਦੀ ਅਗਵਾਈ ਹੇਠ ਅੰਤਰਰਾਜੀ ਪੁਲਸ ਦੀ ਅਹਿਮ ਮੀਟਿੰਗ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਅੰਤਰਰਾਜੀ ਪੁਲਸ ਤਾਲਮੇਲ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਰਹੱਦੀ ਸੂਬਿਆਂ ਦੀ ਪੁਲਸ ਵਿਚਕਾਰ ਆਪਸੀ ਸਹਿਯੋਗ ਵਧਾਉਣਾ ਅਤੇ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਂਝੀ ਰਣਨੀਤੀ ਤਿਆਰ ਕਰਨਾ ਸੀ। ਮੀਟਿੰਗ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ. ਅਤੇ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਕੀਤੀ ਗਈ।

ਇਸ ਮੌਕੇ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਸੂਬਿਆਂ ਦੀ ਪੁਲਸ ਵਿਚਕਾਰ ਮਜ਼ਬੂਤ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ, ਜਿਸ ਤਹਿਤ ਨਾਕਾਬੰਦੀ, ਵਾਹਨਾਂ ਦੀ ਜਾਂਚ ਅਤੇ ਪੈਟਰੋਲਿੰਗ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਵੀ ਲਗਾਤਾਰ ਨਜ਼ਰ ਰੱਖੀ ਜਾਵੇਗੀ।

ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ ਅਤੇ ਕਿਸੇ ਵੀ ਸੰਭਾਵਿਤ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਰਹਿਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਸ ਵੱਲੋਂ ਚੋਣਾਂ ਨੂੰ ਅਮਨ-ਅਮਾਨ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮਕਸਦ ਲਈ ਗੁਆਂਢੀ ਸੂਬਿਆਂ ਦੀ ਪੁਲਸ ਨਾਲ ਲਗਾਤਾਰ ਸੰਪਰਕ ਅਤੇ ਤਾਲਮੇਲ ਬਣਾਈ ਰੱਖਿਆ ਜਾਵੇਗਾ।