ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ, ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣ ਲਈ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਮਾਮਲੇ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਰਿਵਾਰ ਨੇ ਦਲੀਲ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਹੋਣਾ ਹੈ। ਇਸ ਲਈ ਸੰਸਦ ਮੈਂਬਰ ਨੂੰ ਪਰਿਵਾਰਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।
ਪਰਿਵਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਸਿਰਫ਼ ਇੱਕ ਦਿਨ ਲਈ ਅੰਤਰਿਮ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ ਹੈ।
ਸੁਰੱਖਿਆ ਦੇ ਹੋਣਗੇ ਸਖ਼ਤ ਪ੍ਰਬੰਧ
ਅਦਾਲਤ ਦੇ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਉਹ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੜ ਜੇਲ੍ਹ ਵਾਪਸ ਜਾਣਗੇ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਮਨੁੱਖੀ ਆਧਾਰ ‘ਤੇ ਪੈਰੋਲ ਦੀ ਮੰਗ ਕੀਤੀ ਗਈ ਸੀ। ਹੁਣ ਅਦਾਲਤ ਦੇ ਇਸ ਫੈਸਲੇ ਨਾਲ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ।







