ਖਿੱਚੋ ਤਿਆਰੀ ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵਿਭਾਗ ਨੇ ਕਰਤੀ ਮੀਂਹ ਦੀ ਭਵਿੱਖਬਾਣੀ

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਅੱਜ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਦੇਖਣ ਨੂੰ ਮਿਲੀ, ਜਦਕਿ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਦਰਜ ਕੀਤੀ ਗਈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਪੰਜ ਦਿਨਾਂ ਲਈ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖ਼ਾਸ ਤੌਰ ‘ਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਪੈ ਸਕਦੀ ਹੈ। ਇਸ ਤੋਂ ਇਲਾਵਾ ਸਵੇਰ ਅਤੇ ਰਾਤ ਦੇ ਸਮੇਂ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਵੀ ਪੈਣ ਦੇ ਆਸਾਰ ਹਨ।

14 ਨਵੰਬਰ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐੱਸ.ਏ.ਐੱਸ. ਨਗਰ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। 15 ਨਵੰਬਰ ਨੂੰ ਵੀ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਹਾਲਾਂਕਿ 16 ਨਵੰਬਰ ਤੋਂ ਮੌਸਮ ਵਿੱਚ ਮੁੜ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 16, 17 ਅਤੇ 18 ਨਵੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖ਼ੁਸ਼ਕ ਰਹਿ ਸਕਦਾ ਹੈ।

ਵਿਭਾਗ ਅਨੁਸਾਰ ਕਸ਼ਮੀਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਵਾਯੂਮੰਡਲ ਦੀਆਂ ਮੱਧਲੀਆਂ ਪਰਤਾਂ ਵਿੱਚ ਪੱਛਮੀ ਹਵਾਵਾਂ ਚੱਲ ਰਹੀਆਂ ਹਨ। ਇਸ ਮੌਸਮੀ ਸਿਸਟਮ ਦੇ ਪ੍ਰਭਾਵ ਕਾਰਨ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਇਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਮੌਸਮ ਖ਼ੁਸ਼ਕ ਰਹਿਣ ਦੇ ਆਸਾਰ ਹਨ।