ਹਰਦੀਪ ਸਿੰਘ ਪੁਰੀ ਨੇ ਛੱਡੀ ਰਾਜ ਸਭਾ ਦੀ ਪੁਰਾਣੀ ਸੀਟ, ਮੱਧ ਪ੍ਰਦੇਸ਼ ਤੋਂ ਹੋਈ ਨਵੀਂ ਚੋਣ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਸੀਟ ਤੋਂ ਦਿੱਤਾ ਅਸਤੀਫ਼ਾ, ਚੇਅਰਮੈਨ ਨੇ ਕੀਤਾ ਮਨਜ਼ੂਰ

ਨਵੀਂ ਦਿੱਲੀ: ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਹਰਦੀਪ ਸਿੰਘ ਪੁਰੀ ਨੇ ਸ਼ਨਿੱਚਰਵਾਰ ਨੂੰ ਉੱਤਰ ਪ੍ਰਦੇਸ਼ ਤੋਂ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਇਹ ਫ਼ੈਸਲਾ ਉਨ੍ਹਾਂ ਦੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਨਿਰਵਿਰੋਧ ਚੁਣੇ ਜਾਣ ਦੇ ਕੁਝ ਦਿਨਾਂ ਬਾਅਦ ਸਾਹਮਣੇ ਆਇਆ ਹੈ। ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ, ਜੋ 14 ਨਵੰਬਰ 2026 ਤੋਂ ਪ੍ਰਭਾਵੀ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁਰੀ ਦਾ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 25 ਨਵੰਬਰ ਨੂੰ ਸਮਾਪਤ ਹੋਣਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਹੀ 5 ਨਵੰਬਰ ਨੂੰ ਉਹ ਮੱਧ ਪ੍ਰਦੇਸ਼ ਦੀ ਖਾਲੀ ਹੋਈ ਰਾਜ ਸਭਾ ਸੀਟ ਲਈ ਬਿਨਾਂ ਕਿਸੇ ਮੁਕਾਬਲੇ ਚੁਣ ਲਏ ਗਏ ਸਨ। ਇਸ ਨਵੀਂ ਸੀਟ ਤੋਂ ਉਨ੍ਹਾਂ ਦਾ ਕਾਰਜਕਾਲ 2 ਅਪ੍ਰੈਲ 2030 ਤੱਕ ਜਾਰੀ ਰਹੇਗਾ।

ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ ਦੀ ਇਹ ਰਾਜ ਸਭਾ ਸੀਟ ਸਾਬਕਾ ਕੇਂਦਰੀ ਮੰਤਰੀ ਐੱਲ. ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ। ਮੁਰੂਗਨ ਨੇ ਪਿਛਲੇ ਮਹੀਨੇ ਆਪਣਾ ਅਹੁਦਾ ਛੱਡਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਕਦਮ ਤਾਮਿਲਨਾਡੂ ਵਿੱਚ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 2029 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਚੁੱਕਿਆ ਗਿਆ ਸੀ।

ਇਸ ਸਬੰਧੀ ਰਾਜ ਸਭਾ ਦੇ ਜਨਰਲ ਸਕੱਤਰ ਪੀ.ਸੀ. ਮੋਦੀ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਉੱਤਰ ਪ੍ਰਦੇਸ਼ ਦੀ ਨੁਮਾਇੰਦਗੀ ਕਰ ਰਹੇ ਰਾਜ ਸਭਾ ਮੈਂਬਰ ਹਰਦੀਪ ਸਿੰਘ ਪੁਰੀ ਨੇ ਆਪਣੀ ਸੀਟ ਤੋਂ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਰਾਜ ਸਭਾ ਦੇ ਚੇਅਰਮੈਨ ਨੇ ਇਸ ਨੂੰ 14 ਨਵੰਬਰ 2026 ਤੋਂ ਮਨਜ਼ੂਰੀ ਦੇ ਦਿੱਤੀ ਹੈ।

ਹਰਦੀਪ ਸਿੰਘ ਪੁਰੀ ਦੇ ਇਸ ਅਸਤੀਫ਼ੇ ਨਾਲ ਉੱਤਰ ਪ੍ਰਦੇਸ਼ ਤੋਂ ਉਨ੍ਹਾਂ ਦੀ ਰਾਜ ਸਭਾ ਮੈਂਬਰਸ਼ਿਪ ਖ਼ਤਮ ਹੋ ਗਈ ਹੈ, ਜਦਕਿ ਹੁਣ ਉਹ ਮੱਧ ਪ੍ਰਦੇਸ਼ ਦੀ ਨੁਮਾਇੰਦਗੀ ਕਰਦੇ ਹੋਏ ਸੰਸਦ ਦੇ ਉਪਰਲੇ ਸਦਨ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।