ਮੌੜ ਹਲਕੇ ’ਚ ਸਿਆਸੀ ਹਲਚਲ ਤੇਜ਼, ਮਾਈਸਰਖਾਨਾ ਵੱਲੋਂ ਚੋਣ ਮੈਦਾਨ ’ਚ ਉਤਰਨ ਦੇ ਸੰਕੇਤ

ਮੌੜ ਹਲਕੇ ’ਚ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼

ਮੌੜ ਹਲਕੇ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਆਮ ਆਦਮੀ ਪਾਰਟੀ ’ਚੋਂ ਮੁਅੱਤਲ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਹਰ ਹਾਲਤ ਵਿੱਚ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਹਾਲਾਂਕਿ ਉਨ੍ਹਾਂ ਨੇ ਅਜੇ ਆਪਣੀ ਪਾਰਟੀ ਜਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਬਾਰੇ ਸਪੱਸ਼ਟ ਨਹੀਂ ਕੀਤਾ।

ਜ਼ਿਕਰਯੋਗ ਹੈ ਕਿ 2022 ਦੀਆਂ ਚੋਣਾਂ ਵਿੱਚ ਮਾਈਸਰਖਾਨਾ ਨੇ ‘ਆਪ’ ਦੀ ਟਿਕਟ ’ਤੇ 63,099 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਸੀ, ਜਦਕਿ ਲੱਖਾ ਸਿਧਾਣਾ 28,091 ਵੋਟਾਂ ਨਾਲ ਦੂਜੇ ਸਥਾਨ ’ਤੇ ਰਹੇ ਸਨ।

ਉੱਧਰ ਆਮ ਆਦਮੀ ਪਾਰਟੀ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੈਦਾਨ ਵਿੱਚ ਉਤਾਰਨ ਦੀਆਂ ਚਰਚਾਵਾਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਵਾਰਿਸ ਪੰਜਾਬ ਦੇ ਅਕਾਲੀ ਦਲ ਵੱਲੋਂ ਲੱਖਾ ਸਿਧਾਣਾ ਦੀਆਂ ਸਰਗਰਮੀਆਂ ਵੀ ਹਲਕੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਵੱਖ-ਵੱਖ ਆਗੂਆਂ ਦੀ ਸਰਗਰਮੀ ਕਾਰਨ ਮੌੜ ਹਲਕੇ ਦਾ ਚੋਣ ਮੈਦਾਨ ਹੁਣ ਤੋਂ ਹੀ ਚਰਚਾ ਵਿੱਚ ਆ ਗਿਆ ਹੈ।