ਦਿੱਲੀ ਦੇ ਗੁਰਦੁਆਰੇ ’ਚ ਬੇਅਦਬੀ ਮਾਮਲਾ: ਜਥੇਦਾਰ ਵੱਲੋਂ ਸਮੁੱਚੀ ਪ੍ਰਬੰਧਕ ਕਮੇਟੀ 21 ਨਵੰਬਰ ਨੂੰ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਤੋਂ ਰਿਪੋਰਟ ਮੰਗਵਾਈ ਹੈ। ਇਸ ਤੋਂ ਇਲਾਵਾ ਦਿੱਲੀ ਦੀ ਸਿੱਖ ਸੰਗਤ ਵੱਲੋਂ ਵੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਭੇਜੀਆਂ ਗਈਆਂ ਹਨ।
ਪ੍ਰਾਪਤ ਰਿਪੋਰਟ ਅਤੇ ਸ਼ਿਕਾਇਤਾਂ ਅਨੁਸਾਰ ਘਟਨਾ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਥਿਤ ਲਾਪਰਵਾਹੀ ਵਰਤਣ ਦੇ ਦੋਸ਼ ਲੱਗੇ ਹਨ। ਇਸ ਕਾਰਨ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਇਸ ਮਾਮਲੇ ਵਿੱਚ ਜਥੇਦਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸਾਰੇ ਮੈਂਬਰਾਂ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਨਾਲ ਲਿਆਉਣ ਲਈ ਕਿਹਾ ਗਿਆ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਤਿਲਕ ਨਗਰ ਦੀ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਮਨਸ਼ਾ ਅਤੇ ਇਸ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਤਾ ਲੱਗਣਾ ਚਾਹੀਦਾ ਹੈ।
ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ। ਨਾਲ ਹੀ ਚਿਤਾਵਨੀ ਦਿੱਤੀ ਕਿ ਸੁਰੱਖਿਆ ਵਿੱਚ ਅਣਗਹਿਲੀ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਥੇਦਾਰ ਨੇ ਦੱਸਿਆ ਕਿ ਮੁਲਜ਼ਮ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਸੀ, ਪਰ ਪ੍ਰਬੰਧਕਾਂ ਵੱਲੋਂ ਕਥਿਤ ਤੌਰ ’ਤੇ 17 ਨਵੰਬਰ ਤੱਕ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਦਿਨ ਜਦੋਂ ਮੁਲਜ਼ਮ ਮੁੜ ਗੁਰਦੁਆਰਾ ਸਾਹਿਬ ਦੇ ਨੇੜੇ ਘੁੰਮਦਾ ਦਿਖਾਈ ਦਿੱਤਾ ਤਾਂ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਕਾਬੂ ਕਰਕੇ ਰੌਲਾ ਪਾਇਆ, ਜਿਸ ਮਗਰੋਂ ਸੰਗਤ ਇਕੱਠੀ ਹੋ ਗਈ। ਮੁਲਜ਼ਮ ਇਸ ਸਮੇਂ ਪੁਲੀਸ ਹਿਰਾਸਤ ਵਿੱਚ ਹੈ, ਪਰ ਜਥੇਦਾਰ ਅਨੁਸਾਰ ਪ੍ਰਬੰਧਕਾਂ ਦੀ ਅਣਗਹਿਲੀ ਵੀ ਜਾਂਚ ਦਾ ਵਿਸ਼ਾ ਹੈ।







