SGPC ਚੋਣਾਂ ਭਲਕੇ: ਸੁਖਬੀਰ ਬਾਦਲ ਨੂੰ ਸੌਂਪੀ ਉਮੀਦਵਾਰਾਂ ਦੀ ਚੋਣ ਦੀ ਜ਼ਿੰਮੇਵਾਰੀ, 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ, ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ 20 ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਦਾ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤਾ ਹੈ।
ਇਸ ਸਬੰਧੀ ਅੱਜ ਸ਼ਾਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਕਾਲੀ ਦਲ ਨਾਲ ਜੁੜੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਮੈਂਬਰਾਂ ਨਾਲ ਸਾਂਝੇ ਤੌਰ ’ਤੇ ਅਤੇ ਵੱਖ-ਵੱਖ ਤੌਰ ’ਤੇ ਗੱਲਬਾਤ ਕਰਕੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਉਮੀਦਵਾਰਾਂ ਬਾਰੇ ਉਨ੍ਹਾਂ ਦੀ ਰਾਏ ਜਾਣੀ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਹੁਦੇਦਾਰਾਂ ਦੀ ਚੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਿਚਾਰ ਸੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੈਂਬਰਾਂ ਨੇ ਆਪਣੇ ਸੁਝਾਅ ਅਤੇ ਰਾਇ ਪੇਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਧਾਨ ਸਮੇਤ ਹੋਰ ਅਹੁਦਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਗੇ। ਹਾਲਾਂਕਿ, ਜਦੋਂ ਉਨ੍ਹਾਂ ਤੋਂ ਪ੍ਰਧਾਨਗੀ ਦੇ ਉਮੀਦਵਾਰ ਦੇ ਨਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੈਂਬਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ।
138 ਮੈਂਬਰ ਕਰਨਗੇ ਅਹੁਦੇਦਾਰਾਂ ਦੀ ਚੋਣ
ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਕਰੀਬ 138 ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਵੋਟ ਪਾਉਣ ਦਾ ਅਧਿਕਾਰ ਹੋਵੇਗਾ।
ਮੌਜੂਦਾ ਸਦਨ ਵਿੱਚ ਕੁੱਲ 185 ਮੈਂਬਰ ਸਨ, ਜਿਨ੍ਹਾਂ ਵਿੱਚੋਂ 39 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, ਪੰਜ ਨੇ ਅਸਤੀਫ਼ੇ ਦੇ ਦਿੱਤੇ ਹਨ, ਜਦਕਿ ਤਿੰਨ ਮੈਂਬਰਾਂ ’ਤੇ ਰੋਕ ਲੱਗੀ ਹੋਈ ਹੈ। ਹੁਣ ਭਲਕੇ ਹੋਣ ਵਾਲੇ ਜਨਰਲ ਇਜਲਾਸ ਵਿੱਚ ਨਵੇਂ ਅਹੁਦੇਦਾਰਾਂ ਦੀ ਚੋਣ ਹੋਵੇਗੀ।







