Batala School Van Accident: ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਸੜਕ ’ਤੇ ਪਲਟੀ ਵੈਨ; 3 ਬੱਚੇ ਜ਼ਖ਼ਮੀ
ਬਟਾਲਾ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਕਾਰ ਅਤੇ ਨਿੱਜੀ ਸਕੂਲ ਦੀ ਵੈਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਕੂਲ ਵੈਨ ਸੜਕ ’ਤੇ ਹੀ ਪਲਟ ਗਈ। ਇਸ ਹਾਦਸੇ ਵਿੱਚ ਵੈਨ ਵਿੱਚ ਸਵਾਰ ਤਿੰਨ ਸਕੂਲੀ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਅੰਮ੍ਰਿਤਸਰ ਵੱਲੋਂ ਆ ਰਹੀ ਕਾਰ ਨੇ ਮਾਰੀ ਟੱਕਰ
ਪੁਲੀਸ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਕੂਲ ਵੈਨ ਬਟਾਲਾ ਨੇੜੇ ਮਾਰੂਤੀ ਕਾਰ ਏਜੰਸੀ ਕੋਲੋਂ ਪਿੰਡ ਬੱਲ ਵੱਲ ਮੁੜ ਰਹੀ ਸੀ। ਇਸੇ ਦੌਰਾਨ ਅੰਮ੍ਰਿਤਸਰ ਵਾਲੇ ਪਾਸਿਓਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਵੈਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਲੱਗਣ ਕਾਰਨ ਵੈਨ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਵਿਚਕਾਰ ਪਲਟ ਗਈ। ਹਾਦਸੇ ਸਮੇਂ ਵੈਨ ਵਿੱਚ ਮੌਜੂਦ ਤਿੰਨ ਬੱਚੇ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਬਾਅਦ ਕਾਰ ਚਾਲਕ ਫ਼ਰਾਰ
ਘਟਨਾ ਤੋਂ ਬਾਅਦ ਜ਼ਖ਼ਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ, ਹਾਦਸੇ ਵਿੱਚ ਸ਼ਾਮਲ ਕਾਰ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।







