ਦਾਦੀ ਦੇ ਅੰਤਿਮ ਸਸਕਾਰ ਲਈ ਜੱਲੂਪੁਰ ਖੇੜਾ ਪਹੁੰਚੇ ਅੰਮ੍ਰਿਤਪਾਲ ਸਿੰਘ, ਬਖਤਰਬੰਦ ਗੱਡੀ ’ਚ ਘਰ ਲਿਆਂਦਾ ਗਿਆ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੁਲੀਸ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚ ਗਏ ਹਨ। ਉਨ੍ਹਾਂ ਨੂੰ ਬਖਤਰਬੰਦ ਗੱਡੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਘਰ ਲਿਆਂਦਾ ਗਿਆ। ਇਸ ਦੌਰਾਨ ਸੁਰੱਖਿਆ ਕਰਮਚਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਪਿੰਡ ਅਤੇ ਘਰ ਦੇ ਆਸ-ਪਾਸ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਕੀਤਾ ਜਾਣਾ ਹੈ। ਇਸ ਸਬੰਧੀ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਸਸਕਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਿੰਡ ਤੋਂ ਕੁਝ ਦੂਰੀ ’ਤੇ ਅੰਤਿਮ ਸਸਕਾਰ ਲਈ ਚਿਖਾ ਤਿਆਰ ਕੀਤੀ ਗਈ ਹੈ। ਇਸ ਮੌਕੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪਿੰਡ ਪਹੁੰਚ ਚੁੱਕੀ ਹੈ, ਜਦੋਂਕਿ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਅਤੇ ਸੰਗਤ ਵੀ ਪਹੁੰਚ ਰਹੇ ਹਨ।
ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਸੰਗਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਸਕਾਰ ਸਮਾਗਮ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਸੰਗਤ ਦੀ ਆਮਦ ਨੂੰ ਦੇਖਦਿਆਂ ਚਾਰ ਥਾਵਾਂ ’ਤੇ ਪਾਰਕਿੰਗ ਸਟੈਂਡ ਬਣਾਏ ਗਏ ਹਨ ਅਤੇ ਲਗਭਗ ਪੰਜ ਏਕੜ ਰਕਬੇ ਵਿੱਚ ਸਮਾਗਮ ਦੇ ਪ੍ਰਬੰਧ ਕੀਤੇ ਗਏ ਹਨ।
ਦੂਜੇ ਪਾਸੇ, ਪੁਲੀਸ ਵੱਲੋਂ ਪਿੰਡ ਨੂੰ ਆਉਣ ਵਾਲੇ ਸਾਰੇ ਰਸਤਿਆਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ ਨਾਕੇ ਲਗਾਏ ਗਏ ਹਨ ਅਤੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਮਨੁੱਖੀ ਆਧਾਰ ’ਤੇ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਪੁਲੀਸ ਹਿਰਾਸਤ ਵਿੱਚ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਲਿਆਂਦਾ ਗਿਆ ਸੀ। ਉੱਥੋਂ ਹਵਾਈ ਜਹਾਜ਼ ਰਾਹੀਂ ਪਹਿਲਾਂ ਦਿੱਲੀ ਅਤੇ ਫਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ, ਰਾਜਾਸਾਂਸੀ ਪਹੁੰਚਾਇਆ ਗਿਆ। ਤੈਅ ਪ੍ਰਬੰਧਾਂ ਅਨੁਸਾਰ ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾਇਆ ਜਾਵੇਗਾ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਉਹ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਵੀ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਅਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ। ਇਸ ਤੋਂ ਬਾਅਦ ਪੰਜਾਬ ਦੀ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਨਵੇਂ ਹੁਕਮਾਂ ਤਹਿਤ ਹਿਰਾਸਤੀ ਪੈਰੋਲ ਦਿੱਤੀ ਗਈ।
ਅੰਮ੍ਰਿਤਪਾਲ ਸਿੰਘ ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣੇ ਸਨ। 23 ਫਰਵਰੀ 2023 ਨੂੰ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਲਈ ਅਜਨਾਲਾ ਥਾਣੇ ਦੇ ਬੈਰੀਕੇਡ ਤੋੜ ਦਿੱਤੇ ਸਨ। ਇਸ ਦੌਰਾਨ ਹੋਏ ਟਕਰਾਅ ਵਿੱਚ ਐੱਸ.ਪੀ. ਜੁਗਰਾਜ ਸਿੰਘ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।
ਇਸ ਘਟਨਾ ਤੋਂ ਬਾਅਦ ਪੁਲੀਸ ਵੱਲੋਂ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਕੀਤੀ ਗਈ ਭਾਲ ਮਗਰੋਂ 23 ਅਪ੍ਰੈਲ 2023 ਨੂੰ ਮੋਗਾ ਦੇ ਪਿੰਡ ਰੋਡੇ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।








