ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਤੋਂ ਸੁਖਦੇਵ ਭੁੱਲਰ ਨੂੰ ਅੰਤਰਿਮ ਰਾਹਤ, ਪੀ.ਏ. ਦਿਲਬਾਗ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਜ
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਹੈ। ਉੱਧਰ, ਇਸੇ ਮਾਮਲੇ ਵਿੱਚ ਸਾਬਕਾ ਮੰਤਰੀ ਦੇ ਨਿੱਜੀ ਸਹਾਇਕ (ਪੀ.ਏ.) ਦਿਲਬਾਗ ਸਿੰਘ ਨੂੰ ਝਟਕਾ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਸ੍ਰੀ ਨਰਸਿਮਹਾ ਦੇ ਬੈਂਚ ਨੇ ਸੁਖਦੇਵ ਸਿੰਘ ਭੁੱਲਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਉਮਰ ਕਰੀਬ 77 ਸਾਲ ਹੈ ਅਤੇ ਉਹ ਕਈ ਬਿਮਾਰੀਆਂ ਤੋਂ ਪੀੜਤ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਦਰਜ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਅੰਤਰਿਮ ਹੁਕਮ ਦਿੱਤੇ ਹਨ। ਹਾਲਾਂਕਿ, ਇਹ ਰਾਹਤ ਜਾਂਚ ਵਿੱਚ ਸਹਿਯੋਗ ਦੇਣ ਦੀ ਸ਼ਰਤ ’ਤੇ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਫਰਵਰੀ 2027 ਨੂੰ ਹੋਵੇਗੀ।
ਸੁਖਦੇਵ ਸਿੰਘ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਕਿ ਮੌਤ ਤੋਂ ਕੁਝ ਸਮਾਂ ਪਹਿਲਾਂ ਬਣਾਈ ਵੀਡੀਓ ਵਿੱਚ ਗਗਨਦੀਪ ਸਿੰਘ ਰੰਧਾਵਾ ਨੇ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ, ਪਰ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦਾ ਵੀਡੀਓ ਵਿੱਚ ਕੋਈ ਜ਼ਿਕਰ ਨਹੀਂ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਇਹ ਮਾਮਲਾ 21 ਮਾਰਚ ਦਾ ਹੈ, ਜਦੋਂ 45 ਸਾਲਾ ਗਗਨਦੀਪ ਸਿੰਘ ਰੰਧਾਵਾ ਨੇ ਆਪਣੀ ਰਿਹਾਇਸ਼ ਵਿਖੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਖ਼ੁਦਕੁਸ਼ੀ ਤੋਂ ਪਹਿਲਾਂ ਰਿਕਾਰਡ ਕੀਤੀ ਗਈ 12 ਸਕਿੰਟ ਦੀ ਵੀਡੀਓ ਵਿੱਚ ਉਨ੍ਹਾਂ ਨੇ ਤਤਕਾਲੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਸੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ ਮਗਰੋਂ ਭੁੱਲਰ ਨੇ ਉਸੇ ਦਿਨ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਸ ਮਾਮਲੇ ਵਿੱਚ 22 ਮਾਰਚ ਨੂੰ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ’ਤੇ ਥਾਣਾ ਰਣਜੀਤ ਐਵੇਨਿਊ ਵਿਖੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਦਿਲਬਾਗ ਸਿੰਘ ਅਤੇ ਹੋਰਨਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਮੁਲਜ਼ਮਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ, ਅਪਰਾਧਿਕ ਧਮਕੀਆਂ ਦੇਣ ਅਤੇ ਸਾਂਝੇ ਇਰਾਦੇ ਨਾਲ ਅਪਰਾਧ ਕਰਨ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਸਬੂਤ ਨਸ਼ਟ ਕਰਨ ਦੀ ਧਾਰਾ ਵੀ ਜੋੜ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਦੇਵ ਸਿੰਘ ਭੁੱਲਰ ਅਤੇ ਦਿਲਬਾਗ ਸਿੰਘ ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਸਨ। ਸਰਕਾਰੀ ਪੱਖ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਮਾਮਲੇ ਵਿੱਚ ਡੀਵੀਆਰ, ਪਿਸਤੌਲ ਅਤੇ ਮੋਬਾਈਲ ਫੋਨਾਂ ਦੀ ਬਰਾਮਦਗੀ ਅਜੇ ਬਾਕੀ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਸਬੂਤਾਂ ਨਾਲ ਛੇੜਛਾੜ ਕੀਤੇ ਜਾਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਸੀ। ਸਰਕਾਰ ਨੇ ਜਾਂਚ ਲਈ ਮੁਲਜ਼ਮਾਂ ਦੀ ਹਿਰਾਸਤੀ ਪੁੱਛਗਿੱਛ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਸੀ।
ਉੱਧਰ, 17 ਨਵੰਬਰ ਨੂੰ ਜਾਰੀ ਕੀਤੇ ਗਏ ਆਪਣੇ ਤਾਜ਼ਾ ਹੁਕਮਾਂ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਜਵਾਬੀ ਹਲਫ਼ਨਾਮਾ ਦਾਇਰ ਕਰਨ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ, ਮ੍ਰਿਤਕ ਦੀ ਪਤਨੀ ਉਪਿੰਦਰਜੀਤ ਕੌਰ ਨੇ ਵੀ ਅਦਾਲਤ ਵਿੱਚ ਜਲਦੀ ਆਪਣਾ ਜਵਾਬ ਦਾਖ਼ਲ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਮੁਲਜ਼ਮਾਂ ਨੇ ਅਗਾਊਂ ਜ਼ਮਾਨਤ ਲੈਣ ਲਈ ਤੱਥ ਲੁਕਾ ਕੇ ਅਦਾਲਤ ਨੂੰ ਗੁੰਮਰਾਹ ਕੀਤਾ ਹੈ ਅਤੇ ਗਵਾਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।








