ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਜਥੇ ਵਿੱਚ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਸ਼ਾਮਲ ਹਨ। ਉਨ੍ਹਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਵੀ ਜਥੇ ਦਾ ਹਿੱਸਾ ਹਨ।

ਜਥੇ ਦੀ ਰਵਾਨਗੀ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਇਸ ਉਪਰੰਤ ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਤੇ ਸ਼ਰਧਾਲੂਆਂ ਨੂੰ ਸਿਰੋਪਾਓ ਭੇਟ ਕਰਕੇ ਵਿਦਾ ਕੀਤਾ।

ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ ਵਿੱਚ ਸ੍ਰੀ ਨਨਕਾਣਾ ਸਾਹਿਬ ਸਮੇਤ ਉਨ੍ਹਾਂ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦੀ ਅਰਦਾਸ ਸ਼ਾਮਲ ਹੁੰਦੀ ਹੈ, ਜਿਨ੍ਹਾਂ ਤੋਂ ਸਿੱਖ ਕੌਮ ਵਿਛੜੀ ਹੋਈ ਹੈ। ਇਹ ਅਰਦਾਸ ਸਿੱਖ ਸੰਗਤ ਦੇ ਮਨਾਂ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਅਤੇ ਪਿਆਰ ਦੀ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੂਰੇ ਖਿੱਤੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ। ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦੀ ਖੁੱਲ੍ਹੇ, ਇਹ ਸਮੁੱਚੀ ਸਿੱਖ ਕੌਮ ਦੀ ਅਰਦਾਸ ਹੈ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਪਿਆਰ ਤੇ ਮੁਹੱਬਤ ਨਾਲ ਜੁੜੀ ਹੋਈ ਹੈ।

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪਾਸ ਕੀਤੇ ਮਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰਾਂ ਨੂੰ ਪਾਕਿਸਤਾਨ ਜਾਣ ਵਾਲੇ ਜਥਿਆਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਮੌਜੂਦਾ ਜਥਿਆਂ ਲਈ ਵੀਜ਼ਿਆਂ ਦੀ ਗਿਣਤੀ ਵਧਾਉਣ ਦੀ ਮੰਗ ਵੀ ਕੀਤੀ।

ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਮੌਕੇ ’ਤੇ ਵੀਜ਼ਾ ਦੇਣ ਦੀ ਸਹੂਲਤ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਵੱਧ ਤੋਂ ਵੱਧ ਸੰਗਤ ਆਪਣੀ ਧਾਰਮਿਕ ਸ਼ਰਧਾ ਪੂਰੀ ਕਰ ਸਕੇ। ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦੀ ਖੋਲ੍ਹਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਜਥੇ ਦੀ ਸੁਖਦ ਯਾਤਰਾ ਅਤੇ ਸਮੁੱਚੇ ਖਿੱਤੇ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਜਨਮ ਅਸਥਾਨ ’ਤੇ ਹੋਣ ਵਾਲੇ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਾ ਸਿੱਖ ਸ਼ਰਧਾਲੂਆਂ ਲਈ ਸੁਭਾਗੇ ਪਲ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਵੀਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਜਾਵੇ, ਤਾਂ ਜੋ ਹਰ ਸਿੱਖ ਦੇ ਮਨ ਵਿੱਚ ਵਸੇ ਗੁਰਧਾਮਾਂ ਦੇ ਦਰਸ਼ਨਾਂ ਦੇ ਚਾਅ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 1,822 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।

ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇਗਾ, ਜਿੱਥੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਇਸ ਤੋਂ ਇਲਾਵਾ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਜਥਾ ਆਪਣੀ ਯਾਤਰਾ ਪੂਰੀ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਪਰਤੇਗਾ।