ਮਿਲੀ ਜਾਣਕਾਰੀ ਮੁਤਾਬਕ ਇਸ ਅਹਿਮ ਪ੍ਰੈੱਸ ਕਾਨਫਰੰਸ ਵਿੱਚ ਭਾਜਪਾ ਦੇ ਕੇਂਦਰੀ ਆਗੂ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਆਗੂ ਨਿਤਿਨ ਨਬੀਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਮੌਜੂਦ ਰਹਿਣਗੇ।
ਜੇਕਰ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦਾ ਐਲਾਨ ਹੁੰਦਾ ਹੈ ਤਾਂ ਇਹ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਲਿਆ ਸਕਦਾ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਲੰਬੇ ਸਮੇਂ ਤੱਕ ਸਿਆਸੀ ਭਾਈਵਾਲ ਰਹੇ ਹਨ ਅਤੇ ਇਕੱਠਿਆਂ ਚੋਣਾਂ ਲੜਦੇ ਰਹੇ ਹਨ, ਪਰ ਕੁਝ ਸਾਲ ਪਹਿਲਾਂ ਦੋਵਾਂ ਵਿਚਾਲੇ ਸਿਆਸੀ ਰਿਸ਼ਤਿਆਂ ਵਿੱਚ ਖਟਾਸ ਆਉਣ ਕਾਰਨ ਗਠਜੋੜ ਟੁੱਟ ਗਿਆ ਸੀ।
ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਦਿਹਾੜੇ ’ਤੇ ਇਸ ਐਲਾਨ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋਣ ਦੀ ਰਣਨੀਤੀ ਬਣਾ ਸਕਦੀਆਂ ਹਨ।
ਦੱਸ ਦੇਈਏ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਸਿਆਸੀ ਸਾਂਝ ਪੈਦਾ ਕਰਨ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਚਰਚਾਵਾਂ ਦਾ ਬਾਜ਼ਾਰ ਗਰਮ ਸੀ। ਹੁਣ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਸਾਂਝੀ ਪ੍ਰੈੱਸ ਕਾਨਫਰੰਸ ’ਤੇ ਟਿਕੀਆਂ ਹੋਈਆਂ ਹਨ, ਜਿੱਥੇ ਗਠਜੋੜ ਨੂੰ ਲੈ ਕੇ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ।








