ਨਿਵੇਸ਼ ਸਕੀਮ ਦੇ ਨਾਂ ’ਤੇ ਕਰੋੜਾਂ ਦੀ ਠੱਗੀ, ਸਾਬਕਾ ਐੱਸਐੱਸਬੀ ਅਧਿਕਾਰੀ ਖ਼ਿਲਾਫ਼ ਈਡੀ ਦੀ ਕਾਰਵਾਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਿਵੇਸ਼ ਦੇ ਨਾਂ ’ਤੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਕਥਿਤ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕੀਤੀ। ਜਾਂਚ ਏਜੰਸੀ ਨੇ ਸ਼ਸਤਰ ਸੀਮਾ ਬਲ (ਐੱਸਐੱਸਬੀ) ਦੇ ਇੱਕ ਸਾਬਕਾ ਅਧਿਕਾਰੀ ਅਤੇ ਉਸ ਦੇ ਸਾਥੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਤਹਿਤ ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਅੱਠ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ।
ਅਧਿਕਾਰੀਆਂ ਮੁਤਾਬਕ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ ਜੰਮੂ, ਕਠੂਆ, ਊਧਮਪੁਰ ਅਤੇ ਪੰਜਾਬ ਦੇ ਪਠਾਨਕੋਟ ਵਿੱਚ ਸਥਿਤ ਟਿਕਾਣਿਆਂ ਦੀ ਤਲਾਸ਼ੀ ਲਈ ਗਈ।
ਈਡੀ ਦੀ ਜਾਂਚ ਦਾ ਸਬੰਧ ਐੱਸਐੱਸਬੀ ਦੇ ਸਾਬਕਾ ਮੁਲਾਜ਼ਮ ਗੁਰਮੀਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਕਥਿਤ ਤੌਰ ’ਤੇ ਚਲਾਈ ਜਾ ਰਹੀ ਫ਼ਰਜ਼ੀ ‘ਮਨੀ ਮਲਟੀਪਲਾਇਰ’ ਨਿਵੇਸ਼ ਯੋਜਨਾ ਨਾਲ ਹੈ। ਦੋਸ਼ ਹੈ ਕਿ ਇਸ ਸਕੀਮ ਰਾਹੀਂ ਆਮ ਲੋਕਾਂ ਦੇ ਨਾਲ-ਨਾਲ ਅਰਧ ਸੈਨਿਕ ਬਲ ਦੇ ਮੌਜੂਦਾ ਅਤੇ ਸੇਵਾਮੁਕਤ ਜਵਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ।
ਜਾਂਚ ਏਜੰਸੀ ਨੇ ਇਹ ਮਾਮਲਾ ਜੰਮੂ-ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਬਿਹਾਰ ਵਿੱਚ ਵੱਖ-ਵੱਖ ਪੁਲੀਸ ਅਧਿਕਾਰੀਆਂ ਵੱਲੋਂ ਦਰਜ ਕੀਤੀਆਂ ਗਈਆਂ ਕਈ ਐੱਫਆਈਆਰਜ਼ ਦੇ ਆਧਾਰ ’ਤੇ ਦਰਜ ਕੀਤਾ ਹੈ। ਇਨ੍ਹਾਂ ਸ਼ਿਕਾਇਤਾਂ ਵਿੱਚ ਨਿਵੇਸ਼ਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਲਗਾਏ ਗਏ ਹਨ।
ਮੁੱਢਲੀ ਜਾਂਚ ਅਨੁਸਾਰ ਮੁਲਜ਼ਮਾਂ ਵੱਲੋਂ ਨਿਵੇਸ਼ਕਾਂ ਨੂੰ ਹਰ ਮਹੀਨੇ ਮੋਟਾ ਅਤੇ ਗਾਰੰਟੀਸ਼ੁਦਾ ਮੁਨਾਫ਼ਾ ਦੇਣ ਦਾ ਲਾਲਚ ਦਿੱਤਾ ਜਾਂਦਾ ਸੀ। ਇਸ ਤਰ੍ਹਾਂ ਦੇ ਵਾਅਦਿਆਂ ਰਾਹੀਂ ਲੋਕਾਂ ਨੂੰ ਆਪਣੀ ਰਕਮ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ। ਦੋਸ਼ ਹੈ ਕਿ ਵੱਖ-ਵੱਖ ਸੰਸਥਾਵਾਂ ਅਤੇ ਕੰਪਨੀਆਂ ਦੀ ਵਰਤੋਂ ਕਰਕੇ ਨਿਵੇਸ਼ਕਾਂ ਤੋਂ ਕਰੋੜਾਂ ਰੁਪਏ ਇਕੱਠੇ ਕੀਤੇ ਗਏ।
ਈਡੀ ਵੱਲੋਂ ਛਾਪੇਮਾਰੀ ਦੌਰਾਨ ਮਿਲੇ ਦਸਤਾਵੇਜ਼ਾਂ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕਥਿਤ ਧੋਖਾਧੜੀ ਨਾਲ ਜੁੜੇ ਪੈਸੇ ਦੇ ਲੈਣ-ਦੇਣ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਇਆ ਜਾ ਸਕੇ।








