ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਲਈ ਰਾਖਵਾਂਕਰਨ ਲਾਗੂ ਕਰਨ ਦੇ ਆਪਣੇ ਵਾਅਦੇ ’ਤੇ ਪੂਰੀ ਤਰ੍ਹਾਂ ਕਾਇਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਬੰਧੀ ਸਹੀ ਸਮੇਂ ਦੀ ਉਡੀਕ ਕਰ ਰਹੀ ਸੀ ਅਤੇ ਮਹਿਲਾਵਾਂ ਦੀ ਸਿਆਸੀ ਪ੍ਰਤੀਨਿਧਤਾ ਵਧਾਉਣ ਲਈ ਉਸ ਦੇ ਇਰਾਦੇ ਮਜ਼ਬੂਤ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਸਿਆਸਤ ਵਿੱਚ ਬਣਦੀ ਪ੍ਰਤੀਨਿਧਤਾ ਦਿਵਾਉਣ ਦੀ ਲੜਾਈ ਕਈ ਦਹਾਕਿਆਂ ਤੋਂ ਚੱਲ ਰਹੀ ਹੈ। ਉਹ ਖ਼ੁਦ ਵੀ ਲੰਮੇ ਸਮੇਂ ਤੋਂ ਇਸ ਟੀਚੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਕਈ ਮਹਿਲਾਵਾਂ ਨੇ ਉਨ੍ਹਾਂ ਸਾਹਮਣੇ ਇਹ ਮੁੱਦਾ ਉਠਾਇਆ ਹੈ ਅਤੇ ਇਸ ਸਬੰਧੀ ਚਿੱਠੀਆਂ ਵੀ ਲਿਖੀਆਂ ਹਨ।
ਮੋਦੀ ਨੇ ਮਹਿਲਾਵਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਮਹਿਲਾ ਰਾਖਵਾਂਕਰਨ ਦੇ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਰੁਕਾਵਟਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਦੀ ਪ੍ਰਤੀਨਿਧਤਾ ਵਧਾਉਣ ਦੇ ਯਤਨਾਂ ਨੂੰ ਰੋਕ ਨਹੀਂ ਸਕਣਗੀਆਂ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਸਰਕਾਰ ਨੂੰ ਉਮੀਦ ਹੈ ਕਿ ਇਹ ਮੁੱਦਾ 30 ਨਵੰਬਰ ਤੋਂ 3 ਦਸੰਬਰ ਤੱਕ ਹੋਣ ਵਾਲੇ ਸੰਸਦ ਸੈਸ਼ਨ ਦੌਰਾਨ ਅੱਗੇ ਵਧੇਗਾ।
ਪ੍ਰਧਾਨ ਮੰਤਰੀ ਦੀਆਂ ਇਹ ਟਿੱਪਣੀਆਂ ਅਜਿਹੇ ਸਮੇਂ ਆਈਆਂ ਹਨ, ਜਦੋਂ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਇੰਡੀਆ ਗੱਠਜੋੜ ਵਿੱਚ ਮਤਭੇਦ ਸਾਹਮਣੇ ਆਏ ਹਨ। ਡੀਐੱਮਕੇ ਅਤੇ ਐੱਨਸੀਪੀ (ਸ਼ਰਦ ਪਵਾਰ ਧੜੇ) ਨੇ ਮੁੜ ਤਿਆਰ ਕੀਤੇ ਗਏ ਬਿੱਲਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਇਨ੍ਹਾਂ ਪਾਰਟੀਆਂ ਦਾ ਕਹਿਣਾ ਹੈ ਕਿ ਪ੍ਰਸਤਾਵਿਤ ਬਿੱਲਾਂ ਵਿੱਚ ਮੌਜੂਦਾ ਸੀਟਾਂ ਦੀ ਗਿਣਤੀ ਵਿੱਚ 50 ਫ਼ੀਸਦੀ ਵਾਧਾ ਕਰਨ ਅਤੇ 850 ਮੈਂਬਰੀ ਲੋਕ ਸਭਾ ਦੀ ਵੱਧ ਤੋਂ ਵੱਧ ਹੱਦ ’ਤੇ 25 ਸਾਲਾਂ ਦੀ ਰੋਕ ਲਗਾਉਣ ਵਰਗੀਆਂ ਵਿਵਸਥਾਵਾਂ ਰਾਹੀਂ ਦੱਖਣੀ ਅਤੇ ਹੋਰ ਸੂਬਿਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨਾਲ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਸੀਟਾਂ ਦੀ ਅਨੁਪਾਤਕ ਨੁਮਾਇੰਦਗੀ ਨਾਲ ਜੁੜੇ ਮੁੱਦਿਆਂ ’ਤੇ ਵੀ ਚਰਚਾ ਹੋਈ ਹੈ।
ਉਧਰ, ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗੱਠਜੋੜ ਦੇ ਆਗੂਆਂ ਨੇ ਬਿੱਲਾਂ ਸਬੰਧੀ ਸਾਂਝਾ ਸਟੈਂਡ ਤੈਅ ਕਰਨ ਲਈ ਅੱਜ ਦਿੱਲੀ ਵਿੱਚ ਮੀਟਿੰਗ ਕੀਤੀ। ਹਾਲਾਂਕਿ ਇਸ ਮੀਟਿੰਗ ਵਿੱਚ ਡੀਐੱਮਕੇ ਅਤੇ ਐੱਨਸੀਪੀ (ਸ਼ਰਦ ਪਵਾਰ ਧੜੇ) ਦੇ ਆਗੂ ਸ਼ਾਮਲ ਨਹੀਂ ਹੋਏ।








