ਛੇਵੀਂ ਵਾਰ ਪ੍ਰਧਾਨ ਬਣਨ ਮਗਰੋਂ ਧਾਮੀ ਨੇ ਸੰਭਾਲਿਆ ਕਾਰਜਭਾਰ, ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੰਸਥਾ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਵੱਡੀਆਂ ਕੁਰਬਾਨੀਆਂ ਸਦਕਾ ਹੋਂਦ ਵਿੱਚ ਆਈ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਅਹਿਮ ਨੁਮਾਇੰਦਾ ਸੰਸਥਾ ਹੈ। ਇਸ ਨੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੀ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਇੱਥੇ ਸੇਵਾ ਨਿਭਾਉਣ ਵਾਲੇ ਹਰੇਕ ਵਿਅਕਤੀ ਦਾ ਸੁਹਿਰਦ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਅਤੇ ਸੇਵਾਵਾਂ ਦੀ ਜਾਣਕਾਰੀ ਸੰਗਤ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚਣ ’ਤੇ ਅਧਿਕਾਰੀਆਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰ ਨੇ ਉਨ੍ਹਾਂ ਨੂੰ ਜਸਵੰਤ ਸਿੰਘ ਨੇਕੀ ਦੀ ਲਿਖੀ ਪੁਸਤਕ ‘ਅਰਦਾਸ’ ਵੀ ਭੇਟ ਕੀਤੀ।
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਓਐੱਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਆਜ਼ਾਦਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਸੁਪਰਡੈਂਟ ਨਿਸ਼ਾਨ ਸਿੰਘ ਅਤੇ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।








