Abu Salem: ਸੁਪਰੀਮ ਕੋਰਟ ਨੇ ਹਿਰਾਸਤ ਤੋਂ ਰਿਹਾਈ ਦੀ ਪਟੀਸ਼ਨ ਕੀਤੀ ਖਾਰਜ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਗੈਂਗਸਟਰ ਅਬੂ ਸਲੇਮ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਹਿਰਾਸਤ ਤੋਂ ਰਿਹਾਈ ਦੀ ਮੰਗ ਵਾਲੀ ਅਰਜ਼ੀ ਖਾਰਜ ਕਰ ਦਿੱਤੀ। ਸਲੇਮ ਨੇ ਦਲੀਲ ਦਿੱਤੀ ਸੀ ਕਿ ਪੁਰਤਗਾਲ ਤੋਂ ਹਵਾਲਗੀ ਦੀਆਂ ਸ਼ਰਤਾਂ ਮੁਤਾਬਕ ਉਸ ਦੀ ਭਾਰਤ ਵਿੱਚ 25 ਸਾਲ ਦੀ ਕੈਦ ਦੀ ਮਿਆਦ ਪੂਰੀ ਹੋ ਚੁੱਕੀ ਹੈ ਅਤੇ ਇਸ ਆਧਾਰ ’ਤੇ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ ਅਪ੍ਰੈਲ ਵਿੱਚ ਦਿੱਤੇ ਫ਼ੈਸਲੇ ਨੂੰ ਕਾਇਮ ਰੱਖਿਆ। ਹਾਈ ਕੋਰਟ ਨੇ ਸਲੇਮ ਦੀ ਤੁਰੰਤ ਰਿਹਾਈ ਦੀ ਮੰਗ ਨੂੰ ‘ਸਮੇਂ ਤੋਂ ਪਹਿਲਾਂ’ ਅਤੇ ‘ਗਲਤ ਧਾਰਨਾ ’ਤੇ ਆਧਾਰਿਤ’ ਦੱਸਦਿਆਂ ਰੱਦ ਕਰ ਦਿੱਤਾ ਸੀ।
ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸਲੇਮ ਦੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਣਾਇਆ ਹੈ। ਹਾਲਾਂਕਿ, ਮਾਮਲੇ ਸਬੰਧੀ ਵਿਸਤ੍ਰਿਤ ਫ਼ੈਸਲਾ ਅਜੇ ਜਾਰੀ ਹੋਣਾ ਬਾਕੀ ਹੈ।
1993 ਦੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਦੋਸ਼ੀ ਅਬੂ ਸਲੇਮ ਨੂੰ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ 11 ਨਵੰਬਰ 2005 ਨੂੰ ਪੁਰਤਗਾਲ ਤੋਂ ਭਾਰਤ ਹਵਾਲੇ ਕੀਤਾ ਗਿਆ ਸੀ। ਭਾਰਤ ਅਤੇ ਪੁਰਤਗਾਲ ਵਿਚਾਲੇ ਹੋਏ ਹਵਾਲਗੀ ਸਮਝੌਤੇ ਤਹਿਤ ਸਲੇਮ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ ਅਤੇ ਉਸ ਦੀ ਕੈਦ ਦੀ ਮਿਆਦ 25 ਸਾਲ ਤੋਂ ਵੱਧ ਨਹੀਂ ਹੋ ਸਕਦੀ।
ਹੁਣ ਸੁਪਰੀਮ ਕੋਰਟ ਵੱਲੋਂ ਰਿਹਾਈ ਦੀ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਸਲੇਮ ਨੂੰ ਇਸ ਮਾਮਲੇ ਵਿੱਚ ਤੁਰੰਤ ਰਾਹਤ ਨਹੀਂ ਮਿਲੀ ਹੈ।







