AK-47 ਸਮੇਤ ਕਈ ਹਥਿਆਰ ਬਰਾਮਦ, ਅੰਮ੍ਰਿਤਸਰ ਪੁਲਿਸ ਵੱਲੋਂ ਤਿੰਨ ਮੁਲਜ਼ਮ ਕਾਬੂ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਤਿੰਨ ਮੁਲਜ਼ਮਾਂ ਤੋਂ AK-47 ਸਮੇਤ ਹਥਿਆਰ ਬਰਾਮਦ

ਅੰਮ੍ਰਿਤਸਰ: ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ AK-47 ਰਾਈਫਲਾਂ, ਤਿੰਨ ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਕਥਿਤ ਤੌਰ ’ਤੇ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ। ਪੁਲਿਸ ਹੁਣ ਇਸ ਮਾਮਲੇ ਨਾਲ ਜੁੜੇ ਵਿਦੇਸ਼ੀ ਕਨੈਕਸ਼ਨ ਅਤੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਭਾਲ ਵਿੱਚ ਜੁਟੀ ਹੋਈ ਹੈ।

DGP ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਅਗਲੀ ਜਾਂਚ ਰਾਹੀਂ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਵਿਦੇਸ਼ਾਂ ਤੋਂ ਚੱਲ ਰਹੀਆਂ ਕਥਿਤ ਹਥਿਆਰ ਤਸਕਰੀ ਦੀਆਂ ਗਤੀਵਿਧੀਆਂ ਨਾਲ ਸਬੰਧਾਂ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਗੁਰਮੁਖ ਸਿੰਘ ਅਤੇ ਪਰਸਦੀਪ ਸਿੰਘ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਦੋ AK-47 ਰਾਈਫਲਾਂ, ਤਿੰਨ ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਹੋਏ।

CP ਗਿੱਲ ਅਨੁਸਾਰ, ਪੁੱਛਗਿੱਛ ਦੌਰਾਨ ਦੋਵੇਂ ਮੁਲਜ਼ਮਾਂ ਵੱਲੋਂ ਕਥਿਤ ਤੌਰ ’ਤੇ ਦੱਸਿਆ ਗਿਆ ਕਿ ਇਹ ਹਥਿਆਰ ਗੁਰਜੰਟ ਸਿੰਘ ਰਾਹੀਂ ਪ੍ਰਾਪਤ ਕੀਤੇ ਗਏ ਸਨ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਗੁਰਜੰਟ ਸਿੰਘ ਨੂੰ ਵੀ ਮਾਮਲੇ ਵਿੱਚ ਮੁਲਜ਼ਮ ਬਣਾਉਂਦਿਆਂ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਵੱਲੋਂ ਇਸ ਸਬੰਧੀ 5 ਸਤੰਬਰ 2026 ਨੂੰ ਅੰਮ੍ਰਿਤਸਰ ਦੇ ਛੇਹਰਟਾ ਥਾਣੇ ਵਿੱਚ FIR ਨੰਬਰ 205 ਦਰਜ ਕੀਤੀ ਗਈ ਹੈ। ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 111 ਅਤੇ 113 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25(6), 25(7) ਅਤੇ 25(8) ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵੀ ਜਾਰੀ ਹੈ।