Amarjeet Singh Chawla Case: SGPC ਮੈਂਬਰ ਚਾਵਲਾ ਖ਼ਿਲਾਫ਼ ਜਬਰ-ਜਨਾਹ ਮਾਮਲਾ, ਅਹੁਦਿਆਂ ਤੋਂ ਅਸਤੀਫ਼ੇ ਦਾ ਐਲਾਨ
ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲੀਸ ਸੂਤਰਾਂ ਮੁਤਾਬਕ, ਇਹ ਮਾਮਲਾ ਮਾਲਵਾ ਖੇਤਰ ਨਾਲ ਸਬੰਧਤ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਸ਼ਿਕਾਇਤਕਰਤਾ ਨੇ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਵੀ ਆਪਣੇ ਬਿਆਨ ਦਰਜ ਕਰਵਾਏ ਹਨ।
ਸੂਤਰਾਂ ਅਨੁਸਾਰ ਚਾਵਲਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 63, 64, 127(2) ਅਤੇ 351(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਮਾਮਲੇ ਸਬੰਧੀ ਪੁਲੀਸ ਵੱਲੋਂ ਵਿਸਥਾਰਤ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ।
ਇਸ ਦੌਰਾਨ ਅਮਰਜੀਤ ਸਿੰਘ ਚਾਵਲਾ ਨੇ ਜਾਰੀ ਕੀਤੇ ਵੀਡੀਓ ਸੰਦੇਸ਼ ਵਿੱਚ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਝੂਠੇ ਅਤੇ ਮਨਘੜਤ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਕੀਤੀ ਗਈ ਹੈ ਅਤੇ ਉਹ ਅਦਾਲਤ ਵਿੱਚ ਆਪਣੀ ਬੇਗੁਨਾਹੀ ਸਾਬਤ ਕਰਨਗੇ।
ਐੱਸਜੀਪੀਸੀ ਅਤੇ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ
ਚਾਵਲਾ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਐੱਸਜੀਪੀਸੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਮਾਮਲੇ ਕਾਰਨ ਪਾਰਟੀ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਆਪਣੇ ਅਸਤੀਫ਼ੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤੇ ਹਨ। ਚਾਵਲਾ ਨੇ ਕਿਹਾ ਕਿ ਜਦੋਂ ਤੱਕ ਅਦਾਲਤ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਨਹੀਂ ਮਿਲਦੀ, ਉਹ ਕਿਸੇ ਵੀ ਅਹੁਦੇ ’ਤੇ ਵਾਪਸੀ ਨਹੀਂ ਕਰਨਗੇ।
ਪੁਲੀਸ ਵੱਲੋਂ ਅਧਿਕਾਰਤ ਵੇਰਵਿਆਂ ’ਤੇ ਚੁੱਪੀ
ਮਾਮਲੇ ਸਬੰਧੀ ਰੋਪੜ ਪੁਲੀਸ ਵੱਲੋਂ ਹਾਲੇ ਤੱਕ ਅਧਿਕਾਰਤ ਤੌਰ ’ਤੇ ਵਿਸਥਾਰ ਸਾਂਝੇ ਨਾ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਹੇਠਲੇ ਪੱਧਰ ਦੇ ਕੁਝ ਪੁਲੀਸ ਅਧਿਕਾਰੀਆਂ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਐੱਫਆਈਆਰ ਦਰਜ ਹੋਣ ਦੀ ਪੁਸ਼ਟੀ ਕਰਨ ਦੀ ਗੱਲ ਕਹੀ, ਪਰ ਮਾਮਲੇ ਵਿੱਚ ਲੱਗੀਆਂ ਧਾਰਾਵਾਂ, ਸ਼ਿਕਾਇਤ ਦੇ ਵੇਰਵਿਆਂ ਅਤੇ ਜਾਂਚ ਦੀ ਸਥਿਤੀ ਬਾਰੇ ਸੀਨੀਅਰ ਅਧਿਕਾਰੀਆਂ ਤੋਂ ਸੁਤੰਤਰ ਪੁਸ਼ਟੀ ਨਹੀਂ ਹੋ ਸਕੀ।
ਰੋਪੜ ਦੇ ਐੱਸਐੱਸਪੀ ਮਨਿੰਦਰ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਵੱਲੋਂ ਇਸ ਬਾਰੇ ਜਵਾਬ ਨਹੀਂ ਮਿਲਿਆ। ਰੋਪੜ ਰੇਂਜ ਦੇ ਡੀਆਈਜੀ ਨੇ ਵੀ ਮਾਮਲੇ ਬਾਰੇ ਜਾਣਕਾਰੀ ਨਾ ਹੋਣ ਦੀ ਗੱਲ ਕਰਦਿਆਂ ਤੱਥਾਂ ਦੀ ਜਾਂਚ ਕਰਨ ਦੀ ਗੱਲ ਕਹੀ।
ਇਸ ਲਈ ਫਿਲਹਾਲ ਮਾਮਲੇ ਨਾਲ ਜੁੜੇ ਕਈ ਵੇਰਵਿਆਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ ਅਤੇ ਪੁਲੀਸ ਜਾਂਚ ਤੋਂ ਬਾਅਦ ਹੀ ਘਟਨਾ ਸਬੰਧੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ







