Aravalli Hills News: ਅਰਾਵਲੀ ਪਹਾੜੀਆਂ ਦੀ ਸੁਰੱਖਿਆ ’ਤੇ ਰਿਪੋਰਟ ਲਈ ਮਿਆਦ ਵਧਾਉਣ ਤੋਂ ਇਨਕਾਰ

Aravalli Hills: ਸੁਪਰੀਮ ਕੋਰਟ ਨੇ ਰਿਪੋਰਟ ਲਈ ਛੇ ਮਹੀਨੇ ਦਾ ਹੋਰ ਸਮਾਂ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ: ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਅਤੇ ਉਨ੍ਹਾਂ ਦੀ ਸੁਰੱਖਿਆ ਨਾਲ ਜੁੜੀ ਰਿਪੋਰਟ ਤਿਆਰ ਕਰਨ ਵਾਲੀ ਉੱਚ ਤਾਕਤੀ ਕਮੇਟੀ ਨੂੰ ਸੁਪਰੀਮ ਕੋਰਟ ਨੇ ਵਾਧੂ ਛੇ ਮਹੀਨੇ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਮੇਟੀ ਨੂੰ 30 ਨਵੰਬਰ ਤੱਕ ਆਪਣੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇ ਕਮੇਟੀ ਨਿਰਧਾਰਤ ਸਮੇਂ ਅੰਦਰ ਆਪਣਾ ਕੰਮ ਪੂਰਾ ਕਰਨ ਵਿੱਚ ਨਾਕਾਮ ਰਹਿੰਦੀ ਹੈ ਤਾਂ ਇਸ ਦਾ ਮੁੜ ਗਠਨ ਕੀਤਾ ਜਾ ਸਕਦਾ ਹੈ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਕਮੇਟੀ ਵੱਲੋਂ ਵਾਧੂ ਸਮਾਂ ਮੰਗਣ ਦਾ ਕੋਈ ਠੋਸ ਕਾਰਨ ਨਹੀਂ ਦੱਸਿਆ ਗਿਆ।

ਬੈਂਚ ਨੇ ਕਮੇਟੀ ਨੂੰ ਇਹ ਵੀ ਕਿਹਾ ਕਿ ਉਹ ਰਾਜਸਥਾਨ ਅਤੇ ਗੁਜਰਾਤ ਦੇ ਕਬਾਇਲੀ ਭਾਈਚਾਰਿਆਂ ਸਮੇਤ ਇਸ ਮਾਮਲੇ ਨਾਲ ਜੁੜੀਆਂ ਸਾਰੀਆਂ ਧਿਰਾਂ ਦੇ ਵਿਚਾਰ ਸੁਣੇ। ਇਸ ਤੋਂ ਇਲਾਵਾ, ਜ਼ਰੂਰੀ ਮੁੱਦਿਆਂ ’ਤੇ ਅਦਾਲਤ ਨੂੰ ਫ਼ੈਸਲਾ ਲੈਣ ਵਿੱਚ ਸਹਾਇਤਾ ਦੇਣ ਲਈ ਲੋੜ ਅਨੁਸਾਰ ਅੰਤਰਿਮ ਰਿਪੋਰਟਾਂ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ।

ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਪਿਛਲੇ ਸਾਲ ਇਸ ਮਾਮਲੇ ਦਾ ਖ਼ੁਦ ਨੋਟਿਸ ਲਿਆ ਸੀ। ਇਸ ਤੋਂ ਬਾਅਦ ਮਈ ਵਿੱਚ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਨੂੰ 31 ਅਗਸਤ ਤੱਕ ਆਪਣੀ ਰਿਪੋਰਟ ਸੌਂਪਣੀ ਸੀ।

ਇਸ ਦੌਰਾਨ ਵਾਤਾਵਰਨ ਮਾਹਿਰਾਂ ਨੇ ਅਦਾਲਤ ਦੇ ਫ਼ੈਸਲੇ ’ਤੇ ਚਿੰਤਾ ਪ੍ਰਗਟਾਈ ਹੈ। ‘ਅਰਾਵਲੀ ਵਿਰਾਸਤ ਜਨ ਅਭਿਆਨ’ ਦੇ ਸਹਿ-ਬਾਨੀ ਦੀਵਾਨ ਸਿੰਘ ਨੇ ਅਦਾਲਤੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਦਾਅਵਾ ਕੀਤਾ ਕਿ ਅਰਾਵਲੀ ਨਾਲ ਜੁੜੇ ਪੁਰਾਣੇ ਮੁੱਦਿਆਂ ਨੂੰ ਦੁਬਾਰਾ ਦੁਹਰਾਇਆ ਜਾ ਰਿਹਾ ਹੈ।

ਵਾਤਾਵਰਨ ਕਾਰਕੁਨ ਨੀਲਮ ਆਹਲੂਵਾਲੀਆ ਨੇ ਕਿਹਾ ਕਿ ਕਮੇਟੀ ਦੇ ਅਧਿਐਨ ਵਿੱਚ ਅਰਾਵਲੀ ਰੇਂਜ ਨਾਲ ਸਬੰਧਤ ਸਾਰੇ 64 ਜ਼ਿਲ੍ਹਿਆਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਇਨ੍ਹਾਂ ਵਿੱਚ ਗੁਜਰਾਤ, ਰਾਜਸਥਾਨ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਦੇ 63 ਜ਼ਿਲ੍ਹਿਆਂ ਤੋਂ ਇਲਾਵਾ ਮਥੁਰਾ ਦਾ ਇੱਕ ਹੋਰ ਜ਼ਿਲ੍ਹਾ ਵੀ ਸ਼ਾਮਲ ਹੈ।

ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਵੀ ਅਦਾਲਤ ਦੇ ਫ਼ੈਸਲੇ ’ਤੇ ਨਿਰਾਸ਼ਾ ਜਤਾਈ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਅੰਤਿਮ ਰਿਪੋਰਟ ਲਈ ਛੇ ਮਹੀਨੇ ਦਾ ਵਾਧੂ ਸਮਾਂ ਮੰਗਿਆ ਗਿਆ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਨਹੀਂ ਕੀਤਾ।