CM ਭਗਵੰਤ ਮਾਨ ਨੇ ਹੜਤਾਲ ’ਤੇ ਲਿਆ ਕੜਾ ਸਟੈਂਡ, ਸੰਵਾਦ ਲਈ ਰੱਖੀ ਸ਼ਰਤ

ਮੁੱਖ ਮੰਤਰੀ ਭਗਵੰਤ ਮਾਨ ਦਾ ਹੜਤਾਲੀ ਮੁਲਾਜ਼ਮਾਂ ਨੂੰ ਸੰਦੇਸ਼: ਪਹਿਲਾਂ ਕੰਮ ’ਤੇ ਵਾਪਸੀ, ਫਿਰ ਹੋਵੇਗੀ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਵਿੱਚ ਚੱਲ ਰਹੀ ਮੁਲਾਜ਼ਮ ਹੜਤਾਲ ਦੇ ਮੱਦੇਨਜ਼ਰ ਸਪੱਸ਼ਟ ਕੀਤਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨ ਲਈ ਤਿਆਰ ਹੈ, ਪਰ ਹੜਤਾਲ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਹਰ ਮਸਲੇ ਦਾ ਹੱਲ ਕੱਢਣ ਲਈ ਸਰਕਾਰ ਵਚਨਬੱਧ ਹੈ, ਪਰ ਗੱਲਬਾਤ ਦੀ ਪ੍ਰਕਿਰਿਆ ਹੜਤਾਲ ਖ਼ਤਮ ਹੋਣ ਤੋਂ ਬਾਅਦ ਹੀ ਅੱਗੇ ਵਧੇਗੀ।

ਇਸੇ ਦੌਰਾਨ, ਪੰਜਾਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਦੇ ਸੱਦੇ ’ਤੇ ਅੱਜ ਸੂਬੇ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਵੱਖ-ਵੱਖ ਥਾਵਾਂ ’ਤੇ ਰੋਸ ਰੈਲੀਆਂ ਅਤੇ ਪ੍ਰਦਰਸ਼ਨ ਕੀਤੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਸਮੇਤ ਕਈ ਸਰਕਾਰੀ ਅਦਾਰਿਆਂ ਵਿੱਚ ਮੁਲਾਜ਼ਮ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਏ। ਮੰਤਰੀਆਂ ਦੇ ਦਫ਼ਤਰਾਂ ਦਾ ਸਟਾਫ ਵੀ ਇਸ ਮੁਹਿੰਮ ਦਾ ਹਿੱਸਾ ਬਣਿਆ। ਸੈਕਟਰ-17 ਅਤੇ ਉਦਯੋਗ ਭਵਨ ਸਮੇਤ ਕਈ ਸਥਾਨਾਂ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੈਲੀਆਂ ਆਯੋਜਿਤ ਕੀਤੀਆਂ ਗਈਆਂ।

ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨਾਲ ਹੋਣ ਵਾਲੀਆਂ ਮੀਟਿੰਗਾਂ ਵਿੱਚ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦੀਆਂ ਦੇ ਪ੍ਰਤੀਨਿਧੀ ਸਰਕਾਰ ਨਾਲ ਗੱਲਬਾਤ ਲਈ ਜਲੰਧਰ ਵੀ ਪਹੁੰਚੇ ਹੋਏ ਹਨ।