CM ਮਾਨ ਦੀ ਪਤਨੀ ਵੱਲੋਂ ਕਾਨੂੰਨੀ ਕਦਮ, ਐਂਕਰ ਨੂੰ 24 ਘੰਟਿਆਂ ਦਾ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦੂਰਦਰਸ਼ਨ ਨਿਊਜ਼ ਦੀ ਐਂਕਰ ਭਾਵਨਾ ਨਾਇਰ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜ ਕੇ ਉਨ੍ਹਾਂ ਖ਼ਿਲਾਫ਼ ਲਗਾਏ ਗਏ ਕਥਿਤ ਝੂਠੇ ਅਤੇ ਮਾਣਹਾਨੀ ਵਾਲੇ ਦੋਸ਼ਾਂ ਲਈ 24 ਘੰਟਿਆਂ ਅੰਦਰ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਦੀ ਮੰਗ ਕੀਤੀ ਹੈ।

ਇਹ ਮਾਮਲਾ ਉਸ ਵੇਲੇ ਚਰਚਾ ਵਿੱਚ ਆਇਆ ਜਦੋਂ ਸਾਬਕਾ ਜੱਜ ਰਣਜੀਤ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਡਾ. ਗੁਰਪ੍ਰੀਤ ਕੌਰ ’ਤੇ ਗੰਭੀਰ ਦੋਸ਼ ਲਗਾਏ ਸਨ। ਬਾਅਦ ਵਿੱਚ ਇਨ੍ਹਾਂ ਦਾਅਵਿਆਂ ਨੂੰ ਡੀ.ਡੀ. ਨਿਊਜ਼ ’ਤੇ ਵੀ ਪ੍ਰਸਾਰਿਤ ਕੀਤਾ ਗਿਆ। ਡਾ. ਗੁਰਪ੍ਰੀਤ ਕੌਰ ਦੀ ਪੱਖੋਂ ਐਡਵੋਕੇਟ ਅਨੀਸ਼ਾ ਰਾਹੀਂ ਭੇਜੇ ਨੋਟਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਦੋਸ਼ ਬੇਬੁਨਿਆਦ, ਮਨਘੜਤ ਅਤੇ ਉਨ੍ਹਾਂ ਦੀ ਸਾਖ਼ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ।

ਨੋਟਿਸ ਵਿੱਚ ਮੰਗ ਕੀਤੀ ਗਈ ਹੈ ਕਿ ਦੂਰਦਰਸ਼ਨ ਅਤੇ ਹੋਰ ਸਬੰਧਤ ਪੱਖ ਇਸ ਮਾਮਲੇ ਨਾਲ ਜੁੜੀ ਵਿਵਾਦਤ ਸਮੱਗਰੀ ਨੂੰ ਤੁਰੰਤ ਹਟਾਉਣ ਅਤੇ ਜਨਤਕ ਤੌਰ ’ਤੇ ਮੁਆਫ਼ੀ ਜਾਰੀ ਕਰਨ। ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਇਸ ਦਰਮਿਆਨ, ਸਾਬਕਾ ਜੱਜ ਰਣਜੀਤ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਇਸ ਨੋਟਿਸ ਦਾ ਵੱਖਰਾ ਜਵਾਬ ਨਹੀਂ ਦੇਣਗੇ ਅਤੇ ਮਾਮਲੇ ਦਾ ਨਿਪਟਾਰਾ ਅਦਾਲਤ ਵਿੱਚ ਹੀ ਕਰਨਗੇ। ਉਨ੍ਹਾਂ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਉਹ ਆਪਣੇ ਕੋਲ ਮੌਜੂਦ ਸਾਰੇ ਤੱਥ ਅਤੇ ਜਾਣਕਾਰੀ ਸਾਹਮਣੇ ਰੱਖਣਗੇ।

ਰਣਜੀਤ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐੱਚਆਰਸੀ) ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਹਾਲਾਂਕਿ, ਐਨਐੱਚਆਰਸੀ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਦੋ ਹਫ਼ਤਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਉੱਧਰ, ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ (ਪੀਐਚਆਰਓ) ਨਾਲ ਜੁੜੇ ਸੀਨੀਅਰ ਵਕੀਲ ਆਰ.ਐੱਸ. ਬੈਂਸ ਨੇ ਕਿਹਾ ਕਿ ਸਾਬਕਾ ਜੱਜ ਵੱਲੋਂ ਕੀਤੇ ਗਏ ਦਾਅਵੇ ਅਦਾਲਤੀ ਰਿਕਾਰਡ ਅਤੇ ਸਰਕਾਰੀ ਦਸਤਾਵੇਜ਼ਾਂ ਦੇ ਆਧਾਰ ’ਤੇ ਕੀਤੇ ਗਏ ਹਨ। ਮਾਮਲੇ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਜਾਰੀ ਹੈ, ਜਦਕਿ ਦੋਸ਼ਾਂ ਦੀ ਸੱਚਾਈ ਬਾਰੇ ਅੰਤਿਮ ਫ਼ੈਸਲਾ ਜਾਂਚ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਸਾਹਮਣੇ ਆਵੇਗਾ।