ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਸ਼ੇਸ਼ ਕਾਰਜ ਅਧਿਕਾਰੀ (ਓਐੱਸਡੀ) ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਇਕ ਦਿਨ ਬਾਅਦ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ’ਤੇ ਵਿਰੋਧੀ ਧਿਰ ਦੇ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਭਾਜਪਾ ਦੀ ਪੁਰਾਣੀ ਰਣਨੀਤੀ ਰਹੀ ਹੈ। ਮਾਨ ਨੇ ਦਾਅਵਾ ਕੀਤਾ ਕਿ ਕਈ ਘੰਟਿਆਂ ਤੱਕ ਚੱਲੀ ਤਲਾਸ਼ੀ ਦੌਰਾਨ ਜਾਂਚ ਏਜੰਸੀ ਨੂੰ ਕੋਈ ਵੀ ਇਤਰਾਜ਼ਯੋਗ ਜਾਂ ਸ਼ੱਕੀ ਸਮੱਗਰੀ ਹਾਸਲ ਨਹੀਂ ਹੋਈ।
ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਨੇ ਮੁੱਖ ਮੰਤਰੀ ਦੇ ਓਐੱਸਡੀ ਅਤੇ ਕੁਝ ਹੋਰ ਅਧਿਕਾਰੀਆਂ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਮਗਰੋਂ ਏਜੰਸੀ ਨੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਹਾਈ ਕੋਰਟ ਨੇ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਸੀ ਕਿ ਈਡੀ ਵੱਲੋਂ ਮੁਹੱਈਆ ਕਰਵਾਈ ਗਈ ਸਮੱਗਰੀ ਮੁੱਢਲੀ ਨਜ਼ਰ ਵਿੱਚ ਕੁਝ ਅਧਿਕਾਰੀਆਂ ਦੀ ਭ੍ਰਿਸ਼ਟਾਚਾਰ ਵਿੱਚ ਸ਼ਮੂਲੀਅਤ ਵੱਲ ਇਸ਼ਾਰਾ ਕਰਦੀ ਹੈ।
ਧੂਰੀ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਝਾਰਖੰਡ, ਪੱਛਮੀ ਬੰਗਾਲ, ਦਿੱਲੀ ਅਤੇ ਹਰਿਆਣਾ ਦੀਆਂ ਉਦਾਹਰਣਾਂ ਦਿੰਦਿਆਂ ਦੋਸ਼ ਲਾਇਆ ਕਿ ਭਾਜਪਾ ਸਿਆਸੀ ਲਾਭ ਲਈ ਜਾਂਚ ਏਜੰਸੀਆਂ ਨੂੰ ਵਰਤਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਕਰਨ ਲਈ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਲਈ ਸੱਤਾ ਵਿੱਚ ਆਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਲੰਬੀ ਛਾਪੇਮਾਰੀ ਦੇ ਬਾਵਜੂਦ ਜਾਂਚ ਟੀਮ ਨੂੰ ਕੋਈ ਸਬੂਤ ਨਹੀਂ ਮਿਲਿਆ, ਜਿਸ ਨਾਲ ਸਾਰੇ ਦੋਸ਼ਾਂ ਦੀ ਹਕੀਕਤ ਸਾਹਮਣੇ ਆ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੰਭਵ ਹੈ ਕਿ ਹੁਣ ਜਾਂਚ ਏਜੰਸੀ ਖੁਦ ਹੀ ਦੱਸੇ ਕਿ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਮੱਗਰੀ ਨਹੀਂ ਮਿਲੀ।
ਭਗਵੰਤ ਮਾਨ ਨੇ ਭਾਜਪਾ ’ਤੇ ਆਪਣੇ, ਆਪਣੇ ਪਰਿਵਾਰ ਅਤੇ ਪੰਜਾਬ ਸਰਕਾਰ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰ ਰਹੇ ਹਨ, ਉੱਥੇ ਭਾਜਪਾ ਦੇ ਪ੍ਰੋਗਰਾਮ ਲੋਕਾਂ ਦਾ ਸਮਰਥਨ ਹਾਸਲ ਕਰਨ ਵਿੱਚ ਨਾਕਾਮ ਰਹੇ ਹਨ।
ਨਸ਼ਿਆਂ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਰੋਕਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਵੀ ਬਣਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਸਰਹੱਦਾਂ ਦੀ ਸੁਰੱਖਿਆ ਅਤੇ ਤਸਕਰੀ ਰੋਕਣ ਵਾਲੀਆਂ ਏਜੰਸੀਆਂ ਕੇਂਦਰ ਦੇ ਅਧੀਨ ਕੰਮ ਕਰਦੀਆਂ ਹਨ, ਇਸ ਲਈ ਕੇਵਲ ਪੰਜਾਬ ਨੂੰ ਨਿਸ਼ਾਨਾ ਬਣਾਉਣਾ ਠੀਕ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਤਰ੍ਹਾਂ ਦੀ ਸਿਆਸੀ ਧੱਕੇਸ਼ਾਹੀ ਨੂੰ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਏਜੰਸੀਆਂ ਨੂੰ ਉਨ੍ਹਾਂ ਖ਼ਿਲਾਫ਼ ਨਾ ਕੋਈ ਦਸਤਾਵੇਜ਼, ਨਾ ਕੋਈ ਡਿਜ਼ੀਟਲ ਸਬੂਤ ਅਤੇ ਨਾ ਹੀ ਕੋਈ ਹੋਰ ਇਤਰਾਜ਼ਯੋਗ ਜਾਣਕਾਰੀ ਮਿਲੀ ਹੈ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਹਾਈ ਕੋਰਟ ਦੇ ਹੁਕਮਾਂ ਤੋਂ ਤੁਰੰਤ ਬਾਅਦ ਛਾਪੇਮਾਰੀ ਕੀਤੀ ਗਈ, ਪਰ ਕੀ ਹੋਰ ਪੁਰਾਣੇ ਮਾਮਲਿਆਂ ਵਿੱਚ ਵੀ ਏਜੰਸੀਆਂ ਇੰਨੀ ਹੀ ਤੇਜ਼ੀ ਨਾਲ ਕਾਰਵਾਈ ਕਰਦੀਆਂ ਹਨ? ਮਾਨ ਨੇ ਕਿਹਾ ਕਿ ਉਹ ਜਾਂਚ ਤੋਂ ਘਬਰਾਉਣ ਵਾਲੇ ਨਹੀਂ ਅਤੇ ਹਰ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।







