Punjab Politics: ਚੀਫ਼ ਜਸਟਿਸ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਵਿਚਾਲੇ CM ਭਗਵੰਤ ਮਾਨ ਦਾ ਬਠਿੰਡਾ ਦੌਰਾ ਰੱਦ
ਬਠਿੰਡਾ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਮੁੱਖ ਜਸਟਿਸ ਵਜੋਂ ਨਿਯੁਕਤ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿਖੇ ਹੋਣ ਵਾਲਾ ‘ਲੋਕ ਮਿਲਣੀ’ ਪ੍ਰੋਗਰਾਮ ਰੱਦ ਕਰ ਦਿੱਤਾ। ਹਾਲਾਂਕਿ, ਇਸ ਪ੍ਰੋਗਰਾਮ ਲਈ ਨਵੀਂ ਤਾਰੀਖ਼ ਦਾ ਐਲਾਨ ਅਜੇ ਨਹੀਂ ਕੀਤਾ ਗਿਆ।
ਇਸ ਤੋਂ ਇੱਕ ਦਿਨ ਪਹਿਲਾਂ ਐਤਵਾਰ ਨੂੰ ਪੰਜਾਬ ਸਰਕਾਰ ਨੇ ਹੰਗਾਮੀ ਕੈਬਨਿਟ ਮੀਟਿੰਗ ਬੁਲਾਈ ਸੀ। ਮੀਟਿੰਗ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਦੀਆਂ ਚਿੰਤਾਵਾਂ ਦਾ ਹੱਲ ਹੋਣ ਤੱਕ ਚੀਫ਼ ਜਸਟਿਸ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਿਆ ਜਾਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਸੀ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ ਤੋਂ ਸਹਿਮਤੀ ਮੰਗੀ ਗਈ ਸੀ, ਪਰ ਸੂਬੇ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ਦੇ ਬਾਵਜੂਦ ਕੇਂਦਰ ਨੇ ਨਿਯੁਕਤੀ ਕਰ ਦਿੱਤੀ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਦੀ ਆਵਾਜ਼ ਨੂੰ ਅਣਦੇਖਾ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਸੀ ਕਿ ‘‘ਪੰਜਾਬ ਦੀ ਗੱਲ ਦੱਬੀ ਜਾ ਰਹੀ ਹੈ।’’
ਮੁੱਖ ਮੰਤਰੀ ਐਤਵਾਰ ਰਾਤ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਸਨ। ਉਥੋਂ ਉਨ੍ਹਾਂ ਨੇ ਸੋਮਵਾਰ ਨੂੰ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨੀ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਪਿੰਡ ਘੁੱਦਾ ਵਿਖੇ ਹੋਈ ‘ਲੋਕ ਮਿਲਣੀ’ ਦੌਰਾਨ ਮਾਨ ਨੇ ਸੋਮਵਾਰ ਨੂੰ ਵਾਪਸ ਬਠਿੰਡਾ ਆ ਕੇ ਮਹਿਰਾਜ ਵਿੱਚ ਪ੍ਰੋਗਰਾਮ ਕਰਨ ਦਾ ਐਲਾਨ ਕੀਤਾ ਸੀ। ਬਾਅਦ ਵਿੱਚ ਰਾਮਪੁਰਾ ਫੂਲ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਫੇਸਬੁੱਕ ਰਾਹੀਂ ਪ੍ਰੋਗਰਾਮ ਰੱਦ ਹੋਣ ਦੀ ਜਾਣਕਾਰੀ ਸਾਂਝੀ ਕੀਤੀ।
ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਮੁੱਖ ਮੰਤਰੀ ਗੁਰੂਗ੍ਰਾਮ ਵਿੱਚ ਸਾਬਕਾ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੇ ਚੰਡੀਗੜ੍ਹ ਜਾਣਗੇ। ਅਧਿਕਾਰੀ ਨੇ ਕਿਹਾ ਕਿ ਮਹਿਰਾਜ ਦੇ ਪ੍ਰੋਗਰਾਮ ਨੂੰ ਫਿਲਹਾਲ ਰੱਦ ਕਰਨ ਸਬੰਧੀ ਜਾਣਕਾਰੀ ਮੁੱਖ ਮੰਤਰੀ ਦੇ ਦਿੱਲੀ ਪਹੁੰਚਣ ਤੋਂ ਬਾਅਦ ਪ੍ਰਸ਼ਾਸਨ ਨੂੰ ਦਿੱਤੀ ਗਈ ਸੀ।
ਗੌਰਤਲਬ ਹੈ ਕਿ ਮਹਿਰਾਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਪਿੰਡ ਹੈ। ਇਸੇ ਦੌਰਾਨ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਵੀ ਹੈ ਕਿ ਰਾਮਪੁਰਾ ਫੂਲ ਹਲਕੇ ਦੇ ਦੋ ‘ਆਪ’ ਆਗੂਆਂ ਵਿਚਾਲੇ ਚੱਲ ਰਹੇ ਮਤਭੇਦ ਵੀ ਪ੍ਰੋਗਰਾਮ ਰੱਦ ਹੋਣ ਦੇ ਸੰਭਾਵਿਤ ਕਾਰਨਾਂ ਵਿੱਚੋਂ ਇੱਕ ਹੋ ਸਕਦੇ ਹਨ। ਹਾਲਾਂਕਿ, ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।
ਪ੍ਰਸ਼ਾਸਨਿਕ ਅਧਿਕਾਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੰਗਲਵਾਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਫਾਫ਼ੜੇ ਭਾਈਕੇ ਵਿਖੇ ਹੋਣ ਵਾਲਾ ਮੁੱਖ ਮੰਤਰੀ ਦਾ ‘ਲੋਕ ਮਿਲਣੀ’ ਪ੍ਰੋਗਰਾਮ ਫਿਲਹਾਲ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਹੋਵੇਗਾ।







