ਜਬਰ-ਜਨਾਹ ਮਾਮਲੇ ਨੂੰ ਪ੍ਰਭਾਵਿਤ ਕਰਨ ਦੇ ਬਦਲੇ 5 ਕਰੋੜ ਰੁਪਏ ਦੀ ਮੰਗ ਕਰਨ ਦੇ ਲਗੇ ਦੋਸ਼ਾਂ ‘ਤੇ ਪਹਿਲੀ ਵਾਰ ਖੁੱਲ੍ਹ ਕੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਿਰਾਧਾਰ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ ਲਗਾਉਣ ਵਾਲੇ ਜਾਂ ਤਾਂ ਆਪਣੇ ਦਾਅਵਿਆਂ ਨੂੰ ਸਬੂਤਾਂ ਸਮੇਤ ਸਾਬਤ ਕਰਨ ਜਾਂ ਫਿਰ ਕਾਨੂੰਨੀ ਨਤੀਜਿਆਂ ਲਈ ਤਿਆਰ ਰਹਿਣ।
ਪਟਿਆਲਾ ਵਿੱਚ ਇੱਕ ਤੀਆਂ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਇਹ ਸਾਰਾ ਮਾਮਲਾ ਸਿਆਸੀ ਮਕਸਦਾਂ ਤਹਿਤ ਉਨ੍ਹਾਂ ਦੇ ਪਰਿਵਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਅਜਿਹੇ ਦੋਸ਼ਾਂ ਤੋਂ ਡਰਨ ਵਾਲੀਆਂ ਨਹੀਂ ਹਨ ਅਤੇ ਸੱਚ ਸਾਹਮਣੇ ਲਿਆਉਣ ਲਈ ਹਰ ਕਾਨੂੰਨੀ ਰਾਹ ਅਪਣਾਇਆ ਜਾਵੇਗਾ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੀ ਮੌਜੂਦ ਸਨ।
ਕੀ ਹਨ ਦੋਸ਼?
ਇਹ ਵਿਵਾਦ ਉਸ ਵੇਲੇ ਸਾਹਮਣੇ ਆਇਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਨੇ ਦੋਸ਼ ਲਗਾਇਆ ਕਿ ਇੱਕ ਜਬਰ-ਜਨਾਹ ਮਾਮਲੇ ਵਿੱਚ ਰਾਹਤ ਦਿਵਾਉਣ ਲਈ ਕਥਿਤ ਤੌਰ ‘ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਇੱਕ ਕਰੀਬੀ ਰਿਸ਼ਤੇਦਾਰ ਇਸ ਮਾਮਲੇ ਵਿੱਚ ਮੁਲਜ਼ਮ ਦੇ ਸੰਪਰਕ ਵਿੱਚ ਸੀ ਅਤੇ ਉਸ ਵੱਲੋਂ ਪੈਸਿਆਂ ਦੀ ਮੰਗ ਸਬੰਧੀ ਜਾਣਕਾਰੀ ਮਿਲੀ ਸੀ।
NHRC ਨੇ ਮੰਗੀ ਰਿਪੋਰਟ
ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਜਾਂਚ ਕਰਕੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਡਾ. ਗੁਰਪ੍ਰੀਤ ਕੌਰ ਮਾਨ ਨੇ ਜਸਟਿਸ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜ ਕੇ ਆਪਣੇ ਦਾਅਵਿਆਂ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ।
ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼
ਇਸ ਮਾਮਲੇ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਤੋਂ ਜਵਾਬ ਮੰਗੇ ਜਾ ਰਹੇ ਹਨ। ਹਾਲਾਂਕਿ ਡਾ. ਗੁਰਪ੍ਰੀਤ ਕੌਰ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਦੋਸ਼ ਬਿਨਾਂ ਕਿਸੇ ਆਧਾਰ ਦੇ ਹਨ ਅਤੇ ਜੇਕਰ ਕੋਈ ਵਿਅਕਤੀ ਅਜਿਹੇ ਦਾਅਵੇ ਕਰਦਾ ਹੈ ਤਾਂ ਉਸ ਨੂੰ ਉਨ੍ਹਾਂ ਨੂੰ ਸਾਬਤ ਵੀ ਕਰਨਾ ਪਵੇਗਾ।
ਉਨ੍ਹਾਂ ਦੁਹਰਾਇਆ ਕਿ ਮਾਮਲੇ ਸਬੰਧੀ ਸੱਚਾਈ ਸਾਹਮਣੇ ਆਵੇਗੀ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਉਨ੍ਹਾਂ ਦੀ ਬੇਗੁਨਾਹੀ ਸਾਬਤ ਹੋ ਜਾਵੇਗੀ।







