DA ਬਕਾਏ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਦਾ ਅਦਾਲਤੀ ਤੌਹੀਨ ਨੋਟਿਸ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਅਦਾਲਤ ਸਾਹਮਣੇ ਕਥਿਤ ਤੌਰ ’ਤੇ ਗ਼ਲਤ ਤੱਥ ਪੇਸ਼ ਕਰਨ ਦੇ ਦੋਸ਼ ਹੇਠ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਕ੍ਰਿਮਿਨਲ ਕੰਟੈਂਪਟ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਮੁੱਖ ਸਕੱਤਰ ਨੂੰ ਆਉਣ ਵਾਲੀ ਸ਼ੁੱਕਰਵਾਰ ਦੀ ਸੁਣਵਾਈ ਦੌਰਾਨ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਗਏ ਹਨ।
ਇਹ ਕਾਰਵਾਈ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਮਿਲੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਰਿਪੋਰਟ ਤੋਂ ਸਾਹਮਣੇ ਆਇਆ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਸਪੈਸ਼ਲ ਲੀਵ ਪਟੀਸ਼ਨ (SLP) ਦੀ ਸਥਿਤੀ ਸਬੰਧੀ ਅਦਾਲਤ ਵਿੱਚ ਦਿੱਤੀ ਗਈ ਜਾਣਕਾਰੀ ਸਹੀ ਨਹੀਂ ਸੀ।
ਮੁੱਖ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਟਿੱਪਣੀ ਕੀਤੀ ਕਿ ਸੁਪਰੀਮ ਕੋਰਟ ਦੀ ਰਜਿਸਟਰੀ ਦੀ ਰਿਪੋਰਟ ਤੋਂ ਸਪੱਸ਼ਟ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੂੰ ਗਲਤ ਜਾਣਕਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਬੈਂਚ ਨੇ ਮੁੱਖ ਸਕੱਤਰ ਦੇ ਹਲਫ਼ਨਾਮੇ ਵਿੱਚ ਦਰਜ ਤੱਥਾਂ ’ਤੇ ਵੀ ਸਵਾਲ ਉਠਾਏ।
ਦਰਅਸਲ, ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਆਪਣੀ ਰਜਿਸਟਰੀ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਮੁੱਖ ਸਕੱਤਰ ਨੂੰ ਮੁੜ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਸਨ।
ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਸਰਕਾਰ ਅਦਾਲਤ ਨਾਲ ਲੁਕਣ-ਮੀਚੀ ਕਿਉਂ ਖੇਡ ਰਹੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪਹਿਲੀ ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰ ਦਿੱਤੀ ਸੀ ਤਾਂ ਹੁਣ ਤੱਕ ਉਸ ’ਤੇ ਕਾਰਵਾਈ ਹੋ ਜਾਣੀ ਚਾਹੀਦੀ ਸੀ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਕਾਨੂੰਨੀ ਚਾਰਾਜੋਈ ਕਰਨ ਲਈ ਪਹਿਲਾਂ ਹੀ ਤਿੰਨ ਮੌਕੇ ਦਿੱਤੇ ਜਾ ਚੁੱਕੇ ਹਨ, ਜਿਸ ਕਾਰਨ ਮਾਮਲੇ ਦੀ ਸੁਣਵਾਈ ਵਾਰ-ਵਾਰ ਟਲਦੀ ਰਹੀ।
ਅਦਾਲਤ ਨੇ ਇਹ ਵੀ ਕਿਹਾ ਸੀ ਕਿ ਕਾਨੂੰਨੀ ਪ੍ਰਕਿਰਿਆ ਦਾ ਹਵਾਲਾ ਦੇ ਕੇ ਮਾਮਲੇ ਨੂੰ ਲੰਮਾ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਸਕੱਤਰ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੁਪਰੀਮ ਕੋਰਟ ਵਿੱਚ ਦਾਇਰ SLP ਦੀਆਂ ਖਾਮੀਆਂ ਦੂਰ ਕਰਕੇ ਇਸ ਨੂੰ ਮੁੜ ਪੇਸ਼ ਕੀਤਾ ਗਿਆ ਹੈ। ਹਾਈ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਚਿਤਾਵਨੀ ਦਿੱਤੀ ਸੀ ਕਿ ਜੇਕਰ ਇਹ ਦਾਅਵੇ ਗਲਤ ਪਾਏ ਗਏ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਅਦਾਇਗੀ 15 ਦਿਨਾਂ ਦੇ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਪਹਿਲੀ ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੁਣ ਹਾਈ ਕੋਰਟ ਵੱਲੋਂ ਮੁੱਖ ਸਕੱਤਰ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕੀਤੇ ਜਾਣ ਨਾਲ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।







