DA Hike: ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਸੌਗਾਤ, ਮਹਿੰਗਾਈ ਭੱਤੇ ਵਿੱਚ 3 ਫ਼ੀਸਦੀ ਦਾ ਵਾਧਾ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੀਵਾਲੀ ਦੇ ਮੌਕੇ ’ਤੇ ਆਪਣੇ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਰਾਹਤ ਦਿੰਦਿਆਂ ਮਹਿੰਗਾਈ ਭੱਤੇ (ਡੀ ਏ) ਅਤੇ ਮਹਿੰਗਾਈ ਰਾਹਤ (ਡੀ ਆਰ) ਵਿੱਚ 3 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੌਰਾਨ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ।
ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਮਹਿੰਗਾਈ ਭੱਤੇ ਦੀ ਵਧੀ ਹੋਈ ਦਰ 1 ਜੁਲਾਈ 2026 ਤੋਂ ਲਾਗੂ ਮੰਨੀ ਜਾਵੇਗੀ। ਇਸ ਨਾਲ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲਾ ਡੀ ਏ ਅਤੇ ਡੀ ਆਰ ਮੂਲ ਤਨਖ਼ਾਹ ਜਾਂ ਪੈਨਸ਼ਨ ਦੇ 60 ਫ਼ੀਸਦੀ ਤੋਂ ਵਧ ਕੇ 63 ਫ਼ੀਸਦੀ ਹੋ ਜਾਵੇਗਾ।
ਇਸ ਵਾਧੇ ਦਾ ਸਿੱਧਾ ਫ਼ਾਇਦਾ ਦੇਸ਼ ਭਰ ਦੇ ਕਰੀਬ 48.54 ਲੱਖ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ 68.71 ਲੱਖ ਪੈਨਸ਼ਨਰਾਂ ਨੂੰ ਮਿਲੇਗਾ। ਹਾਲਾਂਕਿ ਇਸ ਫ਼ੈਸਲੇ ਨਾਲ ਕੇਂਦਰ ਸਰਕਾਰ ਦੇ ਖ਼ਜ਼ਾਨੇ ’ਤੇ ਹਰ ਸਾਲ ਲਗਪਗ 10,016.10 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪੈਣ ਦਾ ਅਨੁਮਾਨ ਹੈ।
7ਵੇਂ ਤਨਖ਼ਾਹ ਕਮਿਸ਼ਨ ਦੇ ਫ਼ਾਰਮੂਲੇ ਤਹਿਤ ਲਿਆ ਫ਼ੈਸਲਾ
ਕੇਂਦਰੀ ਮੰਤਰੀ ਮੰਡਲ ਵੱਲੋਂ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ ਵਾਧੇ ਨੂੰ ਮਨਜ਼ੂਰੀ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਨਿਰਧਾਰਤ ਫ਼ਾਰਮੂਲੇ ਦੇ ਆਧਾਰ ’ਤੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਮਹਿੰਗਾਈ ਦੀਆਂ ਬਦਲਦੀਆਂ ਦਰਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਲ ਵਿੱਚ ਦੋ ਵਾਰ, ਜਨਵਰੀ ਅਤੇ ਜੁਲਾਈ ਵਿੱਚ, ਮਹਿੰਗਾਈ ਭੱਤੇ ਦੀ ਸਮੀਖਿਆ ਕੀਤੀ ਜਾਂਦੀ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਸਰਕਾਰੀ ਮੁਲਾਜ਼ਮਾਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਵਧ ਰਹੀਆਂ ਕੀਮਤਾਂ ਦੇ ਪ੍ਰਭਾਵ ਤੋਂ ਕੁਝ ਹੱਦ ਤੱਕ ਰਾਹਤ ਪ੍ਰਦਾਨ ਕਰਨਾ ਹੁੰਦਾ ਹੈ।
ਮਹਿੰਗਾਈ ਭੱਤਾ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੀ ਮੂਲ ਤਨਖ਼ਾਹ ਦੇ ਆਧਾਰ ’ਤੇ ਦਿੱਤਾ ਜਾਂਦਾ ਹੈ, ਜਦਕਿ ਪੈਨਸ਼ਨਰਾਂ ਨੂੰ ਇਸੇ ਤਰਜ਼ ’ਤੇ ਮਹਿੰਗਾਈ ਰਾਹਤ ਮੁਹੱਈਆ ਕਰਵਾਈ ਜਾਂਦੀ ਹੈ।
ਸਰਕਾਰ ਦੇ ਤਾਜ਼ਾ ਫ਼ੈਸਲੇ ਨਾਲ ਮੁਲਾਜ਼ਮਾਂ ਦੀ ਮਹੀਨਾਵਾਰ ਤਨਖ਼ਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ 1 ਜੁਲਾਈ 2026 ਤੋਂ ਨਵੀਆਂ ਦਰਾਂ ਲਾਗੂ ਹੋਣ ਕਾਰਨ ਯੋਗ ਲਾਭਪਾਤਰੀਆਂ ਨੂੰ ਪਿਛਲੇ ਮਹੀਨਿਆਂ ਦਾ ਬਕਾਇਆ ਵੀ ਮਿਲ ਸਕੇਗਾ।







