Hajipur Murder: ਕਸਬਾ ਹਾਜੀਪੁਰ ਵਿੱਚ ਇੱਕ ਭਤੀਜੇ ਵੱਲੋਂ ਆਪਣੇ ਸੇਵਾਮੁਕਤ ਅਧਿਆਪਕ ਚਾਚੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੁਹੱਲਾ ਪੜਾਅ ਦੇ ਨੰਬਰਦਾਰ ਮਹਿੰਦਰ ਸਿੰਘ ਪੁੱਤਰ ਦੀਵਾਨ ਚੰਦ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਕਤਲ ਪਿੱਛੇ ਜ਼ਮੀਨੀ ਵਿਵਾਦ ਨੂੰ ਕਾਰਨ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਸ਼ਾਮ ਸਮੇਂ ਆਪਣੇ ਘਰ ਦੇ ਬਾਹਰ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ਦਾ ਭਤੀਜਾ ਉੱਥੇ ਪਹੁੰਚਿਆ ਅਤੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਮੁਲਜ਼ਮ ਨੇ ਮਹਿੰਦਰ ਸਿੰਘ ਦੀ ਧੌਣ ਅਤੇ ਚਿਹਰੇ ‘ਤੇ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀਆਂ ਨੇ ਤੁਰੰਤ ਮਹਿੰਦਰ ਸਿੰਘ ਨੂੰ ਸਿਵਲ ਹਸਪਤਾਲ ਹਾਜੀਪੁਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਮਗਰੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਾਜੀਪੁਰ ਦੇ ਮੁਖੀ ਹਰ ਪ੍ਰੇਮ ਸਿੰਘ ਪੁਲੀਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਤਲ ਦੇ ਕਾਰਨਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਮੁੱਢਲੇ ਤੌਰ ‘ਤੇ ਰੰਜਿਸ਼ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।







