Kartarpur Corridor: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਲਾਂਘਾ ਖੋਲ੍ਹਣ ਦੀ ਅਪੀਲ, ‘ਵਾਰਿਸ ਪੰਜਾਬ ਦੇ’ ਨੇ PM ਮੋਦੀ ਨੂੰ ਲਿਖਿਆ ਪੱਤਰ
ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਉਠਾਈ ਗਈ ਹੈ। ਇਸ ਸਬੰਧੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 24 ਨਵੰਬਰ 2026 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਨੂੰ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇਗਾ।
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀ ਰਹਿ ਰਹੀ ਸਿੱਖ ਸੰਗਤ
ਪ੍ਰਧਾਨ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਵਿਧਾਇਕਾਂ ਨੇ ਸਿੱਖ ਭਾਈਚਾਰੇ ਲਈ ਸ੍ਰੀ ਕਰਤਾਰਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਸਥਿਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਨਾ ਕਰ ਸਕਣ ਕਾਰਨ ਸਿੱਖ ਸੰਗਤ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਮੌਕੇ ’ਤੇ ਵੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦਾ ਮੌਕਾ ਨਹੀਂ ਮਿਲ ਰਿਹਾ। ਲਾਂਘੇ ਦੇ ਲਗਾਤਾਰ ਬੰਦ ਰਹਿਣ ਕਾਰਨ ਲੱਖਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਦਿੱਤਾ ਹਵਾਲਾ
ਆਗੂਆਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਮੰਗ ਸਿਰਫ਼ ਇੱਕ ਧਾਰਮਿਕ ਮੰਗ ਨਹੀਂ, ਸਗੋਂ ਸਮੁੱਚੇ ਸਿੱਖ ਭਾਈਚਾਰੇ ਦੀ ਸ਼ਰਧਾ ਅਤੇ ਅਰਦਾਸ ਨਾਲ ਜੁੜਿਆ ਮਾਮਲਾ ਹੈ।
ਪੱਤਰ ਵਿੱਚ ਕਿਹਾ ਗਿਆ ਹੈ, “ਅਸੀਂ ਤੁਹਾਨੂੰ ਇਹ ਪੱਤਰ ਸਿਰਫ਼ ਕੋਈ ਧਾਰਮਿਕ ਮੰਗ ਰੱਖਣ ਲਈ ਨਹੀਂ ਲਿਖ ਰਹੇ, ਸਗੋਂ ਸਮੁੱਚੇ ਸਿੱਖ ਭਾਈਚਾਰੇ ਦੀ ਪੀੜ, ਸ਼ਰਧਾ ਅਤੇ ਅਰਦਾਸ ਨੂੰ ਤੁਹਾਡੇ ਤੱਕ ਪਹੁੰਚਾਉਣ ਲਈ ਲਿਖ ਰਹੇ ਹਾਂ।”
ਆਗੂਆਂ ਨੇ ਕਿਹਾ ਕਿ ਹਰ ਸਿੱਖ ਦੇ ਮਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਤਾਂਘ ਹੈ ਅਤੇ ਲਾਂਘਾ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਣ ਤੋਂ ਵਾਂਝੇ ਹਨ।
ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਣ ਦੀ ਅਪੀਲ
ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਸਿੱਖ ਸੰਗਤ ਵੱਲੋਂ ਰੋਜ਼ਾਨਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅਰਦਾਸ ਕੀਤੀ ਜਾਂਦੀ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਮੁੜ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਸਿੱਖ ਸ਼ਰਧਾਲੂ ਇਸ ਇਤਿਹਾਸਕ ਗੁਰਧਾਮ ਦੇ ਦਰਸ਼ਨ ਕਰ ਸਕਣ।







