ਐਲਪੀਯੂ ਹਿੰਸਾ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਅਦਾਲਤ ਨੇ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
ਫਗਵਾੜਾ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਕੁਝ ਦਿਨ ਪਹਿਲਾਂ ਹੋਈ ਹਿੰਸਾ, ਭੰਨਤੋੜ ਅਤੇ ਹੋਰ ਘਟਨਾਵਾਂ ਦੇ ਮਾਮਲੇ ਵਿੱਚ ਪੁਲੀਸ ਨੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਨੌਜਵਾਨਾਂ ਵਿੱਚੋਂ ਇੱਕ ਦੇ ਐਲਪੀਯੂ ਦਾ ਵਿਦਿਆਰਥੀ ਹੋਣ ਦੀ ਜਾਣਕਾਰੀ ਮਿਲੀ ਹੈ, ਜਦਕਿ ਇੱਕ ਹੋਰ ਨੌਜਵਾਨ ਫਗਵਾੜਾ ਦੇ ਮੁਹੱਲਾ ਟਿੱਬੀ ਦਾ ਵਸਨੀਕ ਅਤੇ ਡੋਮੀਨੋਜ਼ ਵਿੱਚ ਡਿਲਿਵਰੀ ਦਾ ਕੰਮ ਕਰਨ ਵਾਲਾ ਦੱਸਿਆ ਗਿਆ ਹੈ। ਪੁਲੀਸ ਨੇ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਪੁਲੀਸ ਮੁਤਾਬਕ ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਗਗਨ, ਜੇਮਸ ਦਹੀਆ ਅਤੇ ਅਭੀ ਵਜੋਂ ਹੋਈ ਹੈ। ਅਧਿਕਾਰੀਆਂ ਅਨੁਸਾਰ ਵੀਡੀਓ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਤੋਂ ਬਾਅਦ ਇਨ੍ਹਾਂ ਦੀ ਪਛਾਣ ਕੀਤੀ ਗਈ। ਸਤੰਬਰ ਦੇ ਅੰਤ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀਆਂ ਖ਼ਬਰਾਂ ਫੈਲਣ ਤੋਂ ਬਾਅਦ ਐਲਪੀਯੂ ਵਿੱਚ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਬਾਅਦ ਵਿੱਚ ਇਹ ਪ੍ਰਦਰਸ਼ਨ ਹਿੰਸਕ ਹੋ ਗਿਆ ਅਤੇ ਕੈਂਪਸ ਵਿੱਚ ਭੰਨਤੋੜ, ਅੱਗਜ਼ਨੀ, ਪੁਲੀਸ ਨਾਲ ਝੜਪਾਂ ਅਤੇ ਐਨਐਚ-44 ’ਤੇ ਆਵਾਜਾਈ ਪ੍ਰਭਾਵਿਤ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ।
ਪੁਲੀਸ ਸੂਤਰਾਂ ਅਨੁਸਾਰ ਹਿੰਸਾ ਨਾਲ ਸਬੰਧਤ ਵੀਡੀਓਜ਼, ਵਾਇਰਲ ਸੋਸ਼ਲ ਮੀਡੀਆ ਕਲਿੱਪਾਂ, ਸੀਸੀਟੀਵੀ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਆਧਾਰ ’ਤੇ ਕਥਿਤ ਤੌਰ ’ਤੇ ਹਿੰਸਾ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਟੀਮਾਂ ਵੱਲੋਂ ਹੋਰ ਸ਼ੱਕੀਆਂ ਦੀ ਭਾਲ ਵੀ ਜਾਰੀ ਹੈ।
ਗ੍ਰਿਫ਼ਤਾਰ ਕੀਤੇ ਗਏ ਗਗਨ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਉਸ ਦੀ ਗ੍ਰਿਫ਼ਤਾਰੀ ਦੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਗਗਨ ਦੇ ਮਾਮੇ ਮੁਤਾਬਕ ਉਹ ਪਿਛਲੇ ਦਿਨ ਤੋਂ ਲਾਪਤਾ ਸੀ ਅਤੇ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਉਸ ਨੇ ਫੋਨ ਕਰਕੇ ਪਰਿਵਾਰ ਨੂੰ ਗ੍ਰਿਫ਼ਤਾਰੀ ਬਾਰੇ ਦੱਸਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਫਗਵਾੜਾ ਅਦਾਲਤ ਪਹੁੰਚੇ।
ਪਰਿਵਾਰ ਨੇ ਦੱਸਿਆ ਕਿ ਗਗਨ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ ਅਤੇ ਉਹ ਲਗਭਗ ਡੇਢ ਮਹੀਨੇ ਤੋਂ ਡੋਮੀਨੋਜ਼ ਵਿੱਚ ਡਿਲਿਵਰੀ ਦਾ ਕੰਮ ਕਰ ਰਿਹਾ ਸੀ। ਪਰਿਵਾਰ ਨੇ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਦੂਜੇ ਪਾਸੇ, ਥਾਣਾ ਸਤਨਾਮਪੁਰਾ ਦੇ ਅਧਿਕਾਰੀ ਨੇ ਤਿੰਨ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ, ਹਾਲਾਂਕਿ ਉਨ੍ਹਾਂ ਨੇ ਮੁਲਜ਼ਮਾਂ ਦੀ ਕਥਿਤ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ।
ਪੁਲੀਸ ਰਿਮਾਂਡ ਦੌਰਾਨ ਤਿੰਨਾਂ ਤੋਂ ਹਿੰਸਾ ਵਿੱਚ ਉਨ੍ਹਾਂ ਦੀ ਕਥਿਤ ਭੂਮਿਕਾ, ਹੋਰ ਵਿਅਕਤੀਆਂ ਨਾਲ ਸੰਪਰਕ ਅਤੇ ਘਟਨਾ ਨਾਲ ਜੁੜੇ ਹੋਰ ਪੱਖਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਵਿੱਚ ਇਹ ਪੱਖ ਵੀ ਸਾਹਮਣੇ ਆਇਆ ਹੈ ਕਿ ਹਿੰਸਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਕੁਝ ਲੋਕ ਹੋਰਨਾਂ ਰਾਜਾਂ ਨਾਲ ਸਬੰਧਤ ਹੋ ਸਕਦੇ ਹਨ। ਪੁਲੀਸ ਵੱਲੋਂ ਤਕਨੀਕੀ ਅਤੇ ਡਿਜੀਟਲ ਸਬੂਤਾਂ ਦੀ ਮਦਦ ਨਾਲ ਉਨ੍ਹਾਂ ਦੀ ਪਛਾਣ ਕਰਨ ਦੀ ਕਾਰਵਾਈ ਚੱਲ ਰਹੀ ਹੈ।
ਇਸ ਤੋਂ ਪਹਿਲਾਂ ਐਲਪੀਯੂ ਵਿੱਚ ਹੋਈ ਹਿੰਸਾ ਨੂੰ ਲੈ ਕੇ ਥਾਣਾ ਸਤਨਾਮਪੁਰਾ ਅਤੇ ਸਦਰ ਫਗਵਾੜਾ ਵਿੱਚ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਸਨ। ਇਨ੍ਹਾਂ ਮਾਮਲਿਆਂ ਵਿੱਚ ਹਾਈਵੇਅ ਰੋਕਣ, ਪੁਲੀਸ ਨਾਲ ਝੜਪ, ਭੰਨਤੋੜ ਅਤੇ ਲੁੱਟ-ਖੋਹ ਸਮੇਤ ਵੱਖ-ਵੱਖ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਪੜਤਾਲ ਲਈ ਪੁਲੀਸ ਵੱਲੋਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੀ ਬਣਾਈ ਗਈ ਹੈ।







