‘ਆਪ’ ਤੇ ਕਾਂਗਰਸ ਦੇ ਕਈ ਸਰਗਰਮ ਵਰਕਰਾਂ ਨੇ ਫੜਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਸਬੰਧਤ ਕਈ ਸਰਗਰਮ ਵਰਕਰਾਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਮੂਲੀਅਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਪ੍ਰੈੱਸ ਕਲੱਬ ਵਿਖੇ ਹੋਈ ਪ੍ਰੈੱਸ ਕਾਨਫ਼ਰੰਸ ਦੌਰਾਨ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ।
ਪਾਰਟੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਅਤੇ ਪੰਜਾਬ ਕਾਂਗਰਸ ਦੇ ਅੰਮ੍ਰਿਤਸਰ ਪੱਛਮੀ ਹਲਕੇ ਦੇ ਸਾਬਕਾ ਸਪੋਰਟਸ ਵਿੰਗ ਚੇਅਰਮੈਨ ਗੁਰਦੇਵ ਜੱਜੀ, ਹਲਕਾ ਅਟਾਰੀ ਤੋਂ ਜਸਵਿੰਦਰ ਸਿੰਘ ਜਹਾਂਗੀਰ ਅਤੇ ਅੰਮ੍ਰਿਤਸਰ ਪੱਛਮੀ ਤੋਂ ਜਸਬੀਰ ਸਿੰਘ ਵਡਾਲੀ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।
ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਵਿਚਾਰਧਾਰਾ, ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਦੇ ਉਦੇਸ਼ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਾਰਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਬਾਪੂ ਤਰਸੇਮ ਸਿੰਘ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨ ਵਾਸਤੇ ਪਾਰਟੀ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰੇਗੀ।
ਇਸ ਮੌਕੇ ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ, ਅਮਨਦੀਪ ਸਿੰਘ ਡੱਡੂਆਣਾ, ਸੁਖਬੀਰ ਸਿੰਘ ਚੀਮਾ, ਦਿਆ ਸਿੰਘ, ਹਰਕਮਲਪ੍ਰੀਤ ਸਿੰਘ, ਪਲਵਿੰਦਰ ਸਿੰਘ, ਮਹਿੰਦਰ ਸਿੰਘ ਤੁੰਗ, ਸੁਖਰਾਜ ਸਿੰਘ ਸੁਲਤਾਨਵਿੰਡ, ਵਿਸ਼ਾਲ ਸਿੰਘ ਖ਼ਾਲਸਾ, ਕੁਲਦੀਪ ਸਿੰਘ ਵਡਾਲੀ, ਕੁਲਦੀਪ ਸਿੰਘ ਠੇਕੇਦਾਰ, ਕੁਲਵਿੰਦਰ ਸਿੰਘ ਵਡਾਲੀ, ਜੋਬਨ ਰੰਧਾਵਾ, ਮਨਜਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਪੀ, ਰਾਜਦੀਪ ਸਿੰਘ ਮੱਟੂ, ਨਿਸ਼ਾਨ ਸਿੰਘ ਡੇਅਰੀ ਵਾਲੇ, ਬਾਬਾ ਗੁਰਪਾਲ ਸਿੰਘ, ਜਸਵੰਤ ਸਿੰਘ ਮਾਨ, ਓਅੰਕਾਰ ਸਿੰਘ, ਬਾਬਾ ਜਗਰੂਪ ਸਿੰਘ, ਹਰਜੀਤ ਸਿੰਘ, ਮਨੀ ਖਾਪੜਖੇੜੀ ਅਤੇ ਵਿੱਕੀ ਵਡਾਲੀ ਸਮੇਤ ਹੋਰ ਹਾਜ਼ਰ ਸਨ।







