NCERT AI Module: 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ NCERT ਦੀ ਨਵੀਂ ਪਹਿਲ, AI ਸਿੱਖਿਆ ਲਈ ਮੋਡਿਊਲ ਜਾਰੀ
ਨਵੀਂ ਦਿੱਲੀ: ਸਿੱਖਿਆ ਦੇ ਖੇਤਰ ਵਿੱਚ ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (NCERT) ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਪਿਊਟੇਸ਼ਨਲ ਥਿੰਕਿੰਗ (CT) ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਸਬੰਧਤ ਇੱਕ ਨਵਾਂ ਸ਼ੁਰੂਆਤੀ ਮੋਡਿਊਲ ਪੇਸ਼ ਕੀਤਾ ਹੈ।
ਇਹ ਮੋਡਿਊਲ ਰਾਸ਼ਟਰੀ ਸਿੱਖਿਆ ਨੀਤੀ (NEP) 2020 ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਬੁਨਿਆਦੀ ਧਾਰਨਾਵਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਤਕਨਾਲੋਜੀ ਨਾਲ ਜੁੜੇ ਭਵਿੱਖ ਲਈ ਤਿਆਰ ਕਰਨਾ ਹੈ।
NCERT ਮੁਤਾਬਕ ਇਹ ਮੋਡਿਊਲ ਖ਼ਾਸ ਤੌਰ ’ਤੇ ਉਨ੍ਹਾਂ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ ਜੋ ਪਹਿਲੀ ਵਾਰ AI ਅਤੇ ਕੰਪਿਊਟੇਸ਼ਨਲ ਥਿੰਕਿੰਗ ਬਾਰੇ ਸਿੱਖਣਾ ਸ਼ੁਰੂ ਕਰ ਰਹੇ ਹਨ। ਇਸ ਰਾਹੀਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕ ਸੋਚ ਅਤੇ ਜ਼ਿੰਮੇਵਾਰੀ ਨਾਲ ਤਕਨਾਲੋਜੀ ਦੀ ਵਰਤੋਂ ਕਰਨ ਦੀ ਸਮਰੱਥਾ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ।
NCERT ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ ਇਸ ਮੋਡਿਊਲ ਵਿੱਚ ਵਿਹਾਰਕ ਅਤੇ ਗਤੀਵਿਧੀਆਂ ’ਤੇ ਆਧਾਰਿਤ ਸਿੱਖਿਆ ਨੂੰ ਤਰਜੀਹ ਦਿੱਤੀ ਗਈ ਹੈ। ਵਿਦਿਆਰਥੀ ਡਿਜੀਟਲ ਉਪਕਰਨਾਂ ਦੀ ਮਦਦ ਨਾਲ ਜਾਂ ਉਨ੍ਹਾਂ ਤੋਂ ਬਿਨਾਂ ਵੀ ਵੱਖ-ਵੱਖ ਗਤੀਵਿਧੀਆਂ ਰਾਹੀਂ ਸਿੱਖ ਸਕਣਗੇ। ਇਸ ਨਾਲ ਉਨ੍ਹਾਂ ਦੀ ਤਰਕਸ਼ੀਲ ਸੋਚ, ਰਚਨਾਤਮਕਤਾ ਅਤੇ ਸਮੱਸਿਆਵਾਂ ਦਾ ਹੱਲ ਲੱਭਣ ਦੀ ਯੋਗਤਾ ਨੂੰ ਉਤਸ਼ਾਹ ਮਿਲੇਗਾ।
ਇਸ ਤੋਂ ਇਲਾਵਾ ਮੋਡਿਊਲ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਨੈਤਿਕ ਅਤੇ ਜ਼ਿੰਮੇਵਾਰ ਵਰਤੋਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਵਿਦਿਆਰਥੀਆਂ ਨੂੰ ਡਾਟਾ ਗੋਪਨੀਯਤਾ, ਨਿਰਪੱਖਤਾ, ਡਿਜੀਟਲ ਸੁਰੱਖਿਆ ਅਤੇ ਜਾਣਕਾਰੀ ਦੀ ਸੱਚਾਈ ਦੀ ਜਾਂਚ ਕਰਨ ਵਰਗੇ ਅਹਿਮ ਵਿਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਨਵੀਂ ਪਹਿਲ ਰਾਹੀਂ NCERT ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ AI ਤਕਨਾਲੋਜੀ ਬਾਰੇ ਜਾਣਕਾਰੀ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਵਿੱਚ ਇਸ ਦੀ ਸਹੀ, ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਕਰਨ ਦੀ ਸਮਝ ਵੀ ਵਿਕਸਿਤ ਕਰਨਾ ਹੈ।







