ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, ਵੱਡੀ ਗਿਣਤੀ ’ਚ ਸੰਗਤ ਹੋਈ ਨਤਮਸਤਕ
ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਅਤੇ ਸਿੱਖਾਂ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਪਵਿੱਤਰ ਦਿਹਾੜੇ ’ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਪਹੁੰਚ ਕੇ ਮੱਥਾ ਟੇਕ ਰਹੀ ਹੈ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਪ੍ਰਗਟ ਕਰ ਰਹੀ ਹੈ।
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਜਲੌ ਸਜਾਏ ਗਏ ਹਨ। ਗੁਰੂ ਘਰ ਦੀ ਮੁੱਖ ਇਮਾਰਤ ਤੋਂ ਇਲਾਵਾ ਦਰਸ਼ਨੀ ਡਿਉੜੀ, ਪੁਲ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਸਮੇਤ ਵੱਖ-ਵੱਖ ਥਾਵਾਂ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਸੁੰਦਰ ਸਜਾਵਟ ਨਾਲ ਸਮੁੱਚੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀ ਰੌਣਕ ਹੋਰ ਵਧ ਗਈ ਹੈ। ਬੀਤੇ ਦਿਨ ਤੋਂ ਹੀ ਸ਼ਰਧਾਲੂਆਂ ਦੀ ਆਮਦ ਲਗਾਤਾਰ ਜਾਰੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਚੱਲ ਰਹੀ ਹੈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰ ਰਹੀ ਹੈ।
ਇਸ ਪਾਵਨ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੰਗਤ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ। ਗੁਰਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਪਕਵਾਨ ਤਿਆਰ ਕੀਤੇ ਗਏ ਹਨ ਅਤੇ ਹਜ਼ਾਰਾਂ ਸ਼ਰਧਾਲੂ ਪੰਗਤ ਵਿੱਚ ਬੈਠ ਕੇ ਗੁਰੂ ਕਾ ਲੰਗਰ ਛਕ ਰਹੇ ਹਨ। ਇਸ ਦੇ ਨਾਲ ਹੀ ਸ਼ਾਮ ਸਮੇਂ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਦਾ ਪ੍ਰੋਗਰਾਮ ਵੀ ਰੱਖਿਆ ਗਿਆ ਹੈ। ਗੁਰੂ ਘਰ ਦੀਆਂ ਇਮਾਰਤਾਂ ਨੂੰ ਦੀਪਮਾਲਾ ਨਾਲ ਰੁਸ਼ਨਾਉਣ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਗੁਰੂ ਸਾਹਿਬ ਦੇ ਜੀਵਨ, ਮਹਾਨ ਇਤਿਹਾਸ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਸੇਧ ਲੈਂਦਿਆਂ ਸੇਵਾ, ਨਿਮਰਤਾ ਅਤੇ ਗੁਰਮਤਿ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਦੀ ਭਲਾਈ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ।







