ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਤੰਤਰਤਾ ਦਿਵਸ ਤੋਂ ਇਕ ਦਿਨ ਪਹਿਲਾਂ 1947 ਦੀ ਵੰਡ ਦੌਰਾਨ ਦੁੱਖ ਝੱਲਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੇਂਦਰ ਸਰਕਾਰ ਵੱਲੋਂ 2021 ਤੋਂ ਹਰ ਸਾਲ 14 ਅਗਸਤ ਨੂੰ ‘ਵੰਡ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਵਜੋਂ ਮਨਾਇਆ ਜਾਂਦਾ ਹੈ, ਤਾਂ ਜੋ ਵੰਡ ਦੇ ਸਮੇਂ ਮਾਰੇ ਗਏ ਅਤੇ ਬੇਘਰ ਹੋਏ ਲੋਕਾਂ ਦੀ ਯਾਦ ਨੂੰ ਸਨਮਾਨ ਦਿੱਤਾ ਜਾ ਸਕੇ।
ਐਕਸ ’ਤੇ ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਿਨ ਅਸੀਂ ਉਹਨਾਂ ਲੱਖਾਂ ਲੋਕਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਦੀ ਜ਼ਿੰਦਗੀ ਵੰਡ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਉਨ੍ਹਾਂ ਕਿਹਾ ਕਿ ਇਤਿਹਾਸ ਦੇ ਉਸ ਦਰਦਨਾਕ ਦੌਰ ਨੇ ਅਨੇਕਾਂ ਪਰਿਵਾਰਾਂ ਨੂੰ ਵਿਛੋੜੇ ਅਤੇ ਅਥਾਹ ਪੀੜ ਦਾ ਸਾਹਮਣਾ ਕਰਵਾਇਆ।
ਮੋਦੀ ਨੇ ਕਿਹਾ ਕਿ ਭਾਵੇਂ ਲੋਕਾਂ ਨੇ ਬੇਹੱਦ ਮੁਸ਼ਕਲਾਂ ਅਤੇ ਸੰਘਰਸ਼ ਸਹੇ, ਫਿਰ ਵੀ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ। ਨਵੇਂ ਸਿਰੇ ਤੋਂ ਜੀਵਨ ਸ਼ੁਰੂ ਕਰਕੇ ਉਨ੍ਹਾਂ ਨੇ ਆਪਣੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਦੇਸ਼ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਉਨ੍ਹਾਂ ਕਿਹਾ ਕਿ ਵੰਡ ਦੇ ਪੀੜਤਾਂ ਦੀਆਂ ਕਹਾਣੀਆਂ ਮਨੁੱਖੀ ਹੌਸਲੇ ਅਤੇ ਜਜ਼ਬੇ ਦੀ ਮਿਸਾਲ ਹਨ। ਪ੍ਰਧਾਨ ਮੰਤਰੀ ਨੇ ਆਸ ਜਤਾਈ ਕਿ ਇਹ ਦਿਨ ਦੇਸ਼ ਵਾਸੀਆਂ ਨੂੰ ਆਪਸੀ ਸਦਭਾਵਨਾ, ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਸਾਰਿਆਂ ਨੂੰ ‘ਵਿਕਸਤ ਭਾਰਤ’ ਦੇ ਨਿਰਮਾਣ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਵੀ ਦਿੱਤਾ।







