Powercom ਨੇ ਵਿਚੋਲਗੀ ਫੀਸ ਵਾਲੀ ਕਰਜ਼ਾ ਯੋਜਨਾ ਕੀਤੀ ਰੱਦ

Powercom ਨੇ 10 ਹਜ਼ਾਰ ਕਰੋੜ ਦੇ ਬਾਂਡ ਦੀ ਯੋਜਨਾ ਕੀਤੀ ਰੱਦ, ਹੁਣ ਬੈਂਕਾਂ ਤੋਂ ਲਵੇਗਾ 5500 ਕਰੋੜ ਦਾ ਕਰਜ਼ਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਬਾਂਡ ਜਾਰੀ ਕਰਕੇ 10 ਹਜ਼ਾਰ ਕਰੋੜ ਰੁਪਏ ਦੀ ਪੂੰਜੀ ਜੁਟਾਉਣ ਦੀ ਆਪਣੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਹੁਣ ਪਾਵਰਕੌਮ ਵੱਲੋਂ ਪੰਜਾਬ ਸਰਕਾਰ ਦੀ ਗਾਰੰਟੀ ’ਤੇ ਬੈਂਕਾਂ ਤੋਂ 5500 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ 10 ਹਜ਼ਾਰ ਕਰੋੜ ਰੁਪਏ ਬਾਂਡ ਰਾਹੀਂ ਜੁਟਾਉਣ ਲਈ ਕਰੀਬ 150 ਕਰੋੜ ਰੁਪਏ ਦੀ ਵਿਚੋਲਗੀ ਜਾਂ ਅਰੇਂਜਰ ਫੀਸ ਦੇਣ ਦੀ ਯੋਜਨਾ ਸਾਹਮਣੇ ਆਈ ਸੀ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਵਾਲ ਉਠਾਏ ਗਏ ਸਨ ਅਤੇ ਸੱਤਾਧਾਰੀ ਧਿਰ ਦੀ ਆਲੋਚਨਾ ਕੀਤੀ ਗਈ ਸੀ।

ਸੂਤਰਾਂ ਮੁਤਾਬਕ ਪਾਵਰਕੌਮ ਦੇ ਬੋਰਡ ਆਫ ਡਾਇਰੈਕਟਰਜ਼ ਦੀ 30 ਸਤੰਬਰ ਨੂੰ ਹੋਈ ਮੀਟਿੰਗ ਵਿੱਚ 10 ਹਜ਼ਾਰ ਕਰੋੜ ਰੁਪਏ ਦੇ ਬਾਂਡ ਜਾਰੀ ਕਰਨ ਦਾ ਪ੍ਰਸਤਾਵ ਰੱਦ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਵਿੱਚ ਇਹ ਗੱਲ ਸਾਹਮਣੇ ਆਈ ਕਿ ਬਾਂਡ ਦੀ ਤੁਲਨਾ ਵਿੱਚ ਬੈਂਕਾਂ ਤੋਂ ਮਿਲਣ ਵਾਲਾ ਕਰਜ਼ਾ ਘੱਟ ਲਾਗਤ ਵਾਲਾ ਰਹੇਗਾ।

ਇਸ ਤੋਂ ਪਹਿਲਾਂ ਪਾਵਰਕੌਮ ਵੱਲੋਂ ਮਰਚੈਂਟ ਬੈਂਕਰ ਦੀ ਨਿਯੁਕਤੀ ਦੀ ਪ੍ਰਕਿਰਿਆ ਚਲਾਈ ਜਾ ਰਹੀ ਸੀ। ਇਸ ਤਹਿਤ ਅਰੇਂਜਰ ਫੀਸ ਵਜੋਂ ਕਰੀਬ 150 ਕਰੋੜ ਤੋਂ 177 ਕਰੋੜ ਰੁਪਏ ਤੱਕ ਦੀ ਰਕਮ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਇਸ ਫੀਸ ਨੂੰ ਲੈ ਕੇ ਵੀ ਸਵਾਲ ਉੱਠੇ ਸਨ।

ਭਾਵੇਂ 10 ਹਜ਼ਾਰ ਕਰੋੜ ਰੁਪਏ ਬਾਂਡ ਰਾਹੀਂ ਜੁਟਾਉਣ ਦਾ ਪ੍ਰਸਤਾਵ ਹੁਣ ਰੱਦ ਹੋ ਗਿਆ ਹੈ, ਪਰ ਪਾਵਰਕੌਮ ਨੂੰ 5500 ਕਰੋੜ ਰੁਪਏ ਦਾ ਕਰਜ਼ਾ ਲੈਣਾ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ ਦੀ ਅਦਾਇਗੀ ਦਾ ਬਕਾਇਆ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਪਾਵਰਕੌਮ ਦੀ ਵਿੱਤੀ ਲੋੜ ਵੀ ਵਧ ਰਹੀ ਹੈ।

ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਗਮਾਡਾ ਵੱਲੋਂ ਲਏ ਜਾਣ ਵਾਲੇ ਕਰਜ਼ੇ ਅਤੇ ਉਸ ਨਾਲ ਜੁੜੀ ਵਿਚੋਲਗੀ ਫੀਸ ਨੂੰ ਲੈ ਕੇ ਵੀ ਮਾਮਲਾ ਚਰਚਾ ਵਿੱਚ ਹੈ।