Punjab Congress Protest: CM ਰਿਹਾਇਸ਼ ਦੇ ਘਿਰਾਓ ਲਈ ਵਧੇ ਕਾਂਗਰਸੀ, ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਨਾਲ ਰੋਕਿਆ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਘਿਰਾਓ ਕਰਨ ਲਈ ਵਧੇ, ਪਰ ਪੁਲੀਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ, ਜਿਸ ਤੋਂ ਬਾਅਦ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਕਰਕੇ ਭੀੜ ਨੂੰ ਪਿੱਛੇ ਹਟਾਇਆ।
ਪ੍ਰਦਰਸ਼ਨ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਨੇ ਆਪਣੇ ਆਖਰੀ ਬਿਆਨ ਵਿੱਚ ਇਸ ਘਟਨਾ ਲਈ ਚੀਮਾ ਨੂੰ ਜ਼ਿੰਮੇਵਾਰ ਦੱਸਿਆ ਸੀ।
ਵੜਿੰਗ ਨੇ ਸ਼ੇਰੋਂ ਪਿੰਡ ਦੇ ਮੋਹਣਜੀਤ ਸਿੰਘ ਨਾਲ ਵਾਪਰੀ ਕਥਿਤ ਪੁਲੀਸ ਤਸ਼ੱਦਦ ਦੀ ਘਟਨਾ ਵੀ ਚੁੱਕੀ। ਉਨ੍ਹਾਂ ਕਿਹਾ ਕਿ ਮੋਹਣਜੀਤ ਸਿੰਘ ਵੱਲੋਂ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਤੋਂ ਬਾਅਦ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਤਸ਼ੱਦਦ ਕੀਤਾ ਗਿਆ। ਉਨ੍ਹਾਂ ਜਬਰ-ਜਨਾਹ ਦੇ ਇੱਕ ਮਾਮਲੇ ਵਿੱਚ ਕਥਿਤ ਮੁਲਜ਼ਮ ਨੂੰ ਮਿਲ ਰਹੀ ਸਰਪ੍ਰਸਤੀ ਨੂੰ ਲੈ ਕੇ ਵੀ ਮੁੱਖ ਮੰਤਰੀ ਦੀ ਚੁੱਪ ’ਤੇ ਸਵਾਲ ਖੜ੍ਹੇ ਕੀਤੇ।
ਭਾਜਪਾ-‘ਆਪ’ ਵਿਚਾਲੇ ਗੁਪਤ ਸਮਝੌਤੇ ਦਾ ਦੋਸ਼
ਰਾਜਾ ਵੜਿੰਗ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਕਥਿਤ ਗੁਪਤ ਸਮਝੌਤੇ ਦਾ ਦੋਸ਼ ਵੀ ਲਾਇਆ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਗੁਜਰਾਤ ਵਿੱਚ ‘ਆਪ’ ਰਾਹੀਂ ਵਿਰੋਧੀ ਵੋਟਾਂ ਵੰਡਵਾਉਣਾ ਚਾਹੁੰਦੀ ਹੈ, ਜਦਕਿ ਬਦਲੇ ਵਿੱਚ ਪੰਜਾਬ ਵਿੱਚ ‘ਆਪ’ ਦੀ ਮਦਦ ਕੀਤੀ ਜਾ ਰਹੀ ਹੈ।
ਉਨ੍ਹਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ’ਤੇ ਵੀ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਈਡੀ ਅਤੇ ਪੰਜਾਬ ਪੁਲੀਸ ਵਿਚਕਾਰ ‘ਫਿਕਸ ਮੈਚ’ ਖੇਡਿਆ ਜਾ ਰਿਹਾ ਹੈ। ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੇ ਮਾਮਲੇ ਵਿੱਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਦੇ ਮੁਕਾਬਲੇ ‘ਆਪ’ ਆਗੂਆਂ ਨਾਲ ਜੁੜੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਢਿੱਲ ਵਰਤੀ ਜਾ ਰਹੀ ਹੈ।
ਉਨ੍ਹਾਂ ਸਵਾਲ ਕੀਤਾ ਕਿ ਜੇਕਰ ਧਰਮਸੋਤ ਦੇ ਮਾਮਲੇ ਵਿੱਚ ਈਡੀ ਨੇ ਤੁਰੰਤ ਗ੍ਰਿਫ਼ਤਾਰੀ ਕੀਤੀ ਸੀ ਤਾਂ ਹੋਰ ਮਾਮਲਿਆਂ ਵਿੱਚ ਉਸੇ ਤਰ੍ਹਾਂ ਦੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।
ਇਸ ਰੋਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਹੋਏ। ਇਨ੍ਹਾਂ ਵਿੱਚ ਰਾਣਾ ਕੇ.ਪੀ. ਸਿੰਘ, ਅਮਿਤ ਵਿੱਜ, ਬਲਬੀਰ ਸਿੰਘ ਸਿੱਧੂ, ਬ੍ਰਹਮ ਮਹਿੰਦਰਾ, ਕੁਲਜੀਤ ਸਿੰਘ ਨਾਗਰਾ, ਸ਼ਮਸ਼ੇਰ ਸਿੰਘ ਦੂਲੋ, ਗੁਰਜੀਤ ਔਜਲਾ, ਦਲਵੀਰ ਗੋਲਡੀ, ਡਾ. ਰਾਜ ਕੁਮਾਰ ਵੇਰਕਾ, ਹਰਦਿਆਲ ਕੰਬੋਜ, ਕੈਪਟਨ ਸੰਦੀਪ ਸੰਧੂ, ਸਾਧੂ ਸਿੰਘ ਧਰਮਸੋਤ, ਨਿਸ਼ਾਤ ਅਖ਼ਤਰ, ਸੁਖਵਿੰਦਰ ਡੈਨੀ, ਹਰੀ ਖਾਈ, ਲਖਵੀਰ ਲੱਖਾ, ਸ਼ਾਮ ਸੁੰਦਰ ਅਰੋੜਾ, ਮਮਤਾ ਦੱਤਾ, ਕੁਲਬੀਰ ਜ਼ੀਰਾ, ਰਾਕੇਸ਼ ਪਾਂਡੇ, ਪਵਨ ਦੀਵਾਨ, ਸੁਨੀਲ ਦੱਤੀ, ਪਵਨ ਆਦੀਆ ਅਤੇ ਮੋਹਿਤ ਮਹਿੰਦਰਾ ਸਮੇਤ ਹੋਰ ਆਗੂ ਮੌਜੂਦ ਸਨ।







