Sachin Pilot Punjab Congress In-charge: ਪੰਜਾਬ ਕਾਂਗਰਸ ਦੀ ਧੜੇਬੰਦੀ ਖ਼ਤਮ ਕਰਨ ਦੀ ਜ਼ਿੰਮੇਵਾਰੀ ਸਚਿਨ ਪਾਇਲਟ ਨੂੰ, ਭੂਪੇਸ਼ ਬਘੇਲ ਅਸਾਮ ਤਬਦੀਲ
ਚੰਡੀਗੜ੍ਹ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਸੂਬੇ ਵਿੱਚ ਪਾਰਟੀ ਦੀ ਅੰਦਰੂਨੀ ਖਿੱਚੋਤਾਣ ਨੂੰ ਠੱਲ੍ਹ ਪਾਉਣ ਲਈ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਨੌਜਵਾਨ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਹ ਨਵੇਂ ਜਨਰਲ ਸਕੱਤਰ ਵਜੋਂ ਪੰਜਾਬ ਵਿੱਚ ਪਾਰਟੀ ਦੀਆਂ ਚੋਣੀ ਤਿਆਰੀਆਂ ਦੀ ਅਗਵਾਈ ਕਰਨਗੇ।
ਪੰਜਾਬ ਦੇ ਪੁਰਾਣੇ ਇੰਚਾਰਜ ਭੂਪੇਸ਼ ਬਘੇਲ ਨੂੰ ਇਸ ਜ਼ਿੰਮੇਵਾਰੀ ਤੋਂ ਹਟਾ ਕੇ ਹੁਣ ਅਸਾਮ ਦਾ ਇੰਚਾਰਜ ਬਣਾਇਆ ਗਿਆ ਹੈ। ਬਘੇਲ ਨੇ 14 ਫਰਵਰੀ 2025 ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਸੰਭਾਲੀ ਸੀ। ਉਨ੍ਹਾਂ ਦੀ ਤਬਦੀਲੀ ਮਗਰੋਂ ਪੰਜਾਬ ਕਾਂਗਰਸ ਦੇ ਸੰਗਠਨ ਵਿੱਚ ਹੋਰ ਬਦਲਾਅ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ।
ਬਘੇਲ ਦੇ ਹਟਣ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਧੜੇ ਨੂੰ ਰਾਹਤ ਮਿਲਣ ਦੀਆਂ ਚਰਚਾਵਾਂ ਹਨ। ਪਿਛਲੇ ਸਮੇਂ ਦੌਰਾਨ ਇਸ ਧੜੇ ਵੱਲੋਂ ਬਘੇਲ ’ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੱਖ ਪੂਰਨ ਦੇ ਦੋਸ਼ ਲਗਾਏ ਜਾਂਦੇ ਰਹੇ ਹਨ। ਹਾਈਕਮਾਂਡ ਵੱਲੋਂ ਹਾਲ ਹੀ ਵਿੱਚ ਪੰਜਾਬ ਦੀ ਸੂਬਾਈ ਲੀਡਰਸ਼ਿਪ ਨਾਲ ਕੀਤੀਆਂ ਮੀਟਿੰਗਾਂ ਤੋਂ ਬਾਅਦ ਇੰਚਾਰਜ ਬਦਲਣ ਦਾ ਫੈਸਲਾ ਲਿਆ ਗਿਆ ਹੈ।
ਇਸ ਬਦਲਾਅ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਪ੍ਰਸਤਾਵਿਤ ਹੈ। ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਵਿੱਚ ਬੱਸ ਯਾਤਰਾ ਸ਼ੁਰੂ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਨਵੇਂ ਇੰਚਾਰਜ ਦੀ ਨਿਯੁਕਤੀ ਨੂੰ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਧੜੇਬੰਦੀ ਨੂੰ ਖ਼ਤਮ ਕਰਨਾ ਸਚਿਨ ਪਾਇਲਟ ਲਈ ਸਭ ਤੋਂ ਵੱਡੀ ਚੁਣੌਤੀ ਹੋਵੇਗੀ। ਪਾਰਟੀ ਦੇ ਸੀਨੀਅਰ ਆਗੂਆਂ ਵਿਚਕਾਰ ਤਾਲਮੇਲ ਕਾਇਮ ਕਰਨਾ ਅਤੇ ਵੱਖ-ਵੱਖ ਧੜਿਆਂ ਨੂੰ ਇੱਕ ਮੰਚ ’ਤੇ ਲਿਆਉਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਰਹੇਗੀ। ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਇੱਕ ਨਿਰਪੱਖ ਚਿਹਰੇ ਵਜੋਂ ਪੰਜਾਬ ਭੇਜੇ ਜਾਣ ਦੀ ਚਰਚਾ ਹੈ।
ਸਚਿਨ ਪਾਇਲਟ ਦੀ ਨਿਯੁਕਤੀ ਨੂੰ ਆਗਾਮੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਚੁਣੌਤੀ ਦੇਣ ਅਤੇ ਨੌਜਵਾਨ ਵੋਟਰਾਂ ਨੂੰ ਕਾਂਗਰਸ ਨਾਲ ਜੋੜਨ ਦੀ ਰਣਨੀਤੀ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਭੂਪੇਸ਼ ਬਘੇਲ ਦੀ ਨਿਰਪੱਖਤਾ ਨੂੰ ਲੈ ਕੇ ਪਾਰਟੀ ਦੇ ਇੱਕ ਧੜੇ ਵੱਲੋਂ ਸਵਾਲ ਉਠਾਏ ਜਾਂਦੇ ਰਹੇ ਸਨ।
ਚੇਤੇ ਰਹੇ ਕਿ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਸੀ। ਇਸ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪ੍ਰਿਅੰਕਾ ਗਾਂਧੀ ਸਮੇਤ ਹੋਰ ਆਗੂ ਮੌਜੂਦ ਸਨ। ਪੰਜਾਬ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੁੱਦੇ ’ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਗੱਲ ਸਾਹਮਣੇ ਆਈ ਸੀ।
ਇਸ ਦੌਰਾਨ ਕਾਂਗਰਸ ਨੇ ਹੋਰ ਸੂਬਿਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਤਬਦੀਲੀਆਂ ਕੀਤੀਆਂ ਹਨ। ਭੂਪੇਸ਼ ਬਘੇਲ ਨੂੰ ਅਸਾਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਰਣਦੀਪ ਸਿੰਘ ਸੁਰਜੇਵਾਲਾ ਨੂੰ ਗੁਜਰਾਤ ਦਾ ਜਨਰਲ ਸਕੱਤਰ-ਇਨ-ਚਾਰਜ ਬਣਾਇਆ ਗਿਆ ਹੈ। ਉਹ ਕਰਨਾਟਕ ਦੀ ਜ਼ਿੰਮੇਵਾਰੀ ਵੀ ਸੰਭਾਲਦੇ ਰਹਿਣਗੇ। ਇਸੇ ਤਰ੍ਹਾਂ ਸੁਖਦੇਵ ਭਗਤ ਨੂੰ ਛੱਤੀਸਗੜ੍ਹ, ਡਾ. ਸਿਰੀਵੇਲਾ ਪ੍ਰਸਾਦ ਨੂੰ ਮਹਾਰਾਸ਼ਟਰ ਅਤੇ ਪੀ.ਵੀ. ਮੋਹਨ ਨੂੰ ਆਂਧਰਾ ਪ੍ਰਦੇਸ਼ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਭੂਪੇਸ਼ ਬਘੇਲ ਨੂੰ ਪੰਜਾਬ ਤੋਂ ਹਟਾਉਣ ਦੇ ਕਾਰਨਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੱਖ-ਵੱਖ ਚਰਚਾਵਾਂ ਹਨ। ਹਾਲਾਂਕਿ ਇਨ੍ਹਾਂ ਵਿੱਚੋਂ ਕੁਝ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹੁਣ ਸਾਰਿਆਂ ਦੀ ਨਜ਼ਰ ਸਚਿਨ ਪਾਇਲਟ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਏਕਤਾ ਅਤੇ ਚੋਣੀ ਰਣਨੀਤੀ ਨੂੰ ਲੈ ਕੇ ਹੋਣ ਵਾਲੇ ਅਗਲੇ ਕਦਮਾਂ ’ਤੇ ਰਹੇਗੀ।







