ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ਨੇ ਦਰਬਾਰ ਸਾਹਿਬ ਮੱਥਾ ਟੇਕਿਆ, 2027 ਲਈ ਏਕਤਾ ਦਾ ਦਿੱਤਾ ਸੁਨੇਹਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰੇ ਦੌਰਾਨ ਦੋਵਾਂ ਆਗੂਆਂ ਦੇ ਨਾਲ ਕਈ ਸੀਨੀਅਰ ਕਾਂਗਰਸੀ ਆਗੂ, ਮੌਜੂਦਾ ਤੇ ਸਾਬਕਾ ਵਿਧਾਇਕ, ਸਾਬਕਾ ਮੰਤਰੀ ਅਤੇ ਪਾਰਟੀ ਵਰਕਰ ਮੌਜੂਦ ਰਹੇ।
ਇਸ ਦੌਰੇ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਏਕਤਾ ਅਤੇ ਨਵੀਂ ਲੀਡਰਸ਼ਿਪ ਦਾ ਸੁਨੇਹਾ ਦੇਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਇਸ ਮੌਕੇ ਮੌਜੂਦ ਨਹੀਂ ਸਨ। ਉਹ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ ਕਾਰਨ ਅੰਮ੍ਰਿਤਸਰ ਨਹੀਂ ਪਹੁੰਚ ਸਕੇ।
ਇਸ ਤੋਂ ਪਹਿਲਾਂ ਪ੍ਰਗਟ ਸਿੰਘ ਅਤੇ ਸਚਿਨ ਪਾਇਲਟ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ, ਜਿੱਥੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਵਰਕਰਾਂ ਨੇ ਢੋਲ ਦੀਆਂ ਥਾਪਾਂ ਅਤੇ ਨਾਅਰੇਬਾਜ਼ੀ ਨਾਲ ਪ੍ਰਗਟ ਸਿੰਘ ਦਾ ਸਵਾਗਤ ਕੀਤਾ। ਕਈ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਵੀ ਆਪਣੇ ਸਮਰਥਕਾਂ ਸਮੇਤ ਹਵਾਈ ਅੱਡੇ ’ਤੇ ਪਹੁੰਚੇ ਹੋਏ ਸਨ।
ਹਵਾਈ ਅੱਡੇ ਤੋਂ ਸਚਿਨ ਪਾਇਲਟ ਖੁਦ ਕਾਰ ਚਲਾ ਕੇ ਪ੍ਰਗਟ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਗਏ। ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਪ੍ਰਗਟ ਸਿੰਘ ਨੇ ਉੱਥੇ ਮੌਜੂਦ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਆਏ ਹਨ।
ਪ੍ਰਗਟ ਸਿੰਘ ਦੇ ਸਵਾਗਤ ਲਈ ਪਹੁੰਚੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਪ੍ਰਗਟ ਸਿੰਘ ਨੇ ਨਿਮਾਣੇ ਸਿੱਖ ਵਜੋਂ ਸ੍ਰੀ ਹਰਿਮੰਦਰ ਸਾਹਿਬ ਜਾਣ ਦੀ ਇੱਛਾ ਪ੍ਰਗਟਾਈ ਸੀ, ਜਿਸ ਕਾਰਨ ਹਵਾਈ ਅੱਡੇ ’ਤੇ ਹੀ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸਾਬਕਾ ਵਿਧਾਇਕ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਨਵੀਂ ਅਗਵਾਈ ਹੇਠ ਕਾਂਗਰਸ ਦੇ ਇਕਜੁੱਟ ਹੋਣ ਦੀ ਉਮੀਦ ਹੈ। ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪ੍ਰਗਟ ਸਿੰਘ ਨੂੰ ਟੀਮ ਨੂੰ ਨਾਲ ਲੈ ਕੇ ਚੱਲਣ ਵਾਲਾ ਆਗੂ ਦੱਸਿਆ।
ਨਸ਼ਾ ਅਤੇ ਭ੍ਰਿਸ਼ਟਾਚਾਰ ਨੂੰ ਵੱਡੀਆਂ ਚੁਣੌਤੀਆਂ ਦੱਸਿਆ
ਇਸ ਮੌਕੇ ਸਚਿਨ ਪਾਇਲਟ ਨੇ ਪੰਜਾਬ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਲਈ ਬਿਹਤਰ ਭਵਿੱਖ ਦੀ ਉਮੀਦ ਜਤਾਈ। ਉਨ੍ਹਾਂ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਪੰਜਾਬ ਸਾਹਮਣੇ ਖੜ੍ਹੀਆਂ ਮੁੱਖ ਚੁਣੌਤੀਆਂ ਦੱਸਦਿਆਂ ਸੂਬੇ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ।
ਪਾਇਲਟ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਪ੍ਰਗਟ ਸਿੰਘ ਨੂੰ ਪੰਜਾਬ ਇਕਾਈ ਦੀ ਅਗਵਾਈ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇ ਸਾਰੇ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਆਗੂ ਮਿਲ ਕੇ ਕੰਮ ਕਰਨਗੇ। ਉਨ੍ਹਾਂ ਪੰਜਾਬ ਨੂੰ ਕਾਂਗਰਸ ਦੇ ਨਾਲ-ਨਾਲ ਦੇਸ਼ ਲਈ ਵੀ ਮਹੱਤਵਪੂਰਨ ਸੂਬਾ ਦੱਸਿਆ।
ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜੇਗੀ ਅਤੇ ਬਹੁਮਤ ਹਾਸਲ ਕਰਕੇ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਟੀਚਾ ਰੱਖੇਗੀ।







