Punjab Farmers Protest: ਸਰਕਾਰ ਨਾਲ ਗੱਲਬਾਤ ਨਾ ਬਣੀ ਤਾਂ ਕਿਸਾਨ ਮੋਰਚਾ ਹੋਰ ਲੰਮਾ ਹੋਣ ਦੇ ਆਸਾਰ
ਚੰਡੀਗੜ੍ਹ-ਮੁਹਾਲੀ: ਪੰਜਾਬ ਅਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਪਿਛਲੇ ਪੰਜ ਦਿਨਾਂ ਤੋਂ ਡਟੀਆਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਾਲੀਆਂ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼ ਨਜ਼ਰ ਆ ਰਹੀਆਂ ਹਨ। ਕਿਸਾਨਾਂ ਨਾਲ ਸਰਕਾਰ ਦੀ ਗੱਲਬਾਤ ਕਰਵਾਉਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਮੀਟਿੰਗ ਤੈਅ ਨਾ ਹੋਣ ਕਾਰਨ ਹੁਣ ਕਿਸਾਨ ਜਥੇਬੰਦੀਆਂ ਨੇ ਅਗਲੀ ਰਣਨੀਤੀ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ।
ਸੂਤਰਾਂ ਮੁਤਾਬਕ, ਸਰਕਾਰ ਵੱਲੋਂ ਗੱਲਬਾਤ ਲਈ ਸਮਾਂ ਨਾ ਦਿੱਤੇ ਜਾਣ ਦੀ ਸੂਰਤ ਵਿੱਚ ਐੱਸਕੇਐੱਮ ਵੱਲੋਂ 7 ਸਤੰਬਰ ਤੱਕ ਤੈਅ ਕੀਤਾ ਗਿਆ ਧਰਨਾ ਹੋਰ ਅੱਗੇ ਵਧਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ। ਜਥੇਬੰਦੀਆਂ ਮੋਰਚੇ ਵਿੱਚ ਕਿਸਾਨਾਂ ਦੀ ਲਗਾਤਾਰ ਵਧ ਰਹੀ ਸ਼ਮੂਲੀਅਤ ਤੋਂ ਸੰਤੁਸ਼ਟ ਹਨ। ਧਰਨੇ ਵਾਲੀ ਥਾਂ ’ਤੇ ਟਰੈਕਟਰ-ਟਰਾਲੀਆਂ ਦੀ ਆਮਦ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ, ਜਦਕਿ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਵੀ ਮੋਰਚੇ ਦਾ ਹਿੱਸਾ ਬਣ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਲਈ ਦਰਜਨ ਤੋਂ ਵੱਧ ਲੰਗਰ ਵੀ ਚੱਲ ਰਹੇ ਹਨ।
ਮੀਂਹ ਦੇ ਬਾਵਜੂਦ ਕਿਸਾਨਾਂ ਨੇ ਅੱਜ ਸ਼ਾਮ 5 ਤੋਂ 7 ਵਜੇ ਤੱਕ ਏਅਰਪੋਰਟ ਰੋਡ ਦੇ ਵੱਖ-ਵੱਖ ਚੌਕਾਂ ’ਤੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਹੱਥਾਂ ਵਿੱਚ ਆਪਣੀਆਂ ਮੰਗਾਂ ਸਬੰਧੀ ਬੈਨਰ ਅਤੇ ਝੰਡੇ ਫੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮੋਰਚੇ ਦੇ ਪੰਡਾਲ ਵਿੱਚ ਸਟੇਜ ਦੀ ਕਾਰਵਾਈ ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ, ਜਤਿੰਦਰ ਸਿੰਘ ਛੀਨਾ, ਦਲਵੀਰ ਸਿੰਘ ਸਿੱਧੂਪੁਰ, ਵੀਰ ਸਿੰਘ ਬੜਵਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਨਛੱਤਰ ਸਿੰਘ ਜੈਤੋ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਚਲਾਈ।
ਬੁਲਾਰਿਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਾਰ-ਵਾਰ ਸਰਕਾਰ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ, ਪਰ ਸਰਕਾਰ ਦਾ ਰਵੱਈਆ ਟਾਲ-ਮਟੋਲ ਵਾਲਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਮੀਟਿੰਗ ਕਰਕੇ ਮੋਰਚੇ ਦੇ ਅਗਲੇ ਪ੍ਰੋਗਰਾਮ ਸਬੰਧੀ ਫ਼ੈਸਲਾ ਲਿਆ ਜਾਵੇਗਾ।
ਅੱਜ ਹੋਈ ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਨਿਹਾਲਗੜ੍ਹ, ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਆਂਵਾਲਾ ਨੇ ਕੀਤੀ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਲੂਕ ਸਿੰਘ ਹੀਰਕੇ, ਬਲਦੇਵ ਸਿੰਘ ਭਾਈ ਰੂਪਾ, ਬੋਘ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਹਰਨੇਕ ਸਿੰਘ ਮਹਿਮਾ, ਬਲਦੇਵ ਸਿੰਘ ਨਿਹਾਲਗੜ੍ਹ, ਗੁਰਵਿੰਦਰ ਸਿੰਘ ਢਿੱਲੋਂ, ਡਾ. ਸਤਨਾਮ ਸਿੰਘ ਅਜਨਾਲਾ, ਧਨਵੰਤ ਸਿੰਘ ਖਤਰਾਏ ਕਲਾਂ, ਲਖਨਪਾਲ ਸ਼ਰਮਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਕੰਵਲਪ੍ਰੀਤ ਸਿੰਘ ਪੰਨੂ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਚਕਰ, ਪਰਮਵੀਰ ਸਿੰਘ ਚੱਕ ਮਾਹੀ, ਬੂਟਾ ਸਿੰਘ ਸ਼ਾਦੀਪੁਰ, ਸੁਖਦੇਵ ਸਿੰਘ ਅਰਾਈਆਂਵਾਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ ਅਤੇ ਹਰਭਜਨ ਸਿੰਘ ਬੁੱਟਰ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।







