Punjab Govt Action: ਹੜਤਾਲੀ ਮੁਲਾਜ਼ਮਾਂ ਲਈ ਸਰਕਾਰ ਨੇ ਲਾਗੂ ਕੀਤੀ ‘ਨੋ ਵਰਕ, ਨੋ ਪੇ’ ਨੀਤੀ

Punjab Government No Work No Pay Policy: ਹੜਤਾਲੀ ਮੁਲਾਜ਼ਮਾਂ ’ਤੇ ਸਰਕਾਰ ਦਾ ਸਖ਼ਤ ਰੁਖ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ ਅਖਤਿਆਰ ਕਰਦਿਆਂ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਦੀ ਨੀਤੀ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ‘ਕਲਮ ਛੋੜ ਹੜਤਾਲ’ ਨੂੰ 11 ਸਤੰਬਰ ਤੱਕ ਜਾਰੀ ਰੱਖਣ ਦੇ ਐਲਾਨ ਤੋਂ ਬਾਅਦ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਅੱਜ ਦੂਜੇ ਗੇੜ ਦੀ ਹੜਤਾਲ ਕਾਰਨ ਸੂਬੇ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ।

ਪੰਜਾਬ ਸਰਕਾਰ ਦੇ ਸੂਤਰਾਂ ਮੁਤਾਬਕ ਹੜਤਾਲ ਵਾਲੇ ਦਿਨਾਂ ਲਈ ‘ਨੋ ਵਰਕ, ਨੋ ਪੇ’ ਨੀਤੀ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਸੰਘਰਸ਼ ਖ਼ਿਲਾਫ਼ ਪਹਿਲਾਂ ਵੀ ਕਈ ਕਦਮ ਚੁੱਕੇ ਜਾ ਚੁੱਕੇ ਹਨ।

ਜਾਣਕਾਰੀ ਅਨੁਸਾਰ 27 ਅਗਸਤ ਨੂੰ ਸਮੂਹਿਕ ਛੁੱਟੀ ਕਰਨ ਵਾਲੇ ਮੁਲਾਜ਼ਮਾਂ ਨੂੰ ਪਹਿਲੇ ਪੜਾਅ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਸਾਂਝੀ ਤਾਲਮੇਲ ਕਮੇਟੀ ਦੇ ਸੀਨੀਅਰ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕੀਤਾ ਗਿਆ। ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦਾ ਡੀਏ 60 ਫ਼ੀਸਦੀ ਕਰਨ ਦਾ ਫ਼ੈਸਲਾ ਵੀ ਲਿਆ।

ਇਸੇ ਕੜੀ ਵਿੱਚ ਲੰਘੇ ਕੱਲ੍ਹ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਫ਼ੌਜੀ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਹੜਤਾਲ ਕਾਰਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਸਰਕਾਰ ਵੱਲੋਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਰੱਖਣ ਦੇ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਦੇਰ ਸ਼ਾਮ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਦੀ ਨੀਤੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਸਰਕਾਰ ਅਤੇ ਹੜਤਾਲੀ ਮੁਲਾਜ਼ਮਾਂ ਵਿਚਾਲੇ ਟਕਰਾਅ ਹੋਰ ਵਧਣ ਦੇ ਆਸਾਰ ਹਨ।