ਬਿਕਰਮ ਮਜੀਠੀਆ ਨੂੰ CM ਮਾਨ ਦੇ OSD ਰਾਜਬੀਰ ਘੁੰਮਣ ਵੱਲੋਂ ਕਾਨੂੰਨੀ ਨੋਟਿਸ, 24 ਘੰਟਿਆਂ ’ਚ ਪੋਸਟ ਹਟਾਉਣ ਦੀ ਮੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (OSD) ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਇੱਕ ਪੋਸਟ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।
ਨੋਟਿਸ ਰਾਹੀਂ ਰਾਜਬੀਰ ਸਿੰਘ ਘੁੰਮਣ ਨੇ ਮਜੀਠੀਆ ਨੂੰ ਸਬੰਧਤ ਸੋਸ਼ਲ ਮੀਡੀਆ ਪੋਸਟ 24 ਘੰਟਿਆਂ ਦੇ ਅੰਦਰ ਹਟਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਭਵਿੱਖ ਵਿੱਚ ਬਿਨਾਂ ਤੱਥਾਂ ਦੇ ਅਜਿਹੇ ਦੋਸ਼ ਨਾ ਲਗਾਉਣ ਸਬੰਧੀ ਲਿਖਤੀ ਭਰੋਸਾ ਦੇਣ ਦੀ ਮੰਗ ਵੀ ਕੀਤੀ ਹੈ।
ਰਾਜਬੀਰ ਸਿੰਘ ਘੁੰਮਣ ਵੱਲੋਂ ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਅਪਰਾਧਿਕ ਕਾਰਵਾਈ ਕਰਨ ਦੇ ਨਾਲ-ਨਾਲ ਮਾਣਹਾਨੀ ਦੇ ਆਧਾਰ ’ਤੇ ਭਾਰੀ ਮੁਆਵਜ਼ੇ ਦੀ ਮੰਗ ਕਰਦਿਆਂ ਅਦਾਲਤ ਵਿੱਚ ਮੁਕੱਦਮਾ ਵੀ ਦਾਇਰ ਕੀਤਾ ਜਾਵੇਗਾ।







