Punjab News: ਕਿਸਾਨਾਂ ਦੀਆਂ ਮੰਗਾਂ ’ਤੇ ਸਰਕਾਰ ਨੂੰ ਅਲਟੀਮੇਟਮ, 17 ਸਤੰਬਰ ਨੂੰ ਰੇਲ ਰੋਕੋ ਅੰਦੋਲਨ

Punjab Farmers Protest: ਮੰਗਾਂ ਦਾ ਹੱਲ ਨਾ ਹੋਇਆ ਤਾਂ 17 ਸਤੰਬਰ ਨੂੰ ਪੰਜ ਥਾਵਾਂ ’ਤੇ ਰੇਲ ਰੋਕੋ ਅੰਦੋਲਨ

ਅੰਮ੍ਰਿਤਸਰ: ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਮੁਤਾਬਕ ਸਰਕਾਰ ਵੱਲੋਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦੀ ਸੂਰਤ ਵਿੱਚ 17 ਸਤੰਬਰ ਨੂੰ ਦੁਪਹਿਰ 12 ਵਜੇ ਤੋਂ ਪੰਜਾਬ ਦੀਆਂ ਪੰਜ ਥਾਵਾਂ ’ਤੇ ਰੇਲ ਆਵਾਜਾਈ ਰੋਕੀ ਜਾਵੇਗੀ। ਇਸ ਤੋਂ ਪਹਿਲਾਂ ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਮੰਗਾਂ ’ਤੇ ਵਿਚਾਰ ਕਰਕੇ ਹੱਲ ਕੱਢਣ ਦਾ ਸਮਾਂ ਦਿੱਤਾ ਗਿਆ ਹੈ।

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਮੀਟਿੰਗ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮੁੱਖ ਦਫ਼ਤਰ ਚੱਬਾ ਵਿਖੇ ਹੋਈ। ਮੀਟਿੰਗ ਉਪਰੰਤ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਸਰਵਣ ਸਿੰਘ ਪੰਧੇਰ, ਬਲਦੇਵ ਸਿੰਘ ਜੀਰਾ, ਬਲਵੰਤ ਸਿੰਘ ਬਹਿਰਾਮਕੇ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਰਾਏ, ਅਮਰਜੀਤ ਸਿੰਘ ਮੋੜੀ, ਗੁਰਅਮਨੀਤ ਸਿੰਘ ਮਾਂਗਟ ਅਤੇ ਓਂਕਾਰ ਸਿੰਘ ਪੁਰਾਣਾ ਭੰਗਾਲਾ ਨੇ ਅਗਲੇ ਸੰਘਰਸ਼ ਦੀ ਜਾਣਕਾਰੀ ਦਿੱਤੀ।

ਆਗੂਆਂ ਨੇ ਦਾਅਵਾ ਕੀਤਾ ਕਿ ਮੋਰਚੇ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਦੇ ਨੌਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ, ਪਰ ਉਨ੍ਹਾਂ ਅਨੁਸਾਰ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ’ਤੇ ਗੱਲਬਾਤ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮੁੱਖ ਮੰਤਰੀ ਨੂੰ ਪੱਤਰ ਅਤੇ ਮੰਗ ਪੱਤਰ ਭੇਜ ਕੇ ਸਰਕਾਰ ਨਾਲ ਬੈਠਕ ਕਰਨ ਦੀ ਮੰਗ ਕੀਤੀ ਗਈ ਸੀ, ਪਰ ਇਸ ਸਬੰਧੀ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ 17 ਸਤੰਬਰ ਦੁਪਹਿਰ 12 ਵਜੇ ਤੱਕ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਪਹਿਲ ਨਾ ਕੀਤੀ ਗਈ ਤਾਂ ਰੇਲ ਰੋਕੋ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਰੇਲ ਰੋਕੋ ਅੰਦੋਲਨ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਸੰਗਰੂਰ-ਸੁਨਾਮ, ਗੁਰਦਾਸਪੁਰ, ਮੋਗਾ ਅਤੇ ਫਿਰੋਜ਼ਪੁਰ ਵਿੱਚ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਜੇਕਰ ਇਸ ਕਾਰਵਾਈ ਤੋਂ ਬਾਅਦ ਵੀ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਗੱਲਬਾਤ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਥਾਵਾਂ ’ਤੇ ਵੀ ਰੇਲ ਆਵਾਜਾਈ ਰੋਕਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ।

ਮੋਰਚੇ ਵੱਲੋਂ 18 ਸਤੰਬਰ ਨੂੰ ਅਗਲੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਸਰਕਾਰ ਦੇ ਰਵੱਈਏ ਅਤੇ 17 ਸਤੰਬਰ ਦੇ ਪ੍ਰੋਗਰਾਮ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕਰਨ ਦੀ ਗੱਲ ਕਹੀ ਗਈ ਹੈ।

ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਚੱਲ ਰਹੇ ਮੋਰਚਿਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਮਹਿਲਾਵਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਹੋਈ। ਸ਼ਾਮ ਵੇਲੇ ਕਈ ਥਾਵਾਂ ’ਤੇ ਰੋਸ ਮਾਰਚ ਵੀ ਕੱਢੇ ਗਏ।

ਅੰਮ੍ਰਿਤਸਰ ਵਿੱਚ ਮੰਤਰੀ ਹਰਭਜਨ ਸਿੰਘ ਈਟੀਓ ਦੇ ਨਿਊ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਲੱਗਾ ਮੋਰਚਾ ਹੁਣ ਦੇਵੀਦਾਸਪੁਰਾ ਰੇਲਵੇ ਟਰੈਕ ਦੇ ਨੇੜੇ ਤਬਦੀਲ ਕਰ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਟਕਰਾਅ ਦੀ ਥਾਂ ਜਥੇਬੰਦੀ ਨਾਲ ਗੱਲਬਾਤ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ।