Punjab Police ਦੀ ਵੱਡੀ ਕਾਰਵਾਈ! ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਗੈਂਗਸਟਰ ਨੈੱਟਵਰਕ ਨਾਲ ਜੁੜੇ 2 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
Punjab Police News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਨਵਾਂਸ਼ਹਿਰ ਵਿੱਚ ਕਾਰਵਾਈ ਕਰਦਿਆਂ ਗੈਂਗਸਟਰ ਨੈੱਟਵਰਕ ਨਾਲ ਸਬੰਧਤ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ .30 ਬੋਰ ਦੇ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਇਸ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਐੱਸਬੀਐੱਸ ਨਗਰ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਗੈਂਗਸਟਰ ਗਰੋਹ ਨਾਲ ਜੁੜੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਮਿਲੀ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਅਨੁਸਾਰ ਇਨ੍ਹਾਂ ਨੂੰ ਐੱਸਬੀਐੱਸ ਨਗਰ ਵਿੱਚ ਅਦਾਲਤੀ ਪੇਸ਼ੀ ਦੌਰਾਨ ਵਿਰੋਧੀ ਗਰੋਹ ਦੇ ਇੱਕ ਮੈਂਬਰ ਦਾ ਕਤਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਟਾਰਗੈੱਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਇਸ ਮਾਮਲੇ ਵਿੱਚ ਇੱਕ ਹੋਰ ਅਹਿਮ ਖੁਲਾਸਾ ਵੀ ਸਾਹਮਣੇ ਆਇਆ ਹੈ। ਡੀਜੀਪੀ ਮੁਤਾਬਕ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ 3 ਅਕਤੂਬਰ 2026 ਨੂੰ ਲੁਧਿਆਣਾ ਵਿੱਚ ਹੋਏ ਇੱਕ ਸਰਪੰਚ ਦੇ ਕਤਲ ਵਿੱਚ ਆਪਣੀ ਸ਼ਮੂਲੀਅਤ ਹੋਣ ਦੀ ਗੱਲ ਵੀ ਕਬੂਲ ਕੀਤੀ ਹੈ। ਇਸ ਤੋਂ ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਨਾਲ ਸੁਪਾਰੀ ਦੇ ਕੇ ਕਰਵਾਏ ਜਾਣ ਵਾਲੇ ਕਤਲਾਂ ਦੇ ਮਾਮਲਿਆਂ ਵਿੱਚ ਵੀ ਸਬੰਧ ਹੋ ਸਕਦੇ ਹਨ।
ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਗੈਂਗਸਟਰਾਂ ਨਾਲ ਸਬੰਧਾਂ, ਵਿਦੇਸ਼ੀ ਹੈਂਡਲਰਾਂ ਦੀ ਭੂਮਿਕਾ ਅਤੇ ਅਪਰਾਧਿਕ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਹੋਰ ਕਿਹੜੀਆਂ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ ਅਤੇ ਉਨ੍ਹਾਂ ਨੂੰ ਹਥਿਆਰ ਕਿੱਥੋਂ ਮੁਹੱਈਆ ਕਰਵਾਏ ਗਏ ਸਨ।







